ਸਿਰਸਾ ਵਿੱਚ ਕਲਰਕਾਂ ਵੱਲੋਂ ਤਨਖ਼ਾਹ ਵਧਾਉਣ ਲਈ ਹੜਤਾਲ ਜਾਰੀ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 6 ਜੁਲਾਈ
ਤਨਖ਼ਾਹ ਵਧਾਉਣ ਦੀ ਮੰਗ ਲਈ ਜ਼ਿਲ੍ਹੇ ਭਰ ਦੇ ਸਰਕਾਰੀ ਦਫ਼ਤਰਾਂ ਦੇ ਕਲਰਕ ਅੱਜ ਦੂਜੇ ਦਿਨ ਵੀ ਹੜਤਾਲ ’ਤੇ ਰਹੇ। ਕਲਰਕਾਂ ਦੀ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ’ਚ ਆਮ ਲੋਕਾਂ ਦੇ ਕੰਮ ਅੱਜ ਦੂਜੇ ਦਿਨ ਵੀ ਰੁੱਕੇ ਰਹੇ। ਕੁਝ ਵਿਭਾਗਾਂ ਨੇ ਚੌਥਾ ਦਰਜਾ ਤੇ ਆਊਟਸੋਰਸਿੰਗ ਕਰਮਚਾਰੀਆਂ ਦੇ ਸਹਾਰੇ ਕੰਮ ਚਲਾਉਣ ਦੀ ਵੀ ਕੋਸ਼ਿਸ਼ ਕੀਤੀ ਤਾਂ ਜੋ ਲੋਕਾਂ ਨੂੰ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ।
ਸਰਕਾਰੀ ਵਿਭਾਗਾਂ ਦੇ ਕਲਰਕਾਂ ਨੇ ਆਪਣੀ ਤਨਖਾਹ 35400 ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਦੂਜੇ ਦਿਨ ਵੀ ਹੜਤਾਲ ਕੀਤੀ। ਸਾਰੇ ਵਿਭਾਗਾਂ ਦੇ ਕਰਮਚਾਰੀ ਮਿਨੀ ਸਕੱਤਰੇਤ ਦੇ ਬਾਹਰ ਇਕੱਠੇ ਹੋਏ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇੇ ਕਰਮਚਾਰੀ ਨੇਤਾਵਾਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਕਲਰਕਾਂ ਦੀ ਤਨਖਾਹ 19900 ਤੋਂ ਵਧਾ ਕੇ 35400 ਕੀਤੇ ਜਾਣ ਦੀ ਲੰਮੇ ਸਮੇਂ ਤੋਂ ਮੰਗ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ ’ਤੇ ਕੋਈ ਜੂੰ ਨਹੀਂ ਸਰਕ ਰਹੀ। ਕਰਮਚਾਰੀਆਂ ਦੀ ਹੜਤਾਲ ਕਾਰਨ ਦਫ਼ਤਰਾਂ ’ਚ ਆਪਣਾ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹਾਲਾਂਕਿ ਕੁਝ ਦਫ਼ਤਰਾਂ ਵਿੱਚ ਇਸ ਦਾ ਅਸਰ ਵੇਖਣ ਨੂੰ ਨਹੀਂ ਮਿਲਿਆ।
ਨਗਰ ਪਰਿਸ਼ਦ ਦੇ ਸਾਰੇ ਕਲਰਕਾਂ ਦੀ ਹੜਤਾਲ ’ਤੇ ਹੋਣ ਕਾਰਨ ਦਫ਼ਤਰ ਦਾ ਕੰਮ-ਕਾਜ ਪ੍ਰਭਾਵਿਤ ਹੋਇਆ ਤੇ ਪ੍ਰਾਪਰਟੀ ਆਈਡੀ ਦੀਆਂ ਖਾਮੀਆਂ ਦੂਰ ਕਰਨ ਲਈ ਆਏ ਲੋਕਾਂ ਦੀਆਂ ਫਾਈਲਾਂ ਜਮ੍ਹਾਂ ਨਹੀਂ ਹੋਈਆਂ। ਡੋਮੀਸਾਈਲ ਬਣਾਉਣ ਦਾ ਕੰਮ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।
ਉੱਧਰ, ਹੜਤਾਲ ਕਰ ਰਹੇ ਕਰਮਚਾਰੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਕਲਰਕ ਵੱਡੀ ਗਿਣਤੀ ’ਚ ਮੌਜੂਦ ਸਨ।