ਨਗਰ ਕੌਂਸਲ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਪੱਤਰ ਪ੍ਰੇਰਕ
ਨਵਾਂਸ਼ਹਿਰ, 17 ਜੂਨ
ਨਗਰ ਕੌਂਸਲ ਨਵਾਂਸ਼ਹਿਰ ਤੇ ਬੰਗਾ ਦੇ ਮੁਲਾਜ਼ਮਾਂ ਨੇ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਦੇ ਸਹਿਯੋਗ ਨਾਲ ਆਪਣੀਆਂ ਮੰਗਾਂ ਸਬੰਧੀ ਨਵਾਂਸ਼ਹਿਰ ਵਿੱਚ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਮੁਜ਼ਾਹਰੇ ਵਿਚ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਾਮਲ ਸਨ। ਯੂਨੀਅਨ ਦੇ ਪ੍ਰਧਾਨ ਸੂਰਜ ਖੋਸਲਾ, ਅਸ਼ਵਨੀ ਕੁਮਾਰ ਬੱਗੂ ਜ਼ਿਲ੍ਹਾ ਪ੍ਰਧਾਨ, ਸੋਨੂੰ ਬਗਾਣੀਆਂ ਚੇਅਰਮੈਨ, ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ ਤੇ ਹੋਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਗਰ ਕੌਂਸਲ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਥਾਂ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਠੇਕਾ ਪ੍ਰਣਾਲੀ ਖਤਮ ਕਰਕੇ ਸਫ਼ਾਈ ਸੇਵਕ, ਸੀਵਰਮੈਨ, ਮਾਲੀ, ਬੇਲਦਾਰ, ਇਲੈਕਟ੍ਰੀਸ਼ਨ, ਪੰਪ ਅਪਰੇਟਰ, ਕੰਪਿਊਟਰ ਅਪਰੇਟਰ, ਕਲਰਕ, ਡਰਾਈਵਰ, ਫਾਇਰ ਬ੍ਰਿਗੇਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਪਹਿਲੀ ਪੈਨਸ਼ਨ ਨੀਤੀ ਬਹਾਲ ਕਰਨ, ਪਾਣੀ ਅਤੇ ਸੀਵਰੇਜ ਬਿੱਲਾਂ ਤੋਂ ਛੋਟ ਦੇਣ ਅਤੇ ਹੋਰ ਮੰਗਾਂ ਸਬੰਧੀ ਸੰਘਰਸ਼ ਕੀਤਾ ਜਾ ਰਿਹਾ।