ਅੰਬੇਡਕਰ ਬਾਰੇ ਟਿੱਪਣੀ: ਆਮ ਆਦਮੀ ਪਾਰਟੀ ਵੱਲੋਂ ਸ਼ਾਹ ਖ਼ਿਲਾਫ਼ ਪ੍ਰਦਰਸ਼ਨ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਦਸੰਬਰ
ਆਮ ਆਦਮੀ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਪੰਜਾਬ ਭਰ ’ਚ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਆਗੂਆਂ ਨੇ ਅਮਿਤ ਸ਼ਾਹ ਦੇ ਬਿਆਨ ਨੂੰ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਕਰਾਰ ਦਿੱਤਾ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੂਬੇ ਦੇ ਸਾਰੇ ਸ਼ਹਿਰਾਂ ਵਿੱਚ ਪੁਤਲੇ ਫੂਕੇ ਗਏ ਅਤੇ ਅਮਿਤ ਸ਼ਾਹ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਵੇਰਵਿਆਂ ਅਨੁਸਾਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਆਗੂਆਂ, ਅਹੁਦੇਦਾਰਾਂ, ਵਿਧਾਇਕਾਂ ਅਤੇ ਮੰਤਰੀਆਂ ਸਮੇਤ ਪਾਰਟੀ ਵਰਕਰਾਂ ਨੇ ਅੱਜ ਜਲੰਧਰ, ਪਠਾਨਕੋਟ, ਬਠਿੰਡਾ, ਮਾਨਸਾ, ਲੁਧਿਆਣਾ ਫ਼ਰੀਦਕੋਟ ਮੋਗਾ ਸਮੇਤ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ। ਧਰਨੇ ਦੇਣ ਮਗਰੋਂ ਆਗੂਆਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਵੀ ਸੌਂਪੇ। ਆਮ ਆਦਮੀ ਪਾਰਟੀ ਨੇ ਮੰਗ ਪੱਤਰ ਜ਼ਰੀਏ ਅਮਿਤ ਸ਼ਾਹ ਦੀ ਟਿੱਪਣੀ ਨੂੰ ਦੇਸ਼ ਦੇ ਲੋਕਤੰਤਰ, ਸੰਵਿਧਾਨ ਅਤੇ ਸੰਵਿਧਾਨ ਨਿਰਮਾਤਾ ਦਾ ਅਪਮਾਨ ਦੱਸਿਆ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਾਰਵਾਈ ਕਰੇ। ਆਗੂਆਂ ਅਮਿਤ ਸ਼ਾਹ ਨੂੰ ਤੁਰੰਤ ਮੰਤਰੀ ਮੰਡਲ ’ਚੋਂ ਹਟਾਉਣ ਦੀ ਮੰਗ ਵੀ ਕੀਤੀ। ‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਇਸ ਮਾਮਲੇ ’ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਅਤੇ ਦਲਿਤ ਭਾਈਚਾਰੇ ਤੋਂ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਕਿਉਂਕਿ ਉਹ ਡਾ. ਭੀਮ ਰਾਓ ਅੰਬੇਡਕਰ ਦੀ ਸੋਚ ਤੋਂ ਡਰਦੀ ਹੈ। ਭਾਜਪਾ ਨੂੰ ਦਲਿਤ ਭਾਈਚਾਰੇ ਤੋਂ ਨਫ਼ਰਤ ਹੈ।
ਅਮਿਤ ਸ਼ਾਹ ਮੁਆਫ਼ੀ ਮੰਗਣ: ਚੀਮਾ
ਆਮ ਆਦਮੀ ਪਾਰਟੀ ਦਾ ਵਫ਼ਦ ਰਾਜਪਾਲ ਨੂੰ ਮਿਲਿਆ
ਚੰਡੀਗੜ੍ਹ:
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੱਜ ‘ਆਪ’ ਦਾ ਵਫ਼ਦ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਡਾਕਟਰ ਬੀਆਰ ਅੰਬੇਡਕਰ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ। ਅਮਨ ਅਰੋੜਾ ਨੇ ਕਿਹਾ ਕਿ ਸਮੁੱਚੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਜਿਸ ਕਰਕੇ ਅਮਿਤ ਸ਼ਾਹ ਨੂੰ ਅਹੁਦੇ ਤੋਂ ਹਟਾਇਆ ਜਾਵੇ। ਅਰੋੜਾ ਨੇ ਰਾਜਪਾਲ ਨੂੰ ਸੌਂਪੇ ਮੰਗ ਪੱਤਰ ਵਿੱਚ ਕਿਹਾ ਕਿ ਅਮਿਤ ਸ਼ਾਹ ਨੂੰ ਮੰਤਰੀ ਮੰਡਲ ਵਿੱਚੋਂ ਤੁਰੰਤ ਹਟਾਇਆ ਜਾਵੇ। ਵਫ਼ਦ ਵਿੱਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ,ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਕੁਲਵੰਤ ਸਿੰਘ ਮੁਹਾਲੀ ਆਦਿ ਸ਼ਾਮਲ ਸਨ। -ਟ੍ਰਿਬਿਊਨ ਨਿਊਜ਼ ਸਰਵਿਸ