For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਨੇ ਕਾਂਗਰਸ ਨੂੰ ਵੋਟ ਪਾਉਣ ਵਾਲੇ ਦਸ ਹਜ਼ਾਰ ਪੁਲੀਸ ਮੁਲਾਜ਼ਮਾਂ ਦਾ ਤਬਾਦਲਾ ਕੀਤਾ: ਵੜਿੰਗ

08:48 AM Jun 24, 2024 IST
ਮੁੱਖ ਮੰਤਰੀ ਨੇ ਕਾਂਗਰਸ ਨੂੰ ਵੋਟ ਪਾਉਣ ਵਾਲੇ ਦਸ ਹਜ਼ਾਰ ਪੁਲੀਸ ਮੁਲਾਜ਼ਮਾਂ ਦਾ ਤਬਾਦਲਾ ਕੀਤਾ  ਵੜਿੰਗ
Advertisement

ਜੁਪਿੰਦਰਜੀਤ ਸਿੰਘ/ ਰਾਜਮੀਤ ਸਿੰਘ
ਚੰਡੀਗੜ੍ਹ, 23 ਜੂਨ
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸੂਬੇ ਭਰ ਵਿੱਚ 10,000 ਪੁਲੀਸ ਮੁਲਾਜ਼ਮਾਂ ਦੀਆਂ ਬਦਲੀਆਂ ਇਸ ਕਾਰਨ ਕੀਤੀਆਂ ਕਿਉਂਕਿ ਉਨ੍ਹਾਂ ਨੇ ਕਾਂਗਰਸ ਨੂੰ ਵੋਟ ਪਾਈ ਸੀ। ਉਨ੍ਹਾਂ ਟ੍ਰਿਬਿਊਨ ਪ੍ਰਕਾਸ਼ਨ ਸਮੂਹ ਨੂੰ ਦਿੱਤੀ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਮਾੜੇ ਪ੍ਰਦਰਸ਼ਨ ਦੇ ਮੱਦੇਨਜ਼ਰ ਆਪਣੀ ਨਿਰਾਸ਼ਾ ਨੂੰ ਜ਼ਾਹਿਰ ਕਰਨ ਲਈ ਪੁਲੀਸ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਸੂਬੇ ਵਿੱਚ 13 ਵਿੱਚੋਂ ਸਿਰਫ ਤਿੰਨ ਸੀਟਾਂ ’ਤੇ ਜਿੱਤ ਪ੍ਰਾਪਤ ਕੀਤੀ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ, ਉਨ੍ਹਾਂ ਨੂੰ ਇਹ ਨਹੀਂ ਕਹਿਣਾ ਚਾਹੀਦਾ ਕਿ ਉਸ ਦੀ ਪੁਲੀਸ ਨਸ਼ਿਆਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਢਾਈ ਸਾਲਾਂ ਵਿੱਚ ਤੁਸੀਂ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਦਾ ਪਤਾ ਨਹੀਂ ਲਗਾ ਸਕੇ। ਕਿਸੇ ਸਮੇਂ ਆਪਣੇ ਗੁੱਸੇ ਲਈ ਜਾਣੇ ਜਾਂਦੇ ਵੜਿੰਗ ਨੇ ਕਿਹਾ ਕਿ ਸਿਆਸੀ ਜੀਵਨ ਵਿੱਚ ਗੁੱਸੇ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ, ‘‘ਮੇਰੇ ਖ਼ਿਲਾਫ਼ ਕੁਝ ਥਾਵਾਂ ’ਤੇ ਹਾਲ ਹੀ ਵਿੱਚ ਹੋਈ ਆਲੋਚਨਾ ਦੇ ਬਾਵਜੂਦ ਮੈਂ ਹਰ ਆਗੂ ਨੂੰ ਮਿਲਣ ਜਾਵਾਂਗਾ ਅਤੇ ਉਨ੍ਹਾਂ ਨਾਲ ਗੱਲ ਕਰਾਂਗਾ।’’ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਨੂੰ ਹਰਾਉਣ ਵਾਲੇ ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਨਹੀਂ ਹਨ ਕਿਉਂਕਿ ਪਾਰਟੀ ਵਿੱਚ ਅਜਿਹੇ 6-7 ਹੋਰ ਸਮਰੱਥ ਆਗੂ ਹਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪਾਰਟੀ ਦੇ ਨਿਯਮਾਂ ਅਤੇ ਪਾਰਟੀ ਦੇ ਫੈਸਲਿਆਂ ਦਾ ਪਾਲਣ ਕਰਨਾ ਚਾਹੀਦਾ ਹੈ। ਵੜਿੰਗ ਨੇ ਉਨ੍ਹਾਂ ਵਿਰੋਧੀਆਂ ’ਤੇ ਨਿਸ਼ਾਨਾ ਸੇਧਿਆ ਜੋ ਉਨ੍ਹਾਂ ਨੂੰ ਪੰਜਾਬ ਵਿੱਚ ਕਾਂਗਰਸ ਦੀ ਜ਼ਿੰਮੇਵਾਰੀ ਕਿਸੇ ਹੋਰ ਨੂੰ ਸੰਭਾਲਣ ਦੀ ਇਜਾਜ਼ਤ ਦੇਣ ਲਈ ਕਹਿ ਰਹੇ ਹਨ। ਉਨ੍ਹਾਂ ਆਖਿਆ ਕਿ ਇਸ ਦਾ ਫੈਸਲਾ ਪਾਰਟੀ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਅਤੇ ਰਾਹੁਲ ਗਾਂਧੀ ਦਾ ਵਫ਼ਾਦਾਰ ਹੈ।
ਉਨ੍ਹਾਂ ਆਖਿਆ ਜੇ ਉਨ੍ਹਾਂ ਨੂੰ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ ਗਿਆ ਤਾਂ ਉਹ ਨਾਂਹ ਨਹੀਂ ਕਰੇਗਾ। 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਸੀਨੀਅਰ ਆਗੂਆਂ ਨੂੰ ਇੱਕਜੁਟ ਰੱਖਣ ਦੀ ਚੁਣੌਤੀ ਮੰਨਦਿਆਂ ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਉਹ 2022 ਦੀਆਂ ਚੋਣਾਂ ਵਿੱਚ ਹੋਈਆਂ ਗਲਤੀਆਂ ਤੋਂ ਸਬਕ ਲੈ ਕੇ ਪਾਰਟੀ ਨੂੰ ਇੱਕਜੁਟ ਕਰਨਗੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਮੁਸ਼ਕਲ ਹੈ ਕਿ ਕੋਈ ਵੀ ਪਾਰਟੀ ਵਿਰੁੱਧ ਨਾ ਬੋਲੇ ਜਾਂ ਕੋਈ ਕਿਸੇ ਵੀ ਪਲੈਟਫਾਰਮ ’ਤੇ ਅਜਿਹਾ ਕੋਈ ਮੁੱਦਾ ਨਾ ਚੁੱਕੇ ਜਿਸ ਨਾਲ ਪਾਰਟੀ ਨੂੰ ਸ਼ਰਮਸਾਰ ਹੋਣਾ ਪਵੇ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਹੈ ਜੋ ਆਗੂਆਂ ਨੂੰ ਆਪਣੇ ਦਿਲ ਦੀ ਗੱਲ ਕਹਿਣ ਦੀ ਆਗਿਆ ਦਿੰਦਾ ਹੈ। ਪਰ ਪਾਰਟੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

Advertisement

ਮੇਰੀ ਪਤਨੀ ਮੇਰੇ ਨਾਲੋਂ ਜ਼ਿਆਦਾ ਕਾਬਲ: ਵੜਿੰਗ

ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸਰਵੇਖਣ ਰਿਪੋਰਟਾਂ ਅਤੇ ਲੋਕ ਕਹਿ ਰਹੇ ਹਨ ਕਿ ਮੇਰੀ ਪਤਨੀ ਬਠਿੰਡਾ ਤੋਂ ਮੇਰੇ ਨਾਲੋਂ ਵੱਧ ਕਾਬਲ ਉਮੀਦਵਾਰ ਸੀ। ਉਨ੍ਹਾਂ ਕਿਹਾ ਕਿ ਉਹ ਆਪਣੀ ਪਤਨੀ ਨੂੰ ਪਰਿਵਾਰਵਾਦ ਦੀ ਰਾਜਨੀਤੀ ਦੇ ਹਿੱਸੇ ਵਜੋਂ ਅੱਗੇ ਨਹੀਂ ਵਧਾਉਣਾ ਚਾਹੁੰਦੇ ਪਰ ਉਨ੍ਹਾਂ ਦੀ ਪਤਨੀ ਹੋਣਾ ਉਸ ਲਈ ਨੁਕਸਾਨਦੇਹ ਨਹੀਂ ਬਣਨਾ ਚਾਹੀਦਾ। ਉਨ੍ਹਾਂ ਕਹਿਾ, ‘‘ਜੇ ਉਹ ਸਮਰੱਥ ਹੈ, ਤਾਂ ਉਸ ਦਾ ਹੱਕ ਹੈ, ਪਰ ਉਮੀਦਵਾਰੀ ਬਾਰੇ ਫੈਸਲਾ ਪਾਰਟੀ ਨੇ ਕਰਨਾ ਹੈ।’’

Advertisement

Advertisement
Author Image

sukhwinder singh

View all posts

Advertisement