For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਕਬਜ਼ਾਧਾਰੀਆਂ ਵਿਚਾਲੇ ਝੜਪ

08:45 AM Jun 26, 2024 IST
ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਤੇ ਕਬਜ਼ਾਧਾਰੀਆਂ ਵਿਚਾਲੇ ਝੜਪ
ਪਾਇਲ ਦੇ ਹਸਪਤਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਾ ਹਾਲ ਜਾਣਦੇ ਹੋਏ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ।
Advertisement

ਦੇਵਿੰਦਰ ਸਿੰਘ ਜੱਗੀ
ਪਾਇਲ, 25 ਜੂਨ
ਪਿੰਡ ਬਿਲਾਸਪੁਰ ’ਚ ਮਾਲਕਾਨਾ ਹੱਕ ਲੈਣ ਲਈ ਕਈ ਸਾਲ ਤੋਂ ਵਿਵਾਦਾਂ ਵਿੱਚ ਘਿਰੀ ਲੋਹ ਲੰਗਰ ਦੀ 21 ਏਕੜ ਜ਼ਮੀਨ ਦੇ ਮਾਮਲੇ ’ਚ ਅੱਜ ਕਬਜ਼ਾਧਾਰੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵਿਚਕਾਰ ਝੜਪ ਹੋ ਗਈ। ਇਸ ਘਟਨਾ ਵਿੱਚ ਦੋਵਾਂ ਧਿਰਾਂ ਦੇ ਕਈ ਵਿਅਕਤੀ ਫੱਟੜ ਹੋ ਗਏ।
ਜ਼ਿਕਰਯੋਗ ਹੈ ਕਿ ਵਿਵਾਦਤ ਜ਼ਮੀਨ ਦੇ ਮਾਮਲੇ ਵਿੱਚ ਲੁਧਿਆਣਾ ਦੀ ਅਦਾਲਤ ਨੇ ਸ਼੍ਰੋਮਣੀ ਕਮੇਟੀ ਦੇ ਹੱਕ ਵਿਚ ਫ਼ੈਸਲਾ ਸੁਣਾਇਆ ਸੀ, ਜਿਸ ਨੂੰ ਡੇਰੇ ਦੇ ਸਮਰਥਕਾਂ ਨੇ ਹਾਈ ਕੋਰਟ ਵਿਚ ਚੈਲੰਜ ਕੀਤਾ ਪਰ ਹਾਈ ਕੋਰਟ ਵੱਲੋਂ ਜ਼ਮੀਨ ਉੱਪਰ ਸਟੇਅ ਆਰਡਰ ਪਾਸ ਨਹੀਂ ਕੀਤਾ ਗਿਆ, ਜੋ ਕਿ ਵਿਚਾਰ ਅਧੀਨ ਹੈ। ਜਾਣਕਾਰੀ ਅਨੁਸਾਰ ਅੱਜ ਜਦੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਜ਼ਮੀਨ ਵਾਹੁਣ ਗਏ ਤਾਂ ਦੋਵਾਂ ਧਿਰਾਂ ਵਿਚਕਾਰ ਲੜਾਈ ਝਗੜਾ ਹੋ ਗਿਆ। ਇਸ ਝੜਪ ਵਿੱਚ ਸ਼੍ਰੋਮਣੀ ਕਮੇਟੀ ਅਧੀਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਮੈਨੇਜਰ ਕੇਹਰ ਸਿੰਘ ਅਤੇ ਦੋ ਸਕੱਤਰਾਂ ਸਣੇ 15 ਮੈਂਬਰ ਅਤੇ ਮਹੰਤ ਪਰਿਵਾਰ ਦੇ 6 ਮੈਂਬਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਾਇਲ ਵਿੱਚ ਭਰਤੀ ਕਰਵਾਇਆ ਗਿਆ। ਇਸ ਸਬੰਧੀ ਕਬਜ਼ਾਧਾਰੀ ਪਰਿਵਾਰ ਦੇ ਕਰਮਜੀਤ ਉਦਾਸੀ ਨੇ ਦੱਸਿਆ ਕਿ ਉਹ ਉਦਾਸੀ ਸੰਪਰਦਾ ਨਾਲ ਸਬੰਧਤ ਹਨ ਅਤੇ ਉਹ ਇਸ 21 ਏਕੜ ਜ਼ਮੀਨ ਦੇ ਕਾਸ਼ਤਕਾਰ ਹਨ। ਇਹ ਜ਼ਮੀਨ ਹੁਣ ਵੀ ਡੇਰਾ ਸਮਾਧ ਬਾਬਾ ਕੇਸਰ ਦਾਸ ਦੇ ਨਾਂ ਦਰਜ ਹੈ। ਅੱਜ ਸ਼੍ਰੋਮਣੀ ਕਮੇਟੀ ਦੇ 150-200 ਵਿਅਕਤੀਆਂ ਨੇ ਜ਼ਮੀਨ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ, ਜਦੋਂ ਵਿਰੋਧ ਕੀਤਾ ਤਾਂ ਉਨ੍ਹਾਂ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਥੇ ਹਸਪਤਾਲ ’ਚ ਫੱਟੜ ਹੋਏ ਮੁਲਾਜ਼ਮਾਂ ਦਾ ਹਾਲ ਜਾਣਿਆ।
ਇਸ ਮਾਮਲੇ ਸਬੰਧੀ ਡੀਐੱਸਪੀ ਨਿਖਿਲ ਗਰਗ ਨੇ ਕਿਹਾ ਕਿ ਦੋਵਾਂ ਧਿਰਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Advertisement

ਸ਼੍ਰੋਮਣੀ ਕਮੇਟੀ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿੰਡ ਬਿਲਾਸਪੁਰ ’ਚ ਕਮੇਟੀ ਦੇ ਮੁਲਾਜ਼ਮਾਂ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੁਣੀ ਹੋਈ ਧਾਰਮਿਕ ਸੰਸਥਾ ਹੈ, ਜੋ ਸਿੱਖ ਗੁਰਦੁਆਰਾ ਐਕਟ 1925 ਅਨੁਸਾਰ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਜਾਇਦਾਦ ਦੀ ਸੰਭਾਲ ਕਰਦੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗੁਰੂ ਘਰਾਂ ਦੇ ਪ੍ਰਬੰਧਾਂ ਵਿਚ ਦਖ਼ਲ ਦੇਣ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤੇ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਜ਼ਖ਼ਮੀ ਮੁਲਜ਼ਮਾਂ ਨੂੰ ਹਰ ਤਰ੍ਹਾਂ ਸਹਿਯੋਗ ਕਰੇਗੀ ਅਤੇ ਉਨ੍ਹਾਂ ਦੇ ਇਲਾਜ ਦਾ ਵੀ ਪ੍ਰਬੰਧ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ

Advertisement

Advertisement
Author Image

sukhwinder singh

View all posts

Advertisement