ਅਕਾਲ ਤਖ਼ਤ ਦੇ ਜਥੇਦਾਰ ਨਾਲ ਅਕਾਲੀ ਆਗੂਆਂ ਦੀ ਬੰਦ ਕਮਰਾ ਮੀਟਿੰਗ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 21 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਨਾਲ ਮਾਛੀਵਾੜਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਡੇਢ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਮੀਟਿੰਗ ’ਚ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਪਰਮਜੀਤ ਸਿੰਘ ਸਰਨਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਮੌਜੂਦ ਸਨ।
ਮੀਟਿੰਗ ਮਗਰੋਂ ਸ੍ਰੀ ਚੀਮਾ ਨੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਜਥੇਦਾਰ ਰਘਬੀਰ ਸਿੰਘ ਅਤੇ ਬਾਕੀ ਆਗੂ ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਰਵਾਨਾ ਹੋ ਗਏ। ਉਨ੍ਹਾਂ ਦੱਸਿਆ ਕਿ ਜਥੇਦਾਰ ਸਾਹਿਬ ਸ਼ਹੀਦੀ ਜੋੜ ਮੇਲ ਕਰ ਕੇ ਇੱਥੇ ਨਤਮਸਤਕ ਹੋਣ ਆਏ ਸਨ। ਸ੍ਰੀ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਨੇ ਜਥੇਦਾਰ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਦੇ ਸਮੂਹ ਆਗੂ ਤੇ ਵਰਕਰ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਮੰਨਣ ਨੂੰ ਪਾਬੰਦ ਹਨ। ਇਸ ਲਈ ਸ਼ਹੀਦੀ ਜੋੜ ਮੇਲਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾ ਕੇ ਅਗਲੇ ਫ਼ੈਸਲੇ ਲਏ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੀ ਇੱਕਜੁਟਤਾ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਇਕਜੁੱਟ ਹੈ ਪਰ ਜੇ ਕਿਸੇ ਆਗੂ ਤੇ ਮਨ ਵਿੱਚ ਖੋਟ ਹੈ ਤਾਂ ਉਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਿਛਲੇ 72 ਘੰਟੇ ਵਿਚ ਇਲਾਕੇ ਵਿੱਚ ਦੋ ਮੀਟਿੰਗਾਂ ਨੇ ਨਵੀਂ ਚਰਚਾ ਛੇੜੀ ਬਣੀ ਹੋਈ ਹੈ।