Colonel Bath assault case: ਕਰਨਲ ਬਾਠ ਦੇ ਪਰਿਵਾਰ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
ਨਵੀਂ ਦਿੱਲੀ, 30 ਮਾਰਚ
ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਪੰਜਾਬ ਪੁਲੀਸ ਵਲੋਂ ਕੀਤੀ ਕਥਿਤ ਕੁੱਟਮਾਰ ਦੇ ਮਾਮਲੇ ’ਤੇ ਅੱਜ ਕਰਨਲ ਦੇ ਪਰਿਵਾਰ ਨੇ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਰਨਲ ਦੀ ਪਤਨੀ ਪੁਸ਼ਪਿੰਦਰ ਕੌਰ ਨੇ ਮਾਮਲੇ ਦੀ ਸੁਤੰਤਰ ਏਜੰਸੀ ਤੋਂ ਜਾਂਚ ਦੀ ਮੰਗ ਕੀਤੀ। ਇਸ ਮੌਕੇ ਪਰਿਵਾਰ ਨੇ ਸਾਰੇ ਘਟਨਾਕ੍ਰਮ ਸਬੰਧੀ ਜਾਣਕਾਰੀ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਭਲਕੇ 31 ਮਾਰਚ ਨੂੰ ਪਰਿਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਮਿਲੇਗਾ। ਇਸ ਤੋਂ ਪਹਿਲਾਂ ਪਰਿਵਾਰ ਨੇ ਕਿਹਾ ਸੀ ਕਿ ਸੀਬੀਆਈ ਜਾਂਚ ਅਤੇ ਐੱਸਐੱਸਪੀ ਦਾ ਤਬਾਦਲਾ ’ਤੇ ਆਧਾਰਿਤ ਦੋਵੇਂ ਮੰਗਾਂ ਦੀ ਪੂਰਤੀ ਤੱਕ ਪਰਿਵਾਰ ਲੜਦਾ ਰਹੇਗਾ।
ਮੀਟਿੰਗ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਨੇ ਦੁਹਰਾਇਆ ਕਿ ਉਹ ਪਟਿਆਲਾ ਪੁਲੀਸ ’ਤੇ ਭਰੋਸਾ ਨਹੀਂ ਕਰਦੇ ਅਤੇ ਉਨ੍ਹਾਂ ਮਾਮਲੇ ਦੀ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ। ਉਨ੍ਹਾਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਸਾਰੀ ਘਟਨਾ ਬਾਰੇ ਜਾਣੂ ਕਰਵਾ ਦਿੱਤਾ ਹੈ। ਇਸ ਮੌਕੇ ਬਾਠ ਜੋੜੇ ਤੋਂ ਇਲਾਵਾ, ਉਨ੍ਹਾਂ ਦੇ ਰਿਸ਼ਤੇਦਾਰ ਅਤੇ ਪਟਿਆਲਾ ਤੋਂ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਵੀ ਮੌਜੂਦ ਸਨ। ਇਹ ਮੀਟਿੰਗ ਲਗਪਗ 25 ਮਿੰਟ ਚੱਲੀ।
ਸ੍ਰੀ ਢਿੱਲੋਂ ਨੇ ਕਿਹਾ ਕਿ ਰੱਖਿਆ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਮਾਮਲੇ ’ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਫੌਜ ਅਧਿਕਾਰੀ ਦੇ ਨਾਲ ਖੜ੍ਹੇਗੀ ਅਤੇ ਕਰਨਲ ਬਾਠ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਮਿਲੇਗਾ। ਇਸ ਤੋਂ ਪਹਿਲਾਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਹਮਲੇ ਦੇ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਵਿੱਚ ਦੇਰੀ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਸੀ।
ਪੁਸ਼ਪਿੰਦਰ ਬਾਠ ਦੀ ਪਤਨੀ ਜਸਵਿੰਦਰ ਬਾਠ ਨੇ ਦਾਅਵਾ ਕੀਤਾ ਸੀ ਕਿ ਉਸ ਦਾ ਪਤੀ ਅਤੇ ਪੁੱਤਰ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਨੇੜੇ ਇੱਕ ਢਾਬੇ ’ਤੇ ਪਹੁੰਚੇ ਸਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਜਦੋਂ ਉਹ ਕਾਰ ਤੋਂ ਬਾਹਰ ਖੜ੍ਹੇ ਹੋ ਕੇ ਖਾਣਾ ਖਾ ਰਹੇ ਸਨ ਤਾਂ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਕਰਨਲ ਨੂੰ ਕਾਰ ਹਟਾਉਣ ਲਈ ਕਿਹਾ। ਜਦੋਂ ਕਰਨਲ ਨੇ ਪੁਲੀਸ ਅਧਿਕਾਰੀ ਦੀ ਭਾਸ਼ਾ ’ਤੇ ਇਤਰਾਜ਼ ਕੀਤਾ ਤਾਂ ਪੁਲੀਸ ਕਰਮੀਆਂ ਵਿੱਚੋਂ ਇੱਕ ਨੇ ਮੁੱਕਾ ਮਾਰਿਆ ਅਤੇ ਬਾਅਦ ਵਿੱਚ ਸਾਰੇ ਪੁਲੀਸ ਕਰਮਚਾਰੀਆਂ ਨੇ ਉਸ ਦੇ ਪਤੀ ਅਤੇ ਪੁੱਤਰ ਨੂੰ ਦੀ ਕੁੱਟਮਾਰ ਕੀਤੀ।