ਭਾਜਪਾ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦੌਰਾਨ ਕਿਸਾਨਾਂ ਤੇ ਪੁਲੀਸ ਵਿਚਾਲੇ ਧੱਕਾਮੁੱਕੀ
ਮਨੋਜ ਸ਼ਰਮਾ/ਸ਼ਗਨ ਕਟਾਰੀਆ
ਬਠਿੰਡਾ, 12 ਮਈ
ਇਸ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਨੂੰ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਰੋਹ ਦਾ ਸਾਹਮਣਾ ਕਰਨਾ ਪਿਆ। ਪਿੰਡ ਸਿਵੀਆਂ ਅਤੇ ਫ਼ਰੀਦਕੋਟ ਕੋਟਲੀ ਵਿੱਚ ਬੀਕੇਯੂ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਕਾਰਕੁਨਾਂ ਤੇ ਪੁਲੀਸ ਦਰਮਿਆਨ ਟਕਰਾਅ ਹੋ ਗਿਆ। ਇਸ ਦੌਰਾਨ ਪੁਲੀਸ ਤੇ ਕਿਸਾਨਾਂ ਵਿਚਾਲੇ ਧੱਕਾਮੁੱਕੀ ਹੋਈ। ਦੂਜੇ ਪਾਸੇ ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਪੁਲੀਸ ਨੇ ਕਿਸਾਨ ਆਗੂਆਂ ਦੀਆਂ ਪੱਗਾਂ ਲਾਹ ਦਿੱਤੀਆਂ।
ਮਿਲੀ ਜਾਣਕਾਰੀ ਅਨੁਸਾਰ ਪਰਮਪਾਲ ਕੌਰ ਮਲੂਕਾ ਅਤੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਪਿੰਡ ਸਿਵੀਆਂ ਦੇ ਦਲਿਤ ਭਾਈਚਾਰੇ ਵਾਲੀ ਧਰਮਸ਼ਾਲਾ ਵਿੱਚ ਅੱਜ ਸਵੇਰੇ ਸੰਬੋਧਨ ਕਰਨ ਲਈ ਪੁੱਜੇ। ਇਸ ਦੌਰਾਨ ਬੀਕੇਯੂ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਕਾਰਕੁਨ ਇਕੱਠੇ ਹੋ ਗਏ। ਕਿਸਾਨ ਆਗੂ ਹਰਪ੍ਰੀਤ ਸਿੰਘ ਦੀਨਾ ਸਿਵੀਆਂ, ਨੀਟਾ ਸਿੰਘ ਦਿਉਣ, ਗੁਰਜੀਤ ਸ਼ਰਮਾ ਮਹਿਮਾ ਸਰਕਾਰੀ, ਸੁਖਜੀਵਨ ਸਿੰਘ ਬਬਲੀ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਮਨਦੀਪ ਸਿੰਘ ਤੇ ਤਰਸੇਮ ਸਿੰਘ ਵੱਲੋਂ ਭਾਜਪਾ ਖ਼ਿਲਾਫ ਸਪੀਕਰ ਰਾਹੀਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਕਿਸਾਨ ਕੋਠਿਆਂ ’ਤੇ ਚੜ੍ਹ ਕੇ ਨਾਅਰੇਬਾਜ਼ੀ ਕਰਨ ਲੱਗੇ। ਇਸ ਦੌਰਾਨ ਪੁਲੀਸ ਨੇ ਕਿਸਾਨ ਜਥੇਬੰਦੀਆਂ ਦੇ ਵਾਹਨਾਂ ’ਤੇ ਲੱਗੇ ਸਪੀਕਰ ਦੀਆਂ ਮਾਈਕਾਂ ਵਾਲੀਆਂ ਤਾਰਾਂ ਪੁੱਟ ਦਿੱਤੀਆਂ ਜਿਸ ਕਾਰਨ ਪੁਲੀਸ ਤੇ ਕਿਸਾਨਾਂ ਦਰਮਿਆਨ ਤਕਰਾਰ ਹੋ ਗਈ ਤੇ ਧੱਕਾਮੁੱਕੀ ਵੀ ਹੋਈ ਜਿਸ ਕਾਰਨ ਭਾਜਪਾ ਉਮੀਦਵਾਰ ਵੱਲੋਂ ਵਰਕਰਾਂ ਨੂੰ ਸੰਬੋਧਨ ਕੀਤੇ ਬਿਨਾ ਹੀ ਵਾਪਸ ਮੁੜਨਾ ਪਿਆ।
ਇਸ ਤੋਂ ਇਲਾਵਾ ਬਠਿੰਡਾ ਦਿਹਾਤੀ ਦੇ ਪਿੰਡ ਫ਼ਰੀਦਕੋਟ ਕੋਟਲੀ ਵਿੱਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਅਤੇ ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਆਏ। ਮਾਮਲੇ ਦੀ ਭਿਣਕ ਪੈਂਦੇ ਹੀ ਬੀਕੇਯੂ ਉਗਰਾਹਾਂ ਦੇ ਆਗੂ ਅਜੈਪਾਲ ਘੁੱਦਾ, ਬੀਕੇਯੂ ਡਕੌਂਦਾ (ਧਨੇਰ) ਦੇ ਬਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਜਸਕਰਨ ਸਿੰਘ ਇਕੱਠੇ ਹੋ ਗਏ ਜਿਨ੍ਹਾਂ ਪੁਲੀਸ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ। ਪੁਲੀਸ ਵੱਲੋਂ ਕਿਸਾਨ ਆਗੂ ਅਜੈਪਾਲ ਸਿੰਘ ਘੁੱਦਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਖੇਤਾਂ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਨੂੰ ਬਾਅਦ ’ਚ ਛੱਡ ਦਿੱਤਾ। ਅਜੈਪਾਲ ਸਿੰਘ ਘੁੱਦਾ ਤੇ ਸਾਥੀਆਂ ਨੇ ਦੱਸਿਆ ਕਿ ਪੁਲੀਸ ਨੇ ਉਨ੍ਹਾਂ ਦੀਆਂ ਪੱਗਾਂ ਲਾਹ ਦਿੱਤੀਆਂ ਤੇ ਉਨ੍ਹਾਂ ਨਾਲ ਧੱਕਾਮੁੱਕੀ ਕੀਤੀ।
ਕਿਸਾਨਾਂ ਨੇ ਤੁੰਗਵਾਲੀ ਵਿੱਚ ਭਾਜਪਾ ਉਮੀਦਵਾਰ ਨੂੰ ਕਾਲੀਆਂ ਝੰਡੀਆਂ ਦਿਖਾਈਆਂ
ਭੁੱਚੋ ਮੰਡੀ (ਪਵਨ ਗੋਇਲ): ਪਿੰਡ ਤੁੰਗਵਾਲੀ ਵਿੱਚ ਕਿਸਾਨਾਂ ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਰੋਸ ਜਤਾਇਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀਐੱਸਪੀ ਹਰਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਫੋਰਸ ਤਾਇਨਾਤ ਕੀਤੀ ਹੋਈ ਸੀ, ਜਿਨ੍ਹਾਂ ਕਿਸਾਨਾਂ ਨੂੰ ਪਰਮਪਾਲ ਕੌਰ ਮਲੂਕਾ ਦੇ ਚੋਣ ਪ੍ਰਚਾਰ ਵਾਲੀ ਥਾਂ ’ਤੇ ਨਹੀਂ ਜਾਣ ਦਿੱਤਾ। ਕਿਸਾਨ ਚੋਣ ਪ੍ਰਚਾਰ ਖ਼ਤਮ ਹੋਣ ਤੱਕ ਕਿਸਾਨ ਪ੍ਰਦਰਸ਼ਨ ਕਰਦੇ ਰਹੇ। ਬੀਕੇਯੂ ਡਕੌਂਦਾ ਦੇ ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਸਰਬਜੀਤ ਸਿੰਘ ਜੈਦ ਅਤੇ ਬੀਕੇਯੂ ਉਗਰਾਹਾਂ ਦੇ ਬਲਾਕ ਆਗੂ ਸੰਤੋਖ ਸਿੰਘ ਲਹਿਰਾ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦਿੱਲੀ ਮੋਰਚੇ ਵਿੱਚ ਮੰਨੀਆਂ ਮੰਗਾਂ ਹਾਲੇ ਤੱਕ ਪੂਰੀਆਂ ਨਹੀਂ ਕੀਤੀਆਂ।
ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ
ਜ਼ੀਰਕਪੁਰ (ਹਰਜੀਤ ਸਿੰਘ): ਡੇਰਾਬੱਸੀ ਦੇ ਦੌਰੇ ਦੌਰਾਨ ਅੱਜ ਕਿਸਾਨਾਂ ਨੇ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਡੱਟ ਕੇ ਵਿਰੋਧ ਕੀਤਾ। ਕਿਸਾਨਾਂ ਨੇ ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਪ੍ਰਨੀਤ ਕੌਰ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਦੋਸ਼ ਲਾਇਆ ਕਿ ਭਾਜਪਾ ਨੇ ਕਿਸਾਨਾਂ ਨਾਲ ਧੋਖਾ ਅਤੇ ਧੱਕੇਸ਼ਾਹੀ ਕੀਤੀ ਹੈ ਜਿਸ ਦਾ ਜਵਾਬ ਲੋਕ ਸਭਾ ਚੋਣਾਂ ਦੌਰਾਨ ਇਨ੍ਹਾਂ ਦਾ ਵਿਰੋਧ ਕਰ ਕੇ ਦਿੱਤਾ ਜਾਵੇਗਾ। ਕਿਸਾਨਾਂ ਦੇ ਵਿਰੋਧ ਦੇ ਸਵਾਲ ’ਤੇ ਪ੍ਰਨੀਤ ਕੌਰ ਨੇ ਕਿਹਾ, ‘‘ਲੋਕਤੰਤਰੀ ਸਮਾਜ ਵਿੱਚ ਹਰੇਕ ਨੂੰ ਵਿਰੋਧ ਕਰਨ ਤੇ ਆਪਣੀ ਆਵਾਜ਼ ਚੁੱਕਣ ਦਾ ਅਧਿਕਾਰ ਹੈ। ਕਿਸਾਨ ਸਾਡੇ ਅੰਨਦਾਤੇ ਹਨ ਅਤੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ ਹੈ ਅਤੇ ਉਨ੍ਹਾਂ ਲਈ ਖੜ੍ਹੇ ਹੋਏ ਹਨ।’’