ਗੁਰੂ ਹਰਿਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 27 ਜੁਲਾਈ
ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਤੇ ਗੁਰੂ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਪੰਜੋਖਰਾ ਸਾਹਿਬ (ਅੰਬਾਲਾ) ਵਿਖੇ ਕਰਾਏ ਜਾ ਰਹੇ ਤਿੰਨ ਰੋਜ਼ਾ ਸਮਾਗਮਾਂ ਦੀ ਲੜੀ ਤਹਿਤ ਅੱਜ ਅਖੰਡ ਪਾਠ ਸਾਹਿਬ ਆਰੰਭ ਕਰਾਏ ਗਏ। ਇਸ ਮਗਰੋਂ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ, ਕਾਰਜਕਾਰਨੀ ਮੈਂਬਰ ਟੀਪੀ ਸਿੰਘ, ਮੈਂਬਰ ਭੁਪਿੰਦਰ ਸਿੰਘ ਬਿੰਦਰਾ, ਬਾਬਾ ਗੁਰਮੀਤ ਸਿੰਘ ਜੀ ਕਾਰਸੇਵਾ ਵਾਲੇ, ਹਰਿਆਣਾ ਕਮੇਟੀ ਦੇ ਵਧੀਕ ਸਕੱਤਰ ਕੁਲਦੀਪ ਸਿੰਘ ਭਾਨੋਖੇੜੀ, ਗੁਰਦੁਆਰਾ ਨਾਡਾ ਸਾਹਿਬ ਦੇ ਹੈੱਡ ਗ੍ਰੰਥੀ ਜਗਜੀਤ ਸਿੰਘ, ਮੈਨੇਜਰ ਹਰਵਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਬੂਟਾ ਸਿੰਘ ਅਤੇ ਪਰਮਜੀਤ ਸਿੰਘ ਸ਼ੇਰਗੜ੍ਹ ਮੌਜੂਦ ਸਨ।
ਇਹ ਨਗਰ ਕੀਰਤਨ ਗੁਰਦੁਆਰਾ ਪੰਜੋਖਰਾ ਸਾਹਿਬ ਤੋਂ ਸ਼ੁਰੂ ਹੋ ਕੇ ਖਤੌਲੀ, ਮੰਡੌਰ, ਜੱਗੀ ਗਾਰਡਨ, ਬਲਦੇਵ ਨਗਰ, ਬਰਨਾਲਾ, ਗਰਨਾਲਾ, ਜਨੇਤਪੁਰ, ਟੁੰਡਲੀ, ਤੋਪਖਾਨਾ, ਟੁੰਡਲਾ, ਡਿਫੈਂਸ ਕਾਲੋਨੀ, ਕੱਲਰਹੇੜੀ, ਨਗਲਾ ਮੋੜ, ਹੰਡੇਸਰਾ ਚੌਕ ਅਤੇ ਤਸਿੰਬਲੀ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਪੰਜੋਖਰਾ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ। ਸੰਗਤ ਨੇ ਆਤਿਸ਼ਬਾਜ਼ੀ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ। ਗੁਰਦੁਆਰਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਦਰਸ਼ਨ ਸਿੰਘ ਸਹਿਗਲ ਨੇ ਕਿਹਾ ਕਿ ਜਥੇਦਾਰ ਭੁਪਿੰਦਰ ਸਿੰਘ ਅਸੰਧ ਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿਚ ਹਰਿਆਣਾ ਕਮੇਟੀ ਬਿਹਤਰ ਢੰਗ ਨਾਲ ਗੁਰੂ ਘਰਾਂ ਦੀ ਸੇਵਾ ਸੰਭਾਲ ਕਰ ਰਹੀ ਹੈ। ਭਲਕੇ 28 ਜੁਲਾਈ ਦੀ ਰਾਤ ਨੂੰ ਕੀਰਤਨ ਦਰਬਾਰ ਹੋਵੇਗਾ ਅਤੇ 29 ਜੁਲਾਈ ਨੂੰ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 10 ਵਜੇ ਤੋਂ ਸ਼ਾਮ 4 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ।