ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ ’ਤੇ ਚੱਲਣ ਦਾ ਅਹਿਦ
ਪੱਤਰ ਪ੍ਰੇਰਕ
ਤਰਨ ਤਾਰਨ, 28 ਸਤੰਬਰ
ਦਿਹਾਤੀ ਮਜ਼ਦੂਰ ਸਭਾ ਅਤੇ ਮਨਰੇਗਾ ਵਰਕਰਜ਼ ਯੂਨੀਅਨ ਪੰਜਾਬ ਵੱਲੋ ਸ਼ਹੀਦ ਭਗਤ ਸਿੰਘ ਦੇ 117ਵੇਂ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਇੱਥੇ ਸ਼ਹੀਦ ਦੀਪਕ ਧਵਨ ਯਾਦਗਰੀ ਭਵਨ ਵਿੱਚ ਸੈਮੀਨਾਰ ਕਰਵਾਇਆ ਗਿਆ| ਸੈਮੀਨਾਰ ਦੀ ਪ੍ਰਧਾਨਗੀ ਮਨਰੇਗਾ ਆਗੂ ਮੀਨਾ ਕੌਰ ਚੀਮਾ ਅਤੇ ਨਰਿੰਦਰ ਸਿੰਘ ਰਟੌਲ ਨੇ ਕੀਤੀ| ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ. ਜੈਪਾਲ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ’ਤੇ ਰੋਸ਼ਨੀ ਪਾਈ ਅਤੇ ਕਿਹਾ ਕਿ ਭਗਤ ਸਿੰਘ ਨੇ ਕਿਰਤੀ ਜਮਾਤ ਦੇ ਭਲੇ ਲਈ ਸਮਾਜਵਾਦੀ ਵਿਚਾਰਾਂ ਨੂੰ ਅਪਣਾਇਆ ਅਤੇ ਇਨਕਲਾਬ ਦੇ ਨਾਅਰੇ ਨੂੰ ਬਲੰਦ ਕੀਤਾ| ਉਨ੍ਹਾਂ ਕਿਹਾ ਕਿ ਭਗਤ ਸਿੰਘ ਦੀ ਵਿਚਾਰਧਾਰਾ ਅੱਜ ਵੀ ਸਮਾਜ ਲਈ ਰਾਹ-ਦਸੇਰਾ ਹੈ| ਉਨ੍ਹਾਂ ਕਿਰਤੀਆਂ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਹੋਕਾ ਦਿੱਤਾ|
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਵੈਲਫ਼ੇਅਰ ਸੁਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕੀਰਤੀ ਨਗਰ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਸੰਸਥਾ ਦੇ ਪ੍ਰਧਾਨ ਕੁਲਦੀਪ ਧਾਮੀ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ ਫਲਸਫ਼ੇ ਤੋਂ ਪ੍ਰੇਰਨਾ ਲੈਂਦੇ ਹੋਏ ਨਸ਼ਿਆਂ ਤੋਂ ਦੂਰ ਰਹਿ ਕੇ ਦੇਸ਼ ਤੇ ਸਮਾਜ ਹਿੱਤ ਕਾਰਜਾਂ ਵਿਚ ਵਧ ਚੜ੍ਹ ਕੇ ਯੋਗਦਾਨ ਦੇਣਾ ਚਾਹੀਦਾ ਹੈ।
ਇਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫਤਹਿਗੜ੍ਹ ਚੌਕ ’ਚ ਸ਼ਹੀਦ ਭਗਤ ਸਿੰਘ, ਰਾਜ ਗੁਰੂ ਤੇ ਸੁਖਦੇਵ ਦੇ ਬੁੱਤਾਂ ’ਤੇ ਫੁੱਲਮਾਲਾ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ। ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਮੰਤਰੀ ਵਿਜੈ ਸਾਂਪਲਾ, ਵਿੱਤ ਨਿਗਮ ਪੰਜਾਬ ਦੇ ਚੇਅਰਮੈਨ ਸੰਦੀਪ ਸੈਣੀ, ਡਾ. ਸੰਜੈ ਨਾਰਦ, ਕਲੱਬ ਦੇ ਪ੍ਰਧਾਨ ਅਰਵਿੰਦ ਬਿੰਦਰਾ ਅਤੇ ਚੇਅਰਮੈਨ ਰਾਕੇਸ਼ ਸੈਣੀ ਨੇ ਵੀ ਸ਼ਰਧਾਂਜਲੀ ਭੇਟ ਕੀਤੀ।
ਜੈਂਤੀਪੁਰ (ਪੱਤਰ ਪ੍ਰੇਰਕ): ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿੱਚ ਸਕੂਲ ਦੇ ਰੀਡਰਜ਼ ਕਲੱਬ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਸਕੂਲ ਦੇ ਚੇਅਰਮੈਨ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿੱਚ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਭੇਟ ਕੀਤੇ ਗਏ। ਸਕੂਲ ਪ੍ਰਿੰਸੀਪਲ ਅਮਨਦੀਪ ਸਿੰਘ ਤੇ ਰੀਡਰਜ਼ ਕਲੱਬ ਦੇ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਵਿਚਾਰ ਸਾਂਝੇ ਕੀਤੇ।
ਜਲੰਧਰ (ਪੱਤਰ ਪ੍ਰੇਰਕ): ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਦੀ ਅਗਵਾਈ ਅਧੀਨ ਚੱਲ ਰਹੇ ‘ਸੈਂਟਰ ਫਾਰ ਹਿਸਟੋਰੀਕਲ ਸਟੱਡੀਜ਼’ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਲੈਕਚਰ ਕਰਵਾਇਆ ਗਿਆ। ਲੈਕਚਰ ਵਿੱਚ ਮੁੱਖ ਬੁਲਾਰੇ ਵਜੋਂ ਡਾ. ਮਨੂ ਸ਼ਰਮਾ, ਮੁਖੀ ਇਤਿਹਾਸ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਪਹੁੰਚੇ।
ਸ਼ਾਹਕੋਟ (ਪੱਤਰ ਪ੍ਰੇਰਕ): ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਾਲੜੀ ਅਤੇ ਨੂਰਪੁਰ ਚੱਠਾ ’ਚ ਸ਼ਹੀਦ ਭਗਤ ਸਿੰਘ ਦਾ 117 ਵਾਂ ਜਨਮ ਦਿਨ ਮਨਾਇਆ। ਇਨ੍ਹਾਂ ਪਿੰਡਾਂ ਵਿਚ ਬੱਚਿਆਂ ਨੇ ਕੋਰਿਓਗ੍ਰਾਫੀਆਂ ਰਾਹੀਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਕਿਹਾ ਕਿ ਸ਼ਹੀਦਾਂ ਦੀ ਵਿਚਾਰਧਾਰਾ ਨੂੰ ਅਪਣਾ ਕੇ ਸੰਘਰਸ਼ਾਂ ਨਾਲ ਹੀ ਮਜ਼ਦੂਰਾਂ ਦੀ ਮੁਕਤੀ ਹੋ ਸਕਦੀ ਹੈ।
