ਸਿਵਲ ਸਰਜਨ ਵੱਲੋਂ ਡੇਰਾਬੱਸੀ ਹਸਪਤਾਲ ਦਾ ਦੌਰਾ
ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 14 ਜਨਵਰੀ
ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਡੇਰਾਬੱਸੀ ਸਿਵਲ ਹਸਪਤਾਲ ਦਾ ਦੌਰਾ ਕੀਤਾ। ਐੱਸਐੱਮਓ ਡਾ. ਧਰਮਿੰਦਰ ਸਿੰਘ ਦੀ ਅਗਵਾਈ ਹੇਠ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ਼ ਨੇ ਉਨ੍ਹਾਂ ਦਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਡਾ. ਜੈਨ ਲੰਬਾ ਸਮਾਂ ਡੇਰਾਬੱਸੀ ਸਿਵਲ ਹਸਪਤਾਲ ਵਿੱਚ ਬਤੌਰ ਐੱਸਐੱਮਓ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ਸਿਵਲ ਸਰਜਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ। ਉਨ੍ਹਾਂ ਸਟਾਫ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣਾ ਕੰਮ ਇਮਾਨਦਾਰੀ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਜਦੋਂ ਕੋਈ ਮਰੀਜ਼ ਸਰਕਾਰੀ ਹਸਪਤਾਲ ਆਉਂਦਾ ਹੈ ਤਾਂ ਸਟਾਫ਼ ਦਾ ਫਰਜ਼ ਹੈ ਕਿ ਉਸ ਨੂੰ ਚੰਗਾ ਇਲਾਜ ਦੇਣ ਦੇ ਨਾਲ ਨਾਲ ਚੰਗਾ ਵਿਹਾਰ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਇਹ ਹਸਪਤਾਲ ਉਨ੍ਹਾਂ ਦੇ ਦਿਲ ਦੇ ਨੇੜੇ ਹੈ। ਇੱਥੇ ਕਿਸੇ ਵੀ ਚੀਜ਼ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਾਈਵੇਟ ਜਾਂ ਸਰਕਾਰੀ ਹਸਪਤਾਲਾਂ ਸਬੰਧੀ ਕੋਈ ਵੀ ਸ਼ਿਕਾਇਤ ਉਨ੍ਹਾਂ ਤੱਕ ਸਿੱਧੀ ਕੀਤੀ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਲਈ ਨਿਰਦੇਸ਼ ਦਿੱਤੇ।