ਮੀਂਹ ਕਾਰਨ ਟ੍ਰਾਈਸਿਟੀ ’ਚ ਠੰਢ ਨੇ ਜ਼ੋਰ ਫੜਿਆ
ਆਤਿਸ਼ ਗੁਪਤਾ
ਚੰਡੀਗੜ੍ਹ, 28 ਦਸੰਬਰ
ਚੰਡੀਗੜ੍ਹ ਟ੍ਰਾਈਸਿਟੀ ਵਿੱਚ ਲੰਘੇ ਦਿਨ ਤੋਂ ਹੀ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਮੀਂਹ ਕਰਕੇ ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ, ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਠੰਢ ਨੇ ਆਮ ਜਨ-ਜੀਵਨ ਵੀ ਪ੍ਰਭਾਵਿਤ ਕਰ ਦਿੱਤਾ ਹੈ। ਉੱਧਰ, ਮੌਸਮ ਵਿਗਿਆਨੀਆਂ ਨੇ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧਣ ਦੀ ਪੇਸ਼ੀਨਗੋਈ ਕੀਤੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ ਚੱਲੇਗੀ ਅਤੇ ਸੰਘਣੀ ਧੁੰਦ ਪਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਲੰਘੇ ਦਿਨ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜੋ ਕਿ ਸਾਰੀ ਰਾਤ ਪੈਂਦਾ ਰਿਹਾ ਹੈ। ਅੱਜ ਵੀ ਦੁਪਹਿਰੇ 11-12 ਵਜੇ ਤੱਕ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ ਹੈ। ਰਾਤ ਸਮੇਂ ਤੇਜ਼ ਮੀਂਹ ਪੈਣ ਕਰਕੇ ਸ਼ਹਿਰ ਦੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਉੱਥੇ ਹੀ ਮੀਂਹ ਦੇ ਨਾਲ ਹੀ ਚੱਲ ਰਹੀਆਂ ਹਵਾਵਾਂ ਨੇ ਲੋਕਾਂ ਨੂੰ ਕੰਬਣੀ ਛੇੜ ਰੱਖੀ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ 24 ਘੰਟਿਆਂ ਦੌਰਾਨ 34.1 ਐੱਮਐੱਮ ਮੀਂਹ ਪਿਆ। ਇਸ ਦੌਰਾਨ ਅੱਜ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 15.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 4.7 ਡਿਗਰੀ ਸੈਲਸੀਅਸ ਘੱਟ ਹੈ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ ਵੀ 12.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੂਜੇ ਪਾਸੇ ਮੁਹਾਲੀ ਵਿੱਚ 24 ਘੰਟਿਆਂ ਵਿੱਚ 32.5 ਐੱਮਐੱਮ ਮੀਂਹ ਪਿਆ। ਅੱਜ ਮੁਹਾਲੀ ’ਚ ਵੱਧ ਤੋਂ ਵੱਧ ਤਾਪਮਾਨ 14.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਘੱਟ ਤੋਂ ਘੱਟ ਤਾਪਮਾਨ 13.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪੰਚਕੂਲਾ ਵਿੱਚ ਵੀ ਅੱਜ ਸਵੇਰ ਤੱਕ ਰੁਕ-ਰੁਕ ਕੇ ਮੀਂਹ ਪੈਂਦਾ ਰਿਹਾ ਹੈ। ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 16.5 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪਹਾੜੀ ਇਲਾਕੇ ’ਚ ਬਰਫ਼ਬਾਰੀ ਕਰਕੇ ਮੈਦਾਨੀ ਖੇਤਰ ਵਿੱਚ ਵਧੇਗੀ ਠੰਢ
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਤੇ ਆਲੇ-ਦੁਆਲੇ ਇਲਾਕੇ ਦੇ ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਮੀਂਹ ਪਿਆ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਵੀ ਵੈਸਟਰਨ ਡਿਸਟਰਬੈਂਸ ਐਕਟਿਵ ਰਹੇਗਾ। ਇਸ ਦੌਰਾਨ ਪਹਾੜੀ ਇਲਾਕੇ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪਹਾੜੀ ਇਲਾਕੇ ਵਿੱਚ ਬਰਫ਼ ਪੈਣ ਕਰਕੇ ਮੈਦਾਨੀ ਇਲਾਕੇ ਵਿੱਚ ਠੰਢੀਆਂ ਹਵਾਵਾਂ ਚੱਲਣਗੀਆਂ, ਜਿਸ ਕਰਕੇ ਤਾਪਮਾਨ ਵਿੱਚ ਹੋਰ ਗਿਰਾਵਟ ਦਰਜ ਕੀਤੀ ਜਾਵੇਗੀ।