ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਸ਼ੁਰੂ
ਹਤਿੰਦਰ ਮਹਿਤਾ
ਜਲੰਧਰ, 24 ਅਕਤੂਬਰ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।
ਇਸ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਡਾ. ਰਵਜੋਤ ਨੇ ਕਿਹਾ ਕਿ ਸ਼ਹਿਰ ਅਤੇ ਇਲਾਕਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰੇ ਨਾਗਰਿਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ, ‘‘ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਵਿੱਚ ਸਾਫ਼-ਸਫ਼ਾਈ ਰੱਖਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ।’’ ਉਨ੍ਹਾਂ ਲੋਕਾਂ ਨੂੰ ਆਪਣੇ ਆਸ-ਪੜੋਸ ਦੀ ਸਾਫ਼-ਸਫਾਈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।
ਡਾ. ਰਵਜੋਤ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਰਾਜ ਭਰ ਵਿੱਚ ਨਗਰ ਨਿਗਮਾਂ/ਕੌਂਸਲਾਂ ਦੇ ਸਟਾਫ਼ ਵੱਲੋਂ ਆਪਣੇ ਰੁਟੀਨ ਕੰਮ ਦੇ ਬਾਵਜੂਦ ਰੋਜ਼ਾਨਾ ਇੱਕ ਵਾਧੂ ਘੰਟਾ ਸਫਾਈ ਦੇ ਕੰਮਾਂ ਲਈ ਸਮਰਪਿਤ ਕੀਤਾ ਜਾਵੇਗਾ।
ਮੰਤਰੀ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦੀ ਅਪੀਲ ਵੀ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਸ ਮੁਹਿੰਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਵਿਅਕਤੀਗਤ ਤੌਰ ’ਤੇ ਇਸ ਦੀ ਨਿਗਰਾਨੀ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਨੇ ਭਰੋਸਾ ਪ੍ਰਗਟਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਪੰਜਾਬ ਵਿੱਚ ਹੋਣ ਵਾਲੀਆਂ ਚਾਰੇ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਜਿੱਤ ਹਾਸਲ ਕਰੇਗੀ।
ਇਸ ਮੌਕੇ ਡਾ. ਰਵਜੋਤ ਨੇ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਹੌਸਲਾ-ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸ਼ਹਿਰ ਦੀ ਸਾਫ-ਸਫਾਈ ਲਈ ਹੋਰ ਤਗੜੇ ਹੋ ਕੇ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ।
ਇਸ ਦੌਰਾਨ ਇੱਕ ਐੱਨਜੀਓ ਜਗਦੰਬੇ ਹੈਂਡੀਕ੍ਰਾਫ਼ਟਸ ਵਿਮੈਨ ਵੈੱਲਫੇਅਰ ਸੁਸਾਇਟੀ ਵੱਲੋਂ ਵੇਸਟ ਮਟੀਰੀਅਲ ਤੋਂ ਬਣੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ।