ਚੰਨੀ ਦੀ ਹਮਾਇਤ ਨੂੰ ਲੈ ਕੇ ਚੌਧਰੀ ਪਰਿਵਾਰ ਦੋਫਾੜ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 22 ਅਪਰੈਲ
ਇੱਥੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕਰ ਰਿਹਾ ਚੌਧਰੀ ਪਰਿਵਾਰ ਦੋਫਾੜ ਹੋ ਗਿਆ ਹੈ। ਚੰਨੀ ਨੂੰ ਟਿਕਟ ਮਿਲਣ ਤੋਂ ਪਹਿਲਾਂ ਹੀ ਫਿਲੌਰ ਤੋਂ ਕਾਂਗਰਸ ਦੇ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਨੇ ਉਨ੍ਹਾਂ ਦਾ ਕਾਫ਼ੀ ਵਿਰੋਧ ਕੀਤਾ ਸੀ। ਮਗਰੋਂ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਕਾਰਨ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਈ ਸੀ ਪਰ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਤੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਚੰਨੀ ਦੇ ਹੱਕ ਵਿੱਚ ਚੋਣ ਮੀਟਿੰਗਾਂ ਕਰਵਾ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪਰਿਵਾਰ ਨਾਲ ਭਾਜਪਾ ਦੀ ਹਮਾਇਤ ਨਹੀਂ ਕਰਨਗੇ। ਚੌਧਰੀ ਸੁਰਿੰਦਰ ਸਿੰਘ ਨੇ ਆਪਣੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿੱਚ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਚੋਣ ਮੀਟਿੰਗ ਚੌਧਰੀ ਸੰਤੋਖ ਸਿੰਘ ਦੀ ਸਮਾਧ ’ਤੇ ਕਰਵਾਈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਰਹੂਮ ਚੌਧਰੀ ਜਗਜੀਤ ਸਿੰਘ ਤੇ ਚੌਧਰੀ ਸੰਤੋਖ ਸਿੰਘ ਦੀਆਂ ਸਮਾਧਾਂ ’ਤੇ ਮੱਥਾ ਟੇਕਿਆ। ਇਸ ਮੌਕੇ ਚੌਧਰੀ ਸੁਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਹ ਕਾਂਗਰਸ ਦੇ ਸੱਚੇ ਸਿਪਾਹੀ ਵਾਂਗ ਚੰਨੀ ਦਾ ਸਾਥ ਦੇਣਗੇ।