ਡੀਸੀ ਦਫ਼ਤਰ ਦੇ ਘਿਰਾਓ ਲਈ ਪੁੱਜੇ ਕਿਸਾਨਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ
ਜੋਗਿੰਦਰ ਸਿੰਘ ਮਾਨ
ਮਾਨਸਾ, 28 ਅਕਤੂਬਰ
ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਸਬੰਧੀ ਵਿਧਾਇਕਾਂ ਦੇ ਘਰਾਂ ਮੁਹਰੇ ਚੱਲ ਰਹੇ ਪੱਕੇ ਮੋਰਚਿਆਂ ਦੌਰਾਨ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਡਿਪਟੀ ਕਮਿਸ਼ਨਰ ਮਾਨਸਾ ਦੇ ਮੁੱਖ ਗੇਟ ’ਤੇ ਪਹੁੰਚ ਕੇ ਦਫ਼ਤਰ ਦਾ ਚਾਰ ਘੰਟਿਆਂ ਲਈ ਘਿਰਾਓ ਕੀਤਾ, ਜਿਸ ਦੌਰਾਨ ਕਿਸਾਨਾਂ ਨਾਲ ਪੁਲੀਸ ਦੀ ਖਿੱਚ-ਧੂਹ ਹੋਈ। ਇਸ ਖਿੱਚ-ਧੂਹ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ। ਪੁਲੀਸ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਜਾਣ ਤੋਂ ਰੋਕਣ ਵਿੱਚ ਬੇਵੱਸ ਰਹੀ। ਕਿਸਾਨਾਂ ਨੇ ਮੁੱਖ ਗੇਟ ਤੱਕ ਪਹੁੰਚ ਕੇ ਅਧਿਕਾਰੀਆਂ ਦਾ ਘਿਰਾਓ ਕਰਦਿਆਂ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਾਇਆ ਕਿ ਕਿਸਾਨਾਂ ਦੀ ਮਜ਼ਬੂਰੀ ਦਾ ਫਾਇਦਾ ਉਠਾ ਕੇ ਪੰਜ ਕਿਲੋ ਪ੍ਰਤੀ ਕੁਇੰਟਲ ਕਾਟ ਨਾਲ ਝੋਨਾ ਚੁੱਕਿਆ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਮੰਡੀਆਂ ਵਿੱਚ ਅਜਿਹੇ ਤਰੀਕੇ ਨਾਲ ਕੀਤੀ ਜਾਂਦੀ ਲੁੱਟ ਨੂੰ ਕੋਈ ਅਧਿਕਾਰੀ ਨਹੀਂ ਰੋਕ ਰਿਹਾ।
ਕਾਫੀ ਸਮਾਂ ਚੱਲੇ ਘਿਰਾਓ ਦੇ ਦੌਰਾਨ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਡੀਸੀ ਦੀ ਹਾਜ਼ਰੀ ਵਿੱਚ ਕਿਸਾਨ ਆਗੂਆਂ ਨਾਲ ਮੀਟਿੰਗ ਹੋਈ, ਜਿਸ ਵਿੱਚ ਐੱਸਡੀਐੱਮ ਕਾਲਾ ਰਾਮ ਕਾਂਸਲ, ਡੀਐੱਫਐੱਸਸੀ ਮਨਦੀਪ ਸਿੰਘ ਅਤੇ ਡੀਐੱਸਪੀ ਬੂਟਾ ਸਿੰਘ ਗਿੱਲ ਦੀ ਕਿਸਾਨ ਆਗੂਆਂ ਨੇ ਵਿਸਥਾਰਪੂਰਵਕ ਢੰਗ ਨਾਲ ਕਿਸਾਨਾਂ ਦੀ ਮੰਡੀਆਂ ਵਿੱਚ ਹੋ ਰਹੀ ਲੁੱਟ ਤੇ ਖੱਜਲ-ਖੁਆਰੀ ਦਾ ਵੇਰਵਾ ਤੱਥਾਂ ਸਹਿਤ ਰੱਖਿਆ ਅਤੇ ਮੰਗ ਰੱਖੀ ਕਿ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਤੇਜ਼ ਕੀਤਾ ਜਾਵੇ ਤੇ ਬਾਕੀ ਮੰਡੀਆਂ ਵਿੱਚ ਖਰੀਦ ਸ਼ੁਰੂ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਭਰੋਸਾ ਦਿੱਤਾ ਕਿ ਕਿਸੇ ਵੀ ਕਿਸਮ ਦੀ ਦਿੱਕਤ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ, ਜੋ ਦਿੱਕਤਾਂ ਆ ਰਹੀਆਂ ਹਨ, ਉਹ ਦੂਰ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਰੀਆਂ ਮੰਡੀਆਂ ਵਿੱਚ ਇਕਸਾਰ ਖਰੀਦ ਕੀਤੀ ਜਾਵੇਗੀ, ਕਿਸੇ ਨੂੰ ਵੀ ਕਿਸਾਨਾਂ ਦੀ ਲੁੱਟ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਗੱਲ ਦਾ ਐੱਸਡੀਐੱਮ ਨੇ ਸਟੇਜ ਤੋਂ ਭਰੋਸਾ ਦਿੱਤਾ, ਜਿਸ ਮਗਰੋਂ ਘਿਰਾਓ ਸਮਾਪਤ ਕਰ ਦਿੱਤਾ ਗਿਆ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਜਾਰੀ ਰੱਖਣ ਦਾ ਵੀ ਐਲਾਨ ਕੀਤਾ।
ਬਠਿੰਡਾ (ਸ਼ਗਨ ਕਟਾਰੀਆ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਭਲਕੇ 29 ਅਕਤੂਬਰ ਨੂੰ ਬਠਿੰਡਾ ਸ਼ਹਿਰ ’ਚ ਮੁਜ਼ਾਹਰਾ ਕਰਨ ਮਗਰੋਂ ਪ੍ਰਧਾਨ ਮੰਤਰੀ ਤੇ ਕਾਰਪੋਰੇਟਾਂ ਦੇ ਪੁਤਲੇ ਫੂਕੇਗੀ। ਅੱਜ ਇਹ ਐਲਾਨ ਕਰਦਿਆਂ ਜ਼ਿਲ੍ਹਾ ਬਠਿੰਡਾ ਦੇ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਦੱਸਿਆ ਕਿ ਕੇਂਦਰੀ ਸਰਕਾਰ ਵੱਲੋਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨ ਸਦਕਾ ਹੀ ਫ਼ਸਲਾਂ ਮੰਡੀਆਂ ਵਿੱਚ ਰੁਲ ਰਹੀਆਂ ਹਨ। ਉਗਰਾਹਾਂ ਯੂਨੀਅਨ ਵੱਲੋਂ ਹੀ ਬਠਿੰਡਾ ਜ਼ਿਲ੍ਹੇ ਦੇ ਚਾਰ ਟੌਲ ਪਲਾਜ਼ਿਆਂ ਅਤੇ ਸਿਆਸੀ ਨੇਤਾਵਾਂ ਦੇ ਘਰਾਂ ਅੱਗੇ 17 ਅਕਤੂਬਰ ਤੋਂ ਚੱਲ ਰਹੇ ਮੋਰਚੇ ਅੱਜ ਵੀ ਜਾਰੀ ਰਹੇ।
ਕਿਸਾਨਾਂ ਨੇ ਮਾਨਸਾ-ਬਰਨਾਲਾ ਮਾਰਗ ’ਤੇ ਅਣਮਿਥੇ ਸਮੇਂ ਲਈ ਲਾਇਆ ਧਰਨਾ
ਜੋਗਾ (ਸ਼ੰਗਾਰਾ ਸਿੰਘ ਅਕਲੀਆ): ਅੱਜ ਨੇੜਲੇ ਪਿੰਡ ਅਕਲੀਆ ਦੇ ਕਿਸਾਨਾਂ ਵੱਲੋਂ ਆਪਣੀ ਫਸਲ ਦੀ ਲਿਫਟਿੰਗ ਨਾ ਹੋਣ ਕਰਕੇ ਮਾਨਸਾ-ਬਰਨਾਲਾ ਮੁੱਖ ਮਾਰਗ ਸੜਕ ’ਤੇ ਅਕਲੀਆ ਦੇ ਬੱਸ ਅੱਡੇ ਨੇੜੇ ਅਣਮਿਥੇ ਸਮੇਂ ਲਈ ਧਰਨਾ ਲਾ ਕੇ ਸੜਕ ਨੂੰ ਜਾਮ ਕਰ ਦਿੱਤਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ, ਕਾਰਪੋਰੇਟ ਦੀਆਂ ਲੋਕ ਮਾਰੂ ਨੀਤੀਆਂ ਨੂੰ ਲਾਗੂ ਕਰਨ ਲਈ ਕਿਸਾਨਾਂ ਨੂੰ ਜਾਣ-ਬੁੱਝ ਕੇ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਅਕਲੀਆ ਦੀ ਦਾਣਾ ਮੰਡੀ ਦੇ ਵਿੱਚੋਂ ਢੋਆ-ਢੁਆਈ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦਿੱਤਾ ਜਾਵੇਗਾ। ਇਸ ਮੌਕੇ ਗ੍ਰਾਮ ਪੰਚਾਇਤ ਅਕਲੀਆ ਸਮੇਤ ਭਾਰਤੀ ਕਿਸਾਨ ਯੁਨੀਅਨ (ਏਕਤਾ) ਡਕੌਂਦਾ ਧਨੇਰ, ਭਾਰਤੀ ਕਿਸਾਨ ਯੁਨੀਅਨ (ਏਕਤਾ) ਉਗਰਾਹਾਂ, ਭਾਰਤੀ ਕਿਸਾਨ ਯੁਨੀਅਨ (ਏਕਤਾ) ਡਕੌਂਦਾ ਬੁਰਜ ਗਿੱਲ ਅਤੇ ਭਾਰਤੀ ਕਿਸਾਨ ਯੁਨੀਅਨ (ਏਕਤਾ) ਸਿੱਧੁਪੁਰ ਦੇ ਆਗੂ ਅਤੇ ਵਰਕਰਾਂ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਦੂਜੇ ਪਾਸੇ ਡਿਪਟੀ ਕਮਿਸ਼ਨਰ ਮਾਨਸਾ ਕੁਲਵੰਤ ਸਿੰਘ ਧੂਰੀ ਨੇ ਦੱਸਿਆ ਕਿ ਜਲਦੀ ਹੀ ਲਿਫਟਿੰਗ ਸ਼ੁਰੂ ਕਰ ਦਿੱਤੀ ਜਾਵੇਗੀ।
ਭਗਤਾ ਭਾਈ ਦੇ ਮੁੱਖ ਚੌਕ ਵਿੱਚ ਧਰਨਾ ਲਾਇਆ
ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਝੋਨੇ ਦੀ ਬੋਲੀ ਤੇ ਲਿਫਟਿੰਗ ਦੇ ਮਾਮਲੇ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵੱਲੋਂ ਭਗਤਾ ਭਾਈ ਦੇ ਮੁੱਖ ਚੌਕ ਵਿੱਚ ਜਾਮ ਲਗਾ ਕੇ ਜ਼ਿਲ੍ਹਾ ਪੱਧਰੀ ਧਰਨਾ ਲਗਾਇਆ ਗਿਆ। ਇਸ ਮੌਕੇ ਇਕੱਤਰ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਕੌਰ ਰਾਮਪੁਰਾ ਅਤੇ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ ਨੇ ਪੰਜਾਬ ਸਰਕਾਰ ’ਤੇ ਝੋਨੇ ਦੀ ਖਰੀਦ ਦੇ ਮਾਮਲੇ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਧਰਨੇ ਲਗਾਉਣਾ ਸਾਡਾ ਕੋਈ ਸ਼ੌਂਕ ਨਹੀਂ ਬਲਕਿ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਬੁਰਾ ਹਾਲ ਹੈ, ਕਿਸਾਨ ਤਿੰਨ ਹਫ਼ਤਿਆਂ ਤੋਂ ਮੰਡੀਆਂ ਵਿੱਚ ਰੁਲ ਰਹੇ ਹਨ, ਪਰ ਪੰਜਾਬ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਇਸ ਧਰਨੇ ਨੂੰ ਸੂਬਾ ਕਮੇਟੀ ਮੈਂਬਰ ਬਲਵੰਤ ਮਹਿਰਾਜ, ਜਨਰਲ ਸਕੱਤਰ ਕਿੰਦਾ ਜੰਡਾਂਵਾਲਾ, ਕਰਮਜੀਤ ਭਗਤਾ, ਗੋਰਾ ਡਿਖ਼, ਬੂਟਾ ਬਾਜਵਾ, ਗੋਰਾ ਹਾਕਮ ਵਾਲਾ, ਰਾਕੇਸ਼ ਭਗਤਾ ਤੇ ਹਰਬੰਸ ਸਿੰਘ ਕੋਠਾ ਗੁਰੂ ਨੇ ਸੰਬੋਧਨ ਕੀਤਾ।
ਮੀਤ ਹੇਅਰ ਦੀ ਰਿਹਾਇਸ਼ ਅੱਗੇ ਮੋਰਚਾ ਜਾਰੀ
ਬਰਨਾਲਾ (ਪ੍ਰਸ਼ੋਤਮ ਬੱਲੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਇੱਥੇ ‘ਆਪ’ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਕਚਹਿਰੀ ਚੌਕ ਨੇੜੇ ਪੱਕਾ ਮੋਰਚਾ 11ਵੇ ਦਿਨ ਵੀ ਜਾਰੀ ਰਿਹਾ। ਇਸੇ ਤਰ੍ਹਾਂ ਜ਼ਿਲ੍ਹੇ ਦੇ ਬਡਬਰ ਤੇ ਮੱਲ੍ਹੀਆਂ ਟੌਲ ਪਲਾਜ਼ੇ ਪਰਚੀ ਮੁਕਤ ਰਹੇ। ਧਰਨੇ ਨੂੰ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਚਮਕੌਰ ਸਿੰਘ ਨੈਣੇਵਾਲ, ਜਰਨੈਲ ਸਿੰਘ ਬਦਰਾ, ਕ੍ਰਿਸ਼ਨ ਸਿੰਘ, ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਜਵੰਧਾ ਪਿੰਡੀ ਨੇ ਸੰਬੋਧਨ ਕੀਤਾ। ਇਸ ਮੌਕੇ ਲਖਵੀਰ ਕੌਰ, ਕੁਲਵੰਤ ਕੌਰ ਧਨੌਲਾ, ਅਮਰਜੀਤ ਕੌਰ, ਬਿੰਦਰ ਪਾਲ ਕੌਰ ਭਦੌੜ, ਕਰਮਜੀਤ ਕੌਰ, ਮਹਿੰਦਰ ਕੌਰ ਤੇ ਸਰਬਜੀਤ ਕੌਰ ਹਾਜ਼ਰ ਸਨ।
ਟੌਲ ਪਲਾਜ਼ੇ ’ਤੇ ਧਰਨਾ ਜਾਰੀ
ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਝੋਨੇ ਦੀ ਖਰੀਦ ਕਰਵਾਉਣ ਅਤੇ ਹੋਰਨਾਂ ਮੰਗਾਂ ਦੀ ਪੂਰਤੀ ਲਈ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਚੱਕ ਫ਼ਤਿਹ ਸਿੰਘ ਵਾਲਾ ਵਿੱਚ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਘਰ ਅੱਗੇ ਲਗਾਏ ਮੋਰਚੇ ਅੱਜ ਬਾਰ੍ਹਵੇਂ ਦਿਨ ਵੀ ਜਾਰੀ ਰਹੇ। ਇਸ ਮੌਕੇ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨਿਆਂ ਨੂੰ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਬਲਾਕ ਆਗੂ ਹੁਸ਼ਿਆਰ ਸਿੰਘ, ਬਲਜੀਤ ਪੂਹਲਾ, ਲਖਵੀਰ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ, ਨਛੱਤਰ ਸਿੰਘ, ਬਲਕਰਨ ਸਿੰਘ ਨੇ ਸੰਬੋਧਨ ਕੀਤਾ।
ਕਿੱਿਲਆਂਵਾਲੀ ਮੰਡੀ ਵਿੱਚ ਖ਼ਰੀਦ ਦਾ ਕੰਮ ਬੰਦ
ਲੰਬੀ (ਇਕਬਾਲ ਸਿੰਘ ਸ਼ਾਤ): ਦਾਣਾ ਮੰਡੀ, ਕਿੱਲਿਆਂਵਾਲੀ ਮੰਡੀ ਵਿੱਚ ਸ਼ੈਲਰਾਂ ਵੱਲੋਂ ਪੰਜ ਫ਼ੀਸਦੀ ਪਤੀ ਕੁਇੰਟਲ ਕਟੌਤੀ ਖ਼ਿਲਾਫ਼ ਅੱਜ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੇ ਸਾਂਝਾ ਰੋਸ ਮੁਜ਼ਾਹਰਾ ਕੀਤਾ। ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਭਾਕਿਯੂ ਏਕਤਾ ਉਗਰਾਹਾਂ ਨੇ ਗੁਰਪਾਸ਼ ਸਿੰਘੇਵਾਲਾ ਦੀ ਅਗਵਾਈ ਹੇਠ ਐਨਐਚ9 ’ਤੇ ਕਰੀਬ ਚਾਰ ਘੰਟੇ ਸੜਕ ਜਾਮ ਕੀਤਾ। ਕਿਸਾਨ ਸੁਖਵੀਰ ਸਰਾਂ, ਬ੍ਰਿਜ ਲਾਲ ਵੜਿੰਗਖੇੜਾ, ਪ੍ਰਕਾਸ਼ ਸਿੰਘ ਤੇਜਿੰਦਰਪਾਲ ਭਾਟੀ, ਗੁਰਮਹਿੰਦਰ ਸਿੰਘ ਤੇ ਇੰਦਰਜੀਤ ਸਿੰਘ ਹੋਰਨਾਂ ਨੇ ਕਿਹਾ ਕਿ ਉਹ 22-23 ਦਿਨਾਂ ਤੋਂ ਮੰਡੀ ’ਚ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਨਾ ਬੋਲੀ ਲੱਗ ਰਹੀ। ਨਾ ਖਰੀਦ ਹੋ ਰਹੀ ਤੇ ਫ਼ਸਲ ਚੁਕਾਈ ਹੋ ਰਹੀ। ਆੜ੍ਹਤੀਏ ਤਿੰਨ ਫ਼ੀਸਦ ਸਫ਼ਾਈ ਦੀ ਕਾਟ ਉੱਪਰੋਂ 5 ਫ਼ੀਸਦੀ ਮੰਗ ਰਹੇ ਹਨ। ਆੜ੍ਹਤੀਆਂ ਤੇ ਕਿਸਾਨਾਂ ਨੇ ਦੋਸ਼ ਲਗਾਇਆ ਕਿ ਮੰਡੀ ‘ਚ ਖਰੀਦ ਕਾਰਜ ਮਿਲੀਭੁਗਤ ਨਾਲ ਚੱਲ ਰਿਹਾ ਹੈ। ਜ਼ਬਰੀ ਕਾਟ ਖ਼ਿਲਾਫ਼ ਦਾਣਾ ਮੰਡੀ ਵਿੱਚ ਕੰਮ ਬੰਦ ਰੱਖਿਆ। ਮੁਜ਼ਾਹਰੇ ਮੌਕੇ ਪੁੱਜੇ ਐੱਸਡੀਐੱਮ ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਖਰੀਦ ਪ੍ਰਬੰਧਾਂ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਮਜ਼ਦੂਰਾਂ ਨਾਲ ਮੀਟਿੰਗ ’ਚ ਕਾਟ ਮੰਗਣ ਵਾਲੇ ਸ਼ੈਲਰਾਂ ਖਿਲਾਫ਼ ਲਿਖਤੀ ਸ਼ਿਕਾਇਤ ਮੰਗੀ।