ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਬੇਰੁਜ਼ਗਾਰਾਂ ਤੇ ਪੁਲੀਸ ਵਿਚਾਲੇ ਖਿੱਚ-ਧੂਹ
ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਫਰਵਰੀ
ਇੱਥੇ ਅੱਜ ਬੇਰੁਜ਼ਗਾਰ ਸਾਂਝੇ ਮੋਰਚਾ ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾਂਦੇ ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ਵਿਚਾਲੇ ਕਾਫੀ ਖਿੱਚ-ਧੂਹ ਹੋਈ। ਇਸ ਦੌਰਾਨ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਅੱਗੇ ਵਧਣਾ ਚਾਹੁੰਦੇ ਸਨ, ਜਦਕਿ ਮੌਕੇ ’ਤੇ ਤਾਇਨਾਤ ਪੁਲੀਸ ਮੁਲਾਜ਼ਮ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਰਹੇ ਸਨ। ਇਸ ਮੌਕੇ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਖਿੱਚ-ਧੂਹ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਉਸੇ ਥਾਂ ਧਰਨਾ ਆਰੰਭ ਦਿੱਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਬੇਰੁਜ਼ਗਾਰ ਸਾਂਝਾ ਮੋਰਚੇ ਦੀ ਅਗਵਾਈ ਹੇਠ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਓਵਰਏਜ ਬੇਰੁਜ਼ਗਾਰ ਯੂਨੀਅਨ, ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ, ਬੀਐੱਡ ਮੈਥ-ਸਾਇੰਸ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਅਤੇ ਆਰਟ ਐਂਡ ਕਰਾਫ਼ਟ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਕਾਰਕੁਨ ਸਥਾਨਕ ਮਿਲਕ ਪਲਾਂਟ ਨੇੜੇ ਇਕੱਤਰ ਹੋਏ। ਇਸ ਮਗਰੋਂ ਉਨ੍ਹਾਂ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣਾ ਸ਼ੁਰੂ ਕੀਤਾ ਜਿੱਥੇ ਕਲੋਨੀ ਦੇ ਮੁੱਖ ਗੇਟ ਨੇੜੇ ਪਹੁੰਚਣ ’ਤੇ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਜਬਰੀ ਅੱਗੇ ਵਧਣਾ ਚਾਹਿਆ ਜਿਸ ਕਰ ਕੇ ਪੁਲੀਸ ਤੇ ਉਨ੍ਹਾਂ ਵਿਚਾਲੇ ਧੱਕਾ-ਮੁੱਕੀ ਹੋਈ।
ਇਸ ਮੌਕੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾਈ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਸਿੰਘ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਝੁਨੀਰ ਤੇ ਹਰਜਿੰਦਰ ਮਾਨਸਾ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਚੋਣਾਂ ਵੇਲੇ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਇੱਕ ਪਾਸੇ ਸਰਕਾਰ ਪਿੰਡ-ਪਿੰਡ ਕੈਂਪ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਆਪਣੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਮੁੱਖ ਮੰਤਰੀ ਦੇ ਦੁਆਰ ’ਤੇ ਪੁੱਜਣ ਵਾਲਿਆਂ ਨੂੰ ਪੁਲੀਸ ਦੀ ਮਦਦ ਨਾਲ ਰੋਕ ਦਿੱਤਾ ਜਾਂਂਦਾ ਹੈ। ਉਨ੍ਹਾਂ ਰੋਸ ਜਤਾਇਆ ਕਿ ‘ਆਪ’ ਸਰਕਾਰ ਨੇ ਹੁਣ ਤੱਕ ਸਿੱਖਿਆ ਤੇ ਸਿਹਤ ਵਿਭਾਗ ਵਿੱਚ ਭਰਤੀ ਦਾ ਕੋਈ ਇਸ਼ਤਿਹਾਰ ਜਾਰੀ ਨਹੀਂ ਕੀਤਾ ਹੈ।
ਇਸ ਦੌਰਾਨ ਡੀਐੱਸਪੀ (ਡੀ) ਗੁਰਦੇਵ ਸਿੰਘ ਧਾਲੀਵਾਲ ਨੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਲਈ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 21 ਫਰਵਰੀ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਦੀ ਮੀਟਿੰਗ ਤੈਅ ਕਰਵਾਈ ਗਈ, ਜਿਸ ਮਗਰੋਂ ਪ੍ਰਦਰਸ਼ਨ ਸਮਾਪਤ ਹੋਇਆ।