ਚੱਕ ਬਾਹਮਣੀਆਂ ਦਾ ਟੌਲ ਪਰਚੀ ਮੁਕਤ
ਪੱਤਰ ਪ੍ਰੇਰਕ
ਸ਼ਾਹਕੋਟ, 29 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਵੱਲੋਂ ਚੱਕ ਬਾਹਮਣੀਆਂ ਦੇ ਟੌਲ ਉੱਪਰ ਲਗਾਇਆ ਗਿਆ ਧਰਨਾ 13ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਧਰਨੇ ਦੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਨੇ ਟੌਲ ਨੂੰ ਪਰਚੀ ਮੁਕਤ ਕੀਤਾ ਹੋਇਆ ਹੈ ਜੋ ਅੱਜ ਤੱਕ ਜਾਰੀ ਹੈ।
ਧਰਨੇ ਨੂੰ ਸੰਬੋਧਨ ਕਰਦਿਆ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਅਤੇ ਜਨਰਲ ਸਕੱਤਰ ਗੁਰਚਰਨ ਸਿੰਘ ਚਾਹਲ ਨੇ ਕਿਹਾ ਕਿ ਕੇਂਦਰੀ ਖੁਰਾਕ ਮੰਤਰਾਲੇ ਦੀ ਪੰਜਾਬ ਦੇ ਚੌਲਾਂ ਦੇ ਨਮੂਨੇ ਫੇਲ੍ਹ ਵਾਲੀ ਰਿਪੋਰਟ ਮੋਦੀ ਸਰਕਾਰ ਵੱਲੋਂ ਝੋਨੇ ਦੀ ਖਰੀਦ ਤੋਂ ਭੱਜਣ ਦੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਝੋਨੇ ਦੀ ਖਰੀਦ ਕਰਨ ਵਿੱਚ ਅਸਫਲ ਰਹੀਆਂ ਹਨ। ਦੋਵੇਂ ਸਰਕਾਰਾਂ ਇਕ ਦੂਜੇ ਖ਼ਿਲਾਫ਼ ਦੂਸ਼ਣਬਾਜ਼ੀ ਕਰਕੇ ਸਮਾਂ ਲੰਘਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੇ ਅਵੇਸਲੇਪਣ ਕਰਕੇ ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਦੋਵੇਂ ਸਰਕਾਰਾਂ ਨੂੰ ਸਿਆਸਤ ਛੱਡ ਕੇ ਕਿਸਾਨਾਂ ਦੇ ਅਸਲ ਮੁੱਦਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਮਸਲਿਆਂ ਦੇ ਹੱਲ ਨਾ ਹੋਣ ਤੱਕ ਮੋਰਚਾ ਜਾਰੀ ਰਹੇਗਾ।
ਇਸ ਮੌਕੇ ਮਨਪ੍ਰੀਤ ਸਿੰਘ, ਜਸਪਾਲ ਸਿੰਘ, ਸੰਤੋਖ ਸਿੰਘ, ਕਰਨੈਲ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਜੀਵਨ ਸਿੰਘ ਅਤੇ ਅਮਰਜੀਤ ਸਿੰਘ ਹਾਜ਼ਰ ਸਨ।