ਫਗਵਾੜਾ (ਪੱਤਰ ਪ੍ਰੇਰਕ): ਸਰਬ ਨੌਜਵਾਨ ਸਭਾ ਤੇ ਸਰਬ ਨੌਜਵਾਨ ਵੈਲਫੇਅਰ ਸੁਸਾਇਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਮਾਗਮ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ ਫਗਵਾੜਾ ਵਿੱਚ ਕਰਵਾਇਆ ਗਿਆ। ਇਸ ’ਚ ਮੁੱਖ ਮਹਿਮਾਨ ਵਜੋਂ ਥਾਣਾ ਸਦਰ ਦੇ ਐੱਸਐੱਚਓ ਅਮਨਦੀਪ ਨਾਹਰ ਸ਼ਾਮਲ ਹੋਏ। ਉਨ੍ਹਾਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਨੂੰ ਫੁੱਲ ਮਾਲਾਵਾਂ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਅੰਮ੍ਰਿਤਸਰ (ਟਨਸ): ਰੈੱਡ ਕਰਾਸ ਸੋਸਾਇਟੀ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਰੈਡ ਕਰਾਸ ਭਵਨ ਅੰਮ੍ਰਿਤਸਰ ਵਿੱਚ ਮਨਾਇਆ ਗਿਆ। ਸਮਾਗਮ ਵਿੱਚ ਵੱਖ-ਵੱਖ ਐੱਨਜੀਓਜ਼, ਨੋਲੇਜ ਵਿਲ੍ਹਾ ਵੈਲਫੇਅਰ ਸੋਸਾਇਟੀ, ਖਾਲਸਾ ਕਾਲਜ ਇੰਜਨੀਅਰਿੰਗ ਅਤੇ ਟੈਕਨਾਲੋਜੀ, ਸ਼ਹਿਜ਼ਾਦਾ ਨੰਦ ਕਾਲਜ, ਰੈੱਡ ਕਰਾਸ ਕੰਪਿਊਟਰ ਸੈਂਟਰ ਦੇ ਵਿਦਿਆਰਥੀਆ ਅਤੇ ਨਹਿਰੂ ਯੂਵਾ ਕੇਂਦਰ ਨੇ ਹਿੱਸਾ ਲਿਆ। ਨੌਜਵਾਨਾਂ ਨੇ ਸ਼ਹੀਦ ਭਗਤ ਸਿੰਘ ਨੂੰ ਯਾਦ ਕਰਦਿਆਂ ਖੂਨਦਾਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਡੀਸੀ ਸਾਕਸ਼ੀ ਸਾਹਨੀ ਸ਼ਾਮਲ ਹੋਏ।
ਅੰਮ੍ਰਿਤਸਰ (ਪੱਤਰ ਪ੍ਰੇਰਕ): ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਮਜੀਠਾ ਅਤੇ ਅੰਮ੍ਰਿਤਸਰ ਜ਼ਿਲ੍ਹਾ ਇਕਾਈ ਵੱਲੋਂ ਸੰਯੁਕਤ ਕਿਸਾਨ ਮੋਰਚੇ ਨੂੰ ਸਮਰਪਿਤ ਅੱਜ ਵਿਰਸਾ ਵਿਹਾਰ ਵਿੱਚ ਸ਼ਹੀਦ ਭਗਤ ਸਿੰਘ ਦਾ 117ਵਾਂ ਜਨਮ ਦਿਨ ਮਨਾਇਆ ਗਿਆ। ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਭੁਪਿੰਦਰ ਸਿੰਘ ਸੰਧੂ ਨੇ ਭਗਤ ਸਿੰਘ ਦੀ ਜ਼ਿੰਦਗੀ ’ਤੇ ਚਾਨਣਾ ਪਾਇਆ। ਮੰਚ ਸੰਚਾਲਨ ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਧਰਵਿੰਦਰ ਸਿੰਘ ਔਲਖ ਨੇ ਕੀਤਾ। ਇਸ ਮੌਕੇ ਆਰਟ ਨਾਟ ਮੰਚ ਵੇਰਕਾ ਦੀ ਟੀਮ ਵੱਲੋਂ ਮਾਸਟਰ ਕੁਲਜੀਤ ਵੇਰਕਾ ਦੇ ਨਿਰਦੇਸ਼ਨ ਹੇਠ ਦੋ ਨਾਟਕ ‘ਬੁੱਤ ਜਾਗ ਪਿਆ’ ਅਤੇ ‘ਕਾਕੇ’, ਤੇ ਲੋਕ ਕਲਾ ਮੰਚ ਮਜੀਠਾ ਦੀ ਟੀਮ ਵੱਲੋਂ ਮਾਸਟਰ ਗੁਰਮੇਲ ਸ਼ਾਮਨਗਰ ਦੇ ਨਿਰਦੇਸ਼ਨ ਹੇਠ ਨਾਟਕ ‘ਮੇਰੇ ਖੂਨ ਨੇ ਰੁੱਖ ਸਿੰਝਿਆ’ ਦਾ ਸਫਲਤਾਪੂਰਵਕ ਮੰਚਨ ਕੀਤਾ ਗਿਆ। ਇਸ ਮੌਕੇ ਕਵੀ ਦਰਬਾਰ ਵੀ ਕਰਵਾਇਆ ਗਿਆ।
ਇਨਕਲਾਬ ਮੇਲੇ ’ਚ ਕੁਲਵਿੰਦਰ ਬਿੱਲਾ ਤੇ ਕੰਵਰ ਗਰੇਵਾਲ ਨੇ ਦਰਸ਼ਕ ਕੀਲੇ
ਬੰਗਾ (ਪੱਤਰ ਪ੍ਰੇਰਕ): ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਖਟਕੜ ਕਲਾਂ ਵਿੱਚ ਕਰਵਾਏ ਜਾ ਰਹੇ ਦੋ ਰੋਜ਼ਾ ਇਨਕਲਾਬ ਮੇਲੇ ਦੇ ਪਹਿਲੇ ਦਿਨ ਅੱਜ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਤੇ ਕੰਵਰ ਗਰੇਵਾਲ ਨੇ ਆਪਣੀ ਗਾਇਕੀ ਰਾਹੀਂ ਦਰਸ਼ਕਾਂ ਨੂੰ ਕੀਲ ਲਿਆ। ਦੇਸ਼ ਭਗਤੀ, ਸੱਭਿਆਚਾਰ ਅਤੇ ਵਿਰਸੇ ਨਾਲ ਜੁੜੇ ਗੀਤਾਂ ਤੋਂ ਇਲਾਵਾ ਉਨ੍ਹਾਂ ਆਪਣੇ ਪ੍ਰਸਿੱਧ ਗੀਤਾਂ ਰਾਹੀਂ ਖੂਬ ਰੰਗ ਬੰਨ੍ਹਿਆ ਅਤੇ ਪੂਰਾ ਪੰਡਾਲ ਝੂਮਣ ਲਾ ਦਿੱਤਾ। ਇਸ ਦੌਰਾਨ ਰੰਗ ਕਲਾ ਮੰਚ ਅਤੇ ਵੱਖ- ਵੱਖ ਕਾਲਜਾਂ-ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ’ਤੇ ਆਧਾਰਿਤ ਕੋਰਿਓਗ੍ਰਾਫੀਆਂ ਅਤੇ ਨਾਟਕਾਂ ਤੋਂ ਇਲਾਵਾ ਗਿੱਧੇ-ਭੰਗੜੇ ਦੀਆਂ ਖੂਬ ਧਮਾਲਾਂ ਪਈਆਂ। ਇਸ ਤੋਂ ਇਲਾਵਾ ਫਸਲੀ ਰਹਿੰਦ-ਖੂੰਹਦ ਅਤੇ ਪਰਾਲੀ ਨਾ ਸਾੜ ਕੇ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੰਦੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਤਿਆਰ ਕਰਵਾਈ ਗਈ ਇਕ ਵਿਸ਼ੇਸ਼ ਵੀਡੀਓ ਕਲਿੱਪ ਵੀ ਖਾਸ ਚਰਚਾ ਦਾ ਵਿਸ਼ਾ ਬਣੀ। 29 ਸਤੰਬਰ ਨੂੰ ਦੂਜੇ ਅਤੇ ਆਖਰੀ ਦਿਨ ਗਾਇਕਾ ਰਾਣੀ