ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ ਵਿੱਚ ਖੁੱਲ੍ਹੇਗਾ ਮੁੱਖ ਮੰਤਰੀ ਦਾ ਦਫ਼ਤਰ: ਬੁੱਧਰਾਮ

07:09 AM Jun 19, 2024 IST
ਵਿਧਾਇਕ ਬੁੱਧਰਾਮ

ਜੋਗਿੰਦਰ ਸਿੰਘ ਮਾਨ
ਮਾਨਸਾ, 18 ਜੂਨ
ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਹਲਕੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦਾ ਦਫ਼ਤਰ ਖੋਲ੍ਹੇਗੀ ਜਿਸ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਸਿੱਧੀਆਂ ਮੁੱਖ ਮੰਤਰੀ ਤੱਕ ਪਹੁੰਚਾ ਕੇ ਇਸ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਦਫ਼ਤਰ ਹੀ ਮਾਨਸਾ ਵਿੱਚ ਖੋਲ੍ਹਿਆ ਜਾ ਰਿਹਾ ਹੈ ਜਿਸ ਵਿੱਚ ਲੋਕ ਆਪਣੇ ਮਸਲਿਆਂ ਦਾ ਹੱਲ ਕਰਵਾਉਣ ਲਈ ਦਰਖਾਸਤਾਂ ਦੇ ਸਕਦੇ ਹਨ।
ਲੋਕ ਸਭਾ ਚੋਣਾਂ ਦੌਰਾਨ ਆਪ ਨੂੰ ਆਸ ਨਾਲੋਂ ਘੱਟ ਮਿਲੀਆਂ ਵੋਟਾਂ ਤੋਂ ਬਾਅਦ ਸੱਤਾਧਾਰੀ ਧਿਰ ਵੱਲੋਂ ਲੋਕਾਂ ਵਿੱਚ ਆਪਣਾ ਪੱਖ ਕਾਇਮ ਰੱਖਣ ਲਈ ਅਜਿਹਾ ਉਪਰਾਲਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗਈ ਇੱਕ ਮੀਟਿੰਗ ਦੌਰਾਨ ਕੱਲ੍ਹ ਹੀ ਲਿਆ ਗਿਆ ਹੈ।
ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਤੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦਾ ਦਫ਼ਤਰ ਖੋਲ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਫ਼ਤਰ ਵਿੱਚ ਕੋਈ ਵੀ ਵਿਅਕਤੀ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ, ਆਪਣੀ ਮੰਗ, ਲੋੜ ਦੀ ਦਰਖਾਸਤ ਦੇ ਸਕਦਾ ਹੈ ਅਤੇ ਉਸ ਨੂੰ ਤੁਰੰਤ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਚੰਡੀਗੜ੍ਹ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉੱਥੋਂ ਫੌਰੀ ਸਬੰਧਤ ਜ਼ਿਲ੍ਹਾ ਅਫਸਰਾਂ ਨੂੰ ਹਦਾਇਤਾਂ ਕਰਕੇ ਉਸਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਕੀਤੀ ਗਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਸਰਕਾਰੀ ਦਫ਼ਤਰਾਂ ਵਿੱਚੋਂ ਨਿਰਾਸ਼ ਹੋ ਕੇ ਮੁੜਨ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ ਲਈ ਉਹ ਜ਼ਿੰਮੇਵਾਰ ਹੋਣਗੇ। ਇਸ ਲਈ ਡਿਪਟੀ ਕਮਿਸ਼ਨਰ ਸਰਕਾਰੀ ਦਫਤਰਾਂ ਵਿੱਚ ਲੋਕਾਂ ਦਾ ਕੰਮ-ਕਾਜ ਪਹਿਲ ਦੇ ਆਧਾਰ ’ਤੇ ਕਰਵਾਉਣ, ਲੋਕਾਂ ਦੀ ਖੱਜਲ-ਖੁਆਰੀ ਅਤੇ ਲੇਟ ਲਤੀਫ਼ੀ ਨਾ ਹੋਵੇ। ਵਿਧਾਇਕਾਂ ਨੇ ਕਿਹਾ ਕਿ ਆਉਂਦੇ ਕੁਝ ਦਿਨਾਂ ਵਿੱਚ ਮਾਨਸਾ ਵਿਖੇ ਦਫ਼ਤਰ ਖੋਲ੍ਹ ਕੇ ਲੋਕਾਂ ਅਤੇ ਸਰਕਾਰ ਦਾ ਸਿੱਧਾ ਰਾਬਤਾ ਕਾਇਮ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਕਿਸੇ ਸਰਕਾਰੀ ਦਫਤਰ ਵਿੱਚ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੰਮ-ਕਾਰ ਆਦਿ ਕਰਵਾਉਣ ਲਈ ਕਿਸੇ ਨੂੰ ਕੋਈ ਪੈਸਾ ਜਾ ਰਿਸ਼ਵਤ ਨਾ ਦੇਣ ਅਤੇ ਜੇਕਰ ਕੋਈ ਅਜਿਹੀ ਡਿਮਾਂਡ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਦਿੱਤੀ ਜਾਵੇ।

Advertisement

Advertisement