ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦੀ ਕੋਠੀ ਘੇਰਨ ਜਾਂਦੇ ਸਹਾਇਕ ਪ੍ਰੋਫੈਸਰਾਂ ਤੇ ਪੁਲੀਸ ਵਿਚਾਲੇ ਝੜਪ

07:23 AM Nov 25, 2024 IST
ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਵੱਲ ਜਾਂਦੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਦੀ ਹੋਈ ਪੁਲੀਸ।

ਗੁਰਦੀਪ ਸਿੰਘ ਲਾਲੀ
ਸੰਗਰੂਰ, 24 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ 1158 ਭਰਤੀ ਪੂਰੀ ਕਰਨ ਦੀ ਮੰਗ ਲਈ ਪੁੱਜੇ ਸਹਾਇਕ ਪ੍ਰੋਫੈਸਰਾਂ ਅਤੇ ਲਾਇਬਰੇਰੀਅਨਾਂ ਦੀ ਪੁਲੀਸ ਨਾਲ ਝੜਪ ਹੋ ਗਈ। ਇਸ ਦੌਰਾਨ ਕਈਆਂ ਦੀਆਂ ਪੱਗਾਂ ਤੇ ਚੁੰਨੀਆਂ ਲੱਥ ਗਈਆਂ। ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਦੋ ਵਾਰ ਝੜਪ ਹੋਈ ਅਤੇ ਲੰਮਾ ਸਮਾਂ ਮਾਹੌਲ ਤਣਾਅਪੂਰਨ ਰਿਹਾ। ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲੀਸ ਨੂੰ ਕਾਫ਼ੀ ਜੱਦੋ-ਜਹਿਦ ਕਰਨੀ ਪਈ। ਇਸੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਭਲਕੇ 25 ਨਵੰਬਰ ਨੂੰ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਪੰਜਾਬ ਨਾਲ ਪੈਨਲ ਮੀਟਿੰਗ ਤੈਅ ਕਰਵਾਈ ਗਈ ਹੈ। ਪ੍ਰਸ਼ਾਸਨ ਦੇ ਭਰੋਸੇ ਮਗਰੋਂ ਸਹਾਇਕ ਪ੍ਰੋਫੈਸਰਾਂ ਨੇ ਪ੍ਰਦਰਸ਼ਨ ਸਮਾਪਤ ਕਰ ਦਿੱਤਾ।
ਅੱਜ ਪੰਜਾਬ ਭਰ ਤੋਂ 1158 ਸਹਾਇਕ ਪ੍ਰੋਫੈਸਰ ਤੇ ਲਾਇਬਰੇਰੀਅਨ ਫਰੰਟ ਦੀ ਅਗਵਾਈ ਹੇਠ ਸਹਾਇਕ ਪ੍ਰੋਫੈਸਰ ਤੇ ਲਾਇਬਰੇਰੀਅਨ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ। ਇਸ ਦੌਰਾਨ ਪੁਲੀਸ ਵੱਲੋਂ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਅੱਗੇ ਨਾਕਾਬੰਦੀ ਕੀਤੀ ਹੋਈ ਸੀ। ਸਥਾਨਕ ਵੇਰਕਾ ਮਿਲਕ ਪਲਾਂਟ ਅੱਗੇ ਇਕੱਠੇ ਹੋਣ ਉਪਰੰਤ ਪ੍ਰਦਰਸ਼ਨਕਾਰੀ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ ਤੇ ਉੱਥੇ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਜਿਉਂ ਹੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨਾਲ ਉਨ੍ਹਾਂ ਦੀ ਝੜਪ ਹੋ ਗਈ। ਇਸ ਦੌਰਾਨ ਕਈਆਂ ਦੀਆਂ ਪੱਗਾਂ ਤੇ ਚੁੰਨੀਆਂ ਲੱਥ ਗਈਆਂ ਅਤੇ ਕਈ ਜ਼ਮੀਨ ’ਤੇ ਡਿੱਗ ਪਏ।
ਫਰੰਟ ਦੇ ਆਗੂ ਬਲਵਿੰਦਰ ਸਿੰਘ ਚਹਿਲ, ਜਸਪ੍ਰੀਤ ਕੌਰ, ਪਰਮਜੀਤ ਸਿੰਘ ਅਤੇ ਮਨੀਸ਼ ਕੁਮਾਰ ਨੇ ਦੋਸ਼ ਲਾਇਆ ਕਿ ਪੁਲੀਸ ਵੱਲੋਂ ਸਹਾਇਕ ਪ੍ਰੋਫੈਸਰਾਂ ਦੀਆਂ ਪੱਗਾਂ ਅਤੇ ਚੁੰਨੀਆਂ ਰੋਲੀਆਂ ਗਈਆਂ ਅਤੇ ਕੁੱਟਮਾਰ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ ਕਾਫ਼ੀ ਪ੍ਰਦਰਸ਼ਨਕਾਰੀਆਂ ਦੇ ਗੁੱਝੀਆਂ ਸੱਟਾਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 23 ਸਤੰਬਰ 2024 ਨੂੰ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਭਰਤੀ ਸਿਰੇ ਚੜ੍ਹਾਉਣ ਲਈ ਹਰੀ ਝੰਡੀ ਦਿੱਤੀ ਸੀ ਪਰ ਸਰਕਾਰ ਨੇ ਭਰਤੀ ਵਿਚਾਲੇ ਲਟਕਾ ਦਿੱਤੀ। ਸਿਰਫ਼ 600 ਤੋਂ ਵੱਧ ਸਹਾਇਕ ਪ੍ਰੋਫੈਸਰਾਂ ਨੂੰ ਕਾਲਜਾਂ ’ਚ ਨਿਯੁਕਤ ਕਰ ਦਿੱਤਾ ਹੈ ਤੇ ਬਾਕੀ 411 ਸਹਾਇਕ ਪ੍ਰੋਫੈਸਰ ਅਤੇ ਲਾਇਬਰੇਰੀਅਨ ਉਮੀਦਵਾਰ ਨਿਯੁਕਤੀ ਉਡੀਕ ਰਹੇ ਹਨ।

Advertisement

ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਸੰਗਰੂਰ (ਗੁਰਦੀਪ ਸਿੰਘ ਲਾਲੀ): ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਕੰਪਿਊਟਰ ਅਧਿਆਪਕਾਂ ਵੱਲੋਂ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਕੋਠੀ ਅੱਗੇ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਡੀਸੀ ਦਫ਼ਤਰ ਅੱਗੇ ਕੰਪਿਊਟਰ ਅਧਿਆਪਕ 86 ਦਿਨਾਂ ਤੋਂ ਸੂਬਾ ਪੱਧਰੀ ਲੜੀਵਾਰ ਭੁੱਖ ਹੜਤਾਲ ’ਤੇ ਵੀ ਡਟੇ ਹੋਏ ਹਨ। ਧਰਨੇ ਵਿੱਚ ਅਨੇਕਾਂ ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕਰਕੇ ਸੰਘਰਸ਼ ਦੀ ਹਮਾਇਤ ਕੀਤੀ ਅਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੀ ਨਿਖੇਧੀ ਕੀਤੀ। ਅੱਜ ਕੰਪਿਊਟਰ ਅਧਿਆਪਕ ਇੱਥੇ ਭੁੱਖ ਹੜਤਾਲੀ ਮੋਰਚੇ ਵਿੱਚ ਸ਼ਾਮਲ ਹੋਣ ਮਗਰੋਂ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਾਲੋਨੀ ਦੇ ਮੁੱਖ ਗੇਟ ਅੱਗੇ ਪੁੱਜੇ। ਇੱਥੇ ਪੁਲੀਸ ਵੱਲੋਂ ਨਾਕੇ ਦੌਰਾਨ ਉਨ੍ਹਾਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਲਗਾ ਦਿੱਤਾ। ਇਸ ਮੌਕੇ ਸੰਘਰਸ਼ ਕਮੇਟੀ ਦੇ ਸੂਬਾ ਆਗੂਆਂ ਪਰਮਵੀਰ ਸਿੰਘ ਪੰਮੀ, ਜੋਨੀ ਸਿੰਗਲਾ, ਪ੍ਰਦੀਪ ਮਲੂਕਾ, ਰਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ ਅਤੇ ਗੁਰਬਖਸ਼ ਲਾਲ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਪਿਛਲੇ 86 ਦਿਨਾਂ ਤੋਂ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ ਹਨ ਪਰ ਸਰਕਾਰ ਦੇ ਕਿਸੇ ਨੁਮਾਇੰਦੇ ਨੇ ਹੁਣ ਤੱਕ ਸਾਰ ਨਹੀਂ ਲਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਦਰਜਨਾਂ ਮੀਟਿੰਗਾਂ ਹੋਣ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਦਿੱਤੇ ਜਾਣ, ਛੇਵੇਂ ਪੇਅ ਕਮਿਸ਼ਨ ਦਾ ਲਾਭ ਦਿੱਤਾ ਜਾਵੇ। ਪ੍ਰਦਰਸ਼ਨ ’ਚ ਡੀਟੀਐਫ਼ ਦਿਗਵਿਜੇ ਪਾਲ, ਡੀਟੀਐਫ ਵਿਕਰਮ ਦੇਵ, ਜੀਟੀਯੂ, ਐਸਸੀਬੀਸੀ ਅਧਿਆਪਕ ਯੂਨੀਅਨ ਦੇ ਆਗੂ ਵੀ ਸ਼ਾਮਲ ਹੋਏ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੀ ਸਿੱਖਿਆ ਮੰਤਰੀ ਤੇ ਵਿੱਤ ਮੰਤਰੀ ਨਾਲ 26 ਨਵੰਬਰ ਦੀ ਮੀਟਿੰਗ ਤੈਅ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਸ ਭਰੋਸੇ ਮਗਰੋਂ ਸੰਘਰਸ਼ ਕਮੇਟੀ ਨੇ ਧਰਨਾ ਚੁੱਕ ਦਿੱਤਾ।

Advertisement
Advertisement