ਮੁੱਖ ਮੰਤਰੀ ਦੀ ਕੋਠੀ ਅੱਗੇ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਖਿੱਚ-ਧੂਹ
ਗੁਰਦੀਪ ਸਿੰਘ ਲਾਲੀ
ਸੰਗਰੂਰ, 17 ਸਤੰਬਰ
ਮੁੱਖ ਮੰਤਰੀ ਦੀ ਕੋਠੀ ਅੱਗੇ ਖਰਾਬ ਮੌਸਮ ਦੇ ਬਾਵਜੂਦ ਪੰਜਾਬ ਦੀਆਂ ਤਿੰਨ ਵੱਖ-ਵੱਖ ਜਥੇਬੰਦੀਆਂ ਪੰਜਾਬ ਏਡਜ਼ ਕੰਟਰੌਲ ਐਂਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ, ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ 5994 ਅਤੇ ਪੀਐੱਸ ਟੈਟ ਯੂਨੀਅਨ ਪੰਜਾਬ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਮੌਕੇ ’ਤੇ ਸਰਕਾਰ ਖ਼ਿਲਾਫ਼ ਇਕਜੁੱਟ ਹੋਈਆਂ ਤਿੰਨੋਂ ਜਥੇਬੰਦੀਆਂ ਦੇ ਵਰਕਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਵੀ ਹੋਈ ਪਰ ਪੁਲੀਸ ਵੱਲੋਂ ਸਖ਼ਤ ਨਾਕੇਬੰਦੀ ਕਰਨ ਕਰਕੇ ਅੱਗੇ ਨਹੀਂ ਵਧਣ ਦਿੱਤਾ ਗਿਆ। ਇਸ ਮੌਕੇ ਪੰਜਾਬ ਏਡਜ਼ ਕੰਟਰੋਲ ਐਂਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਉਲ ਨੇ ਕਿਹਾ ਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ (ਸਿਹਤ ਵਿਭਾਗ) ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਐੱਚਆਈਵੀ/ਏਡਜ਼ ਦੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਮਰੀਜ਼ ਦੀ ਸੇਵਾ ਸੰਭਾਲ ਅਤੇ ਬਚਾਅ ਲਈ ਪਿਛਲੇ 25 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਾਂ ਪਰ ਅਜੇ ਤੱਕ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਕਿ ਚੋਣਾਂ ਤੋਂ ਪਹਿਲਾਂ ਦਿੱਲੀ ਸਰਕਾਰ ਦੀ ਤਰਜ਼ ’ਤੇ ਗਰੁੱਪ ਸੀ ਅਤੇ ਡੀ ਦੇ ਕਰਮਚਾਰੀਆਂ ਨੂੰ 20 ਫ਼ੀਸਦੀ ਵਾਧਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਇਹ ਵਾਧਾ ਅਪਰੈਲ-2022 ਤੋਂ ਕੀਤਾ ਜਾਵੇ। ਦਿੱਲੀ ਸਰਕਾਰ ਵੱਲੋਂ ਹੁਣ ਇਹ ਵਾਧਾ 40 ਫ਼ੀਸਦੀ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੀ ਦਿੱਲੀ ਸਰਕਾਰ ਦੀ ਤਰਜ਼ ’ਤੇ 40 ਫ਼ੀਸਦੀ ਵਾਧਾ ਕਰੇ ਅਤੇ ਜਲਦ ਸੇਵਾਵਾਂ ਰੈਗੂਲਰ ਕਰੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸੋਸੀਏਸ਼ਨ ਦੀ ਕੈਬਨਿਟ ਸਬ ਕਮੇਟੀ ਨਾਲ 25 ਸਤੰਬਰ ਦੀ ਚੰਡੀਗੜ੍ਹ ਵਿੱਚ ਮੀਟਿੰਗ ਤੈਅ ਕਰਵਾਈ ਗਈ।
ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ 5994 ਦੇ ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਆਗੂ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਈਟੀਟੀ ਕਾਡਰ ਵਿਚ 5994 ਅਧਿਆਪਕਾਂ ਦੀ ਭਰਤੀ ਲਈ ਪ੍ਰੀਖਿਆ 5 ਮਾਰਚ ਨੂੰ ਹੋਈ ਸੀ । 5994 ਭਰਤੀ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਡੀ ਰਿਜ਼ਰਵ ਕਰਕੇ ਬਣਦੀ ਸਕਰੂਟਨੀ ਕੀਤੀ ਜਾਵੇ ਅਤੇ ਸਕਰੂਟਨੀ ਕਰਵਾ ਚੁੱਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਕੂਲਾਂ ਵਿਚ ਭੇਜਿਆ ਜਾਵੇ। ਭਰਤੀ ਸਬੰਧੀ ਹਾਈ ਕੋਰਟ ਵਿਚ ਸਰਕਾਰ ਵਲੋਂ ਪੈਰਵਾਈ ਕੀਤੀ ਜਾਵੇ ਅਤੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾਵੇ। ਇਸ ਮੌਕੇ ਯੂਨੀਅਨ ਆਗੂ ਸੁਖਵਿੰਦਰ ਸਿੰਘ, ਸੁਰਿੰਦਰ, ਬਲਵਿੰਦਰ ਸਿੰਘ, ਕਰਨ ਸਿੰਘ, ਸਰਬਜੀਤ ਸਿੰਘ ਮੌਜੂਦ ਸਨ। ਪ੍ਰਸ਼ਾਸਨ ਵੱਲੋਂ ਯੂਨੀਅਨ ਦੀ ਚੰਡੀਗੜ੍ਹ ਵਿੱਚ 27 ਸਤੰਬਰ ਦੀ ਮੀਟਿੰਗ ਤੈਅ ਕਰਵਾਈ ਗਈ। ਪੀਐੱਸ ਟੈਟ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਬੇਰੁਜ਼ਗਾਰਾਂ ਵੱਲੋਂ ਵੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸੋਨੂੰ ਕੰਬੋਜ ਨੇ ਕਿਹਾ ਕਿ ਬਾਕੀ ਰਾਜਾਂ ਟੈਟ ਦਾ ਪੇਪਰ ਹਰ ਸਾਲ ਲਿਆ ਜਾਵੇ। ਪੀ ਟੈਟ ਦਾ ਬਾਕੀ ਅਸਾਮੀਆਂ ਵਾਂਗ ਕੈਲੰਡਰ ਜਾਰੀ ਕੀਤਾ ਜਾਵੇ, ਟੈਟ ਦੇ ਪੇਪਰ ਵਿਚ ਕੋਈ ਮਿਸ ਪ੍ਰਿੰਟਿੰਗ ਨਾ ਹੋਵੇ, ਅੰਗਹੀਣਾਂ ਨੂੰ ਨਿਯਮਾਂ ਅਨੁਸਾਰ ਪੇਪਰ ਲਈ ਸਮਾਂ ਦਿੱਤਾ ਜਾਵੇ।