ਕੋਚਿੰਗ ਸੈਂਟਰ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਅਧਿਕਾਰੀਆਂ ਦੀ ਖਿਚਾਈ
ਨਵੀਂ ਦਿੱਲੀ, 31 ਜੁਲਾਈ
ਦਿੱਲੀ ਹਾਈ ਕੋਰਟ ਨੇ ਇੱਥੋਂ ਦੇ ਇੱਕ ਕੋਚਿੰਗ ਸੈਂਟਰ ਦੀ ਇਮਾਰਤ ਦੀ ‘ਬੇਸਮੈਂਟ’ ਵਿੱਚ ਪਾਣੀ ਭਰਨ ਕਾਰਨ ਸਿਵਲ ਸੇਵਾਵਾਂ ਦੇ ਤਿੰਨ ਉਮੀਦਵਾਰਾਂ ਦੀ ਮੌਤ ਦੇ ਮਾਮਲੇ ਵਿੱਚ ਅੱਜ ਅਧਿਕਾਰੀਆਂ ਦੀ ਖਿਚਾਈ ਕਰਦਿਆਂ ਕਿਹਾ ਕਿ ਜਦੋਂ ਮੁਫ਼ਤ ਦੀਆਂ ਸੌਗਾਤਾਂ ਵੰਡਣ ਦੇ ਸਭਿਆਚਾਰ ਕਾਰਨ ਕਰ ਇਕੱਠਾ ਨਹੀਂ ਹੁੰਦਾ ਤਾਂ ਅਜਿਹੇ ਦੁਖਾਂਤ ਵਾਪਰਨਾ ਸੁਭਾਵਕ ਹੈ।
ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਤੁਸ਼ਾਰ ਰਾਓ ਦੀ ਬੈਂਚ ਨੇ ਕਿਹਾ ਕਿ ਇੱਕ ‘ਅਜੀਬ ਜਾਂਚ’ ਚੱਲ ਰਹੀ ਹੈ ਜਿਸ ਵਿੱਚ ਕੋਚਿੰਗ ਸੈਂਟਰ ਨੇੜਿਓਂ ਲੰਘ ਰਹੀ ਕਾਰ ਦੇ ਚਾਲਕ ਖ਼ਿਲਾਫ਼ ਪੁਲੀਸ ਕਾਰਵਾਈ ਕੀਤੀ ਗਈ ਹੈ, ਪਰ ਦਿੱਲੀ ਨਗਰ ਨਿਗਮ (ਐੱਮਸੀਡੀ) ਦੇ ਅਧਿਕਾਰੀਆਂ ਖ਼ਿਲਾਫ਼ ਨਹੀਂ। ਬੈਂਚ ਨੇ ਕਿਹਾ ਕਿ ਬਹੁ-ਮੰਜ਼ਿਲਾ ਇਮਾਰਤਾਂ ਨੂੰ ਚਲਾਉਣ ਦੀ ਇਜ਼ਾਜਤ ਦਿੱਤੀ ਜਾ ਰਹੀ ਹੈ, ਪਰ ਪਾਣੀ ਦੀ ਨਿਕਾਸੀ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਹੈ। ਉਧਰ, ਦਿੱਲੀ ਸਰਕਾਰ ਦੇ ਮੁੱਖ ਸਕੱਤਰ ਨੇ ਕਿਹਾ ਕਿ ਡਰੇਨਾਂ ਦੀ ਸਾਫ਼-ਸਫ਼ਾਈ ਦਾ ਕੰਮ ਤੀਸਰੀ ਧਿਰ ਤੋਂ ਆਡਿਟ ਨਾ ਕਰਵਾਏ ਜਾਣ ਤੱਕ ਠੇਕੇਦਾਰਾਂ ਨੂੰ ਅਦਾਇਗੀ ਨਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। -ਪੀਟੀਆਈ