ਅੰਬੇਡਕਰ ਖ਼ਿਲਾਫ਼ ਟਿੱਪਣੀ: ‘ਆਪ’ ਵਰਕਰਾਂ ਨੇ ਅਮਿਤ ਸ਼ਾਹ ਦਾ ਪੁਤਲਾ ਫੂਕਿਆ
ਸ਼ਗਨ ਕਟਾਰੀਆ
ਬਠਿੰਡਾ, 20 ਦਸੰਬਰ
ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਇੱਥੋਂ ਦੇ ਅੰਬੇਡਕਰ ਪਾਰਕ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਡਾ. ਭੀਮ ਰਾਓ ਅੰਬੇਦਕਰ ਖ਼ਿਲਾਫ਼ ਵਿਵਾਦਤ ਟਿੱਪਣੀਆਂ ਵਿਰੁੱਧ ਅੱਜ ਰੋਸ ਪ੍ਰਗਟਾਇਆ। ਵਿਖਾਵਾਕਾਰੀਆਂ ਨੇ ਜਿੱਥੇ ਭਾਜਪਾ ਦੀ ਸੌੜੀ ਸੋਚ ਬਾਰੇ ਚਰਚਾ ਕੀਤੀ, ਉੱਥੇ ਉਨ੍ਹਾਂ ਆਪਣੇ ਗੁੱਸੇ ਦਾ ਇਜ਼ਹਾਰ ਅਮਿਤ ਸ਼ਾਹ ਦਾ ਪੁਤਲਾ ਫੂਕ ਕੇ ਵੀ ਕੀਤਾ। ਪ੍ਰਦਰਸ਼ਨਕਾਰੀਆਂ ’ਚ ਸ਼ਾਮਲ ਨਗਰ ਸੁਧਾਰ ਟਰਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਮਾਰਕਫ਼ੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਅਗਰਵਾਲ, ਪਾਰਟੀ ਦੇ ਬੁਲਾਰੇ ਚੇਅਰਮੈਨ ਨੀਲ ਗਰਗ ਆਦਿ ਨੇ ਦੋਸ਼ ਲਾਇਆ ਕਿ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਅੰਬੇਦਕਰ ਆਰਐਸਐਸ ਨੂੰ ਸ਼ੁਰੂ ਤੋਂ ਹੀ ਚੁਭਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਹਕੂਮਤ ਵਾਲੇ ਰਾਜਾਂ ਅੰਦਰ ਦਲਿਤਾਂ ਅਤੇ ਔਰਤਾਂ ਨੂੰ ਨਫ਼ਰਤ ਦੀ ਨਿਗ੍ਹਾ ਨਾਲ ਦੇਖਿਆ ਜਾਂਦਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਬਾਰੇ ਤਾਜ਼ਾ ਜਨਤਕ ਟਿੱਪਣੀ ਸਿਰਫ ਉਨ੍ਹਾਂ ਦਾ ਹੀ ਨਹੀਂ, ਸਗੋਂ ਪੂਰੇ ਦੇਸ਼ ਅਤੇ ਸੰਵਿਧਾਨ ਦਾ ਘੋਰ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਸਮੇਤ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੂੰ ਇਸ ਘਟੀਆ ਸ਼ਬਦਾਵਲੀ ਬਾਰੇ ਦੇਸ਼ ਵਾਸੀਆਂ ਤੋਂ ਬਿਨਾਂ ਦੇਰੀ ਮੁਆਫੀ ਮੰਗ ਕੇ ਅੱਗੇ ਲਈ ਤੌਬਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੀ ਡਾ. ਅੰਬੇਦਕਰ ਬਾਰੇ ਟਿੱਪਣੀ ਨੂੰ ਲੈ ਕੇ ਦੇਸ਼ ਭਰ ਵਿੱਚ ਰੋਸ ਹੈ।
ਕੋਠਾ ਗੁਰੂ ਵਿੱਚ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ):
ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਪ੍ਰਤੀ ਮਾੜੀ ਸ਼ਬਦਾਵਲੀ ਵਰਤਣ ਦੇ ਰੋਸ ਵਜੋਂ ਭੀਮ ਆਰਮੀ ਭਾਰਤ ਏਕਤਾ ਮਿਸ਼ਨ ਇਕਾਈ ਕੋਠਾ ਗੁਰੂ ਵੱਲੋਂ ਪ੍ਰਧਾਨ ਬੱਗਾ ਸਿੰਘ ਤੇ ਮੀਤ ਪ੍ਰਧਾਨ ਮੱਖਣ ਸਿੰਘ ਦੀ ਅਗਵਾਈ ਹੇਠ ਅੱਜ ਪਿੰਡ ਕੋਠਾ ਦੇ ਮੁੱਖ ਚੌਕ ’ਚ ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਬੱਗਾ ਸਿੰਘ, ਮੀਤ ਪ੍ਰਧਾਨ ਮੱਖਣ ਸਿੰਘ, ਕੌਂਸਲਰ ਕੁਲਵੰਤ ਸਿੰਘ ਸਰਾਂ ਤੇ ਕੌਂਸਲਰ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਕੇਂਦਰੀ ਮੰਤਰੀ ਵਲੋਂ ਸੰਵਿਧਾਨ ਦੇ ਨਿਰਮਾਤਾ ਪ੍ਰਤੀ ਮੰਦੀ ਸ਼ਬਦਾਵਲੀ ਵਰਤਣੀ ਮੰਦਭਾਗੀ ਗੱਲ ਹੈ ਅਤੇ ਸਮਾਜ ਦੇ ਸਾਰੇ ਵਰਗਾਂ ਵੱਲੋਂ ਇਸ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਜਾ ਰਹੀ ਹੈ। ਇਸ ਟਿੱਪਣੀ ਨਾਲ ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਇਸ ਮੌਕੇ ਨਗਰ ਪੰਚਾਇਤ ਕੋਠਾ ਗੁਰੂ ਦੇ ਪ੍ਰਧਾਨ ਅਵਤਾਰ ਸਿੰਘ ਤਾਰਾ, ਕੌਂਸਲਰ ਅੰਮ੍ਰਿਤਪਾਲ ਸਿੰਘ, ਗੁਰਜੰਟ ਜੰਟੂ, ਕਾਲਾ ਬਲਾਹੜਵਾਲਾ, ਆਤਮ ਤੇਜ਼ ਸ਼ਰਮਾ, ਗੁਰਲਾਲ ਸਿੰਘ, ਰਾਣਾ ਸਿੰਘ, ਹਰਮੇਲ ਸਿੰਘ ਆਦਿ ਹਾਜ਼ਰ ਸਨ।