ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦੀ ਕੋਠੀ ਅੱਗੇ ਅਧਿਆਪਕਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ

08:28 AM Sep 04, 2023 IST
ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਨੇੜੇ ਅਧਿਆਪਕਾਂ ਨੂੰ ਰੋਕਦੇ ਹੋਏ ਪੁਲੀਸ ਮੁਲਾਜ਼ਮ।

ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਸਤੰਬਰ
ਇੱਥੇ ਮੁੱਖ ਮੰਤਰੀ ਦੀ ਕੋਠੀ ਅੱਗੇ 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਪੁੱਜੇ ਸੈਂਕੜੇ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਖਿੱਚਧੂਹ ਹੋਈ ਜਿਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਕਈ ਮਹਿਲਾ ਅਧਿਆਪਕ ਤੇ ਮਹਿਲਾ ਪੁਲੀਸ ਮੁਲਾਜ਼ਮ ਹੇਠਾਂ ਡਿੱਗ ਪਈਆਂ। ਪੁਲੀਸ ਨਾਲ ਝੜਪ ਤੋਂ ਬਾਅਦ ਰੋਹ ’ਚ ਆਈਆਂ ਦੋ ਮਹਿਲਾ ਅਧਿਆਪਕਾਂ ਨੇ ਆਪਣੇ ’ਤੇ ਪੈਟਰੋਲ ਛਿੜਕ ਲਿਆ ਪਰ ਹੋਰ ਅਧਿਆਪਕਾਂ ਨੇ ਉਨ੍ਹਾਂ ਨੂੰ ਅੱਗ ਨਾ ਲਾਉਣ ਦਿੱਤੀ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਕੱਚੇ ਅਧਿਆਪਕਾਂ ਨੂੰ ਤਨਖਾਹ ਸਕੇਲ ਦੇ ਕੇ ਰੈਗੂਲਰ ਕੀਤਾ ਜਾਵੇ ਅਤੇ ਬੱਚਿਆਂ ਤੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਵਾਉਣ ਵਾਲੀ ਅਧਿਆਪਕਾ ਮਨਪ੍ਰੀਤ ਕੌਰ ਕਨੋਈ ਦੇ ਤਨਖਾਹ ਵਾਧੇ ਸਣੇ ਨਵੇਂ ਹੁਕਮ ਜਾਰੀ ਕੀਤੇ ਜਾਣ। ਜ਼ਿਕਰਯੋਗ ਹੈ ਕਿ ਪਿੰਡ ਖੁਰਾਣਾ ਵਿਚ 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਅਧਿਆਪਕਾਂ ਦਾ ਸੰਘਰਸ਼ 83 ਦਿਨਾਂ ਤੋਂ ਜਾਰੀ ਹੈ। ਇੰਦਰਜੀਤ ਸਿੰਘ ਮਾਨਸਾ 83 ਦਿਨਾਂ ਤੋਂ ਟੈਂਕੀ ਉਪਰ ਡਟਿਆ ਹੋਇਆ ਹੈ। ਪੰਜਾਬ ਭਰ ਤੋਂ ਅਧਿਆਪਕ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ ਦੀ ਅਗਵਾਈ ਹੇਠ ਇਥੇ ਨੈਸ਼ਨਲ ਹਾਈਵੇਅ ਦੇ ਬਾਈਪਾਸ ਦੇ ਓਵਰਬ੍ਰਿਜ ਹੇਠ ਇਕੱਠੇ ਹੋਏ ਜਿੱਥੇ ਰੋਸ ਰੈਲੀ ਕੀਤੀ ਗਈ। ਪੁਲੀਸ ਵੱਲੋਂ ਰੈਲੀ ਸਥਾਨ ਤੋਂ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਤੱਕ ਕਈ ਥਾਵਾਂ ਉਪਰ ਬੈਰੀਕੇਡ ਲਗਾ ਕੇ ਨਾਕਾਬੰਦੀ ਕੀਤੀ ਗਈ। ਰੈਲੀ ਮਗਰੋਂ ਰੋਸ ਮਾਰਚ ਕਰਦਿਆਂ ਅਧਿਆਪਕਾਂ ਨੇ ਪੁਲੀਸ ਦੀ ਪਹਿਲੀ ਨਾਕੇਬੰਦੀ ਪੁੱਟ ਦਿੱਤੀ ਅਤੇ ਪੁਲੀਸ ਨੂੰ ਧੂਹ ਕੇ ਅਧਿਆਪਕ ਅੱਗੇ ਵਧ ਗਏ। ਅਧਿਆਪਕਾਂ ਨੇ ਜਿਉਂ ਹੀ ਕਲੋਨੀ ਦੇ ਮੁੱਖ ਗੇਟ ਨੇੜੇ ਦੂਜੀ ਨਾਕੇਬੰਦੀ ਤੋਂ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨਾਲ ਝੜਪ ਹੋ ਗਈ। ਇਸ ਦੌਰਾਨ ਦੋਵਾਂ ਦਰਮਿਆਨ ਧੱਕਾਮੁੱਕੀ ਅਤੇ ਖਿੱਚਧੂਹ ਹੋਈ ਜਿਸ ਦੌਰਾਨ ਕਈਆਂ ਦੀਆਂ ਪੱਗਾਂ ਲੱਥ ਗਈਆਂ, ਕੁਝ ਮਹਿਲਾ ਅਧਿਆਪਕਾਂ ਅਤੇ ਮਹਿਲਾ ਪੁਲੀਸ ਮੁਲਾਜ਼ਮ ਹੇਠਾਂ ਵੀ ਡਿੱਗ ਪਈਆਂ। ਮੌਕੇ ’ਤੇ ਮੌਜੂਦ ਐਸਪੀ ਪਲਵਿੰਦਰ ਸਿੰਘ ਚੀਮਾ ਅਤੇ ਐਸਡੀਐਮ ਨਵਰੀਤ ਕੌਰ ਸੇਖੋਂ ਵਲੋਂ ਪ੍ਰਦਰਸ਼ਨਕਾਰੀ ਅਧਿਆਪਕਾਂ ਨਾਲ ਗੱਲਬਾਤ ਜਾਰੀ ਰੱਖੀ ਗਈ। ਕਰੀਬ ਇੱਕ ਘੰਟੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ 14 ਸਤੰਬਰ ਨੂੰ ਚੰਡੀਗੜ੍ਹ ’ਚ ਮੀਟਿੰਗ ਨਿਸ਼ਚਿਤ ਕਰਵਾਈ ਗਈ ਜਿਸ ਮਗਰੋਂ ਪ੍ਰਦਰਸ਼ਨ ਸਮਾਪਤ ਹੋਇਆ। ਰੋਸ ਪ੍ਰਦਰਸ਼ਨ ’ਚ ਭਾਕਿਯੂ ਏਕਤਾ ਉਗਰਾਹਾਂ, ਡੀਟੀਐਫ ਗੌਰਮਿੰਟ ਟੀਚਰਜ਼ ਯੂਨੀਅਨ, ਈਟੀਟੀ ਯੂਨੀਅਨ ਆਦਿ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।

Advertisement

Advertisement