ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਲਈ ਮੁੱਖ ਮੰਤਰੀ ਜ਼ਿੰਮੇਵਾਰ: ਮਜੀਠੀਆ
ਆਤਿਸ਼ ਗੁਪਤਾ
ਚੰਡੀਗੜ੍ਹ, 22 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਇੱਥੇ ਪਾਰਟੀ ਦੇ ਮੁੱਖ ਦਫ਼ਤਰ ’ਚ ਹੋਈ। ਮੀਟਿੰਗ ’ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਛੇਤੀ ਹੀ ਪੰਜਾਬ ਦੇ ਵੱਖ-ਵੱਖ ਮੁੱਦਿਆਂ ਦੇ ਸਬੰਧ ’ਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪੇਗਾ।
ਇਸ ਦੌਰਾਨ ਬਿਕਰਮ ਮਜੀਠੀਆ ਨੇ ਪੰਜਾਬ ’ਚ ਝੋਨੇ ਦੀ ਖਰੀਦ ਨਾ ਹੋਣ ’ਤੇ ਕਿਸਾਨਾਂ ਦੀ ਖੱਜਲ-ਖੁਆਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ’ਚ ਕਿਸਾਨਾਂ ਦੀ ਦੁਰਦਸ਼ਾ ਲਈ ਮੁੱਖ ਮੰਤਰੀ ਤੇ ਖੁਰਾਕ ਮੰਤਰੀ ਵਿਰੁੱਧ ਪੁਲੀਸ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਡੀਏਪੀ ਦੀ ਘਾਟ ਵਰਗੇ ਮਾਮਲਿਆਂ ਦਾ ਸਮੇਂ ਸਿਰ ਹੱਲ ਕੀਤਾ ਜਾਵੇ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਲੜਨ ਬਾਰੇ ਪਾਰਟੀ ਦਾ ਪਾਰਲੀਮਾਨੀ ਬੋਰਡ ਛੇਤੀ ਹੀ ਸਥਿਤੀ ਸਪਸ਼ਟ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਮਦਦ ਦਾ ਭਰੋਸਾ ਦਿੱਤਾ ਹੈ ਜਿਸ ਦੇ ਬਦਲੇ ਜ਼ਿਮਨੀ ਚੋਣਾਂ ਵਿਚ ਸੁਧਾਰ ਲਹਿਰ ਦੀ ਮਦਦ ਮੰਗੀ ਹੈ।
ਮੀਟਿੰਗ ਵਿਚ ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਇਕਬਾਲ ਸਿੰਘ ਝੂੰਦਾ, ਗੁਰਬਚਨ ਸਿੰਘ ਬੱਬੇਹਾਲੀ, ਲਖੀਬੀਰ ਸਿੰਘ ਲੋਧੀਨੰਗਲ, ਐੱਨਕੇ ਸ਼ਰਮਾ ਤੇ ਮਨਤਾਰ ਸਿੰਘ ਬਰਾੜ ਆਦਿ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ‘ਆਪ’ ਤੇ ਭਾਜਪਾ ’ਤੇ ਬੀਬੀ ਜਗੀਰ ਕੌਰ ਦੀ ਹਮਾਇਤ ਦੇ ਦੋਸ਼
ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ‘ਆਪ’ ਤੇ ਭਾਜਪਾ ਵੱਲੋਂ ਬੀਬੀ ਜਗੀਰ ਕੌਰ ਦੀ ਹਿਮਾਇਤ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਭਾਜਪਾ ਤੇ ‘ਆਪ’ ਦੇ ਅਹੁਦੇਦਾਰ ਤੇ ਪੰਜਾਬ ਸਰਕਾਰ ਦੇ ਅਧਿਕਾਰੀ ਸ਼੍ਰੋਮਣੀ ਕਮੇਟੀ ਮੈਂਬਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਬੀਬੀ ਜਗੀਰ ਕੌਰ ਦੇ ਹੱਕ ’ਚ ਵੋਟਾਂ ਪਾਉਣ ਦੀ ਅਪੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਤੇ ਭਾਜਪਾ ਆਗੂ ਅੰਦਰਖਾਤੇ ਮਿਲੇ ਹੋਏ ਹਨ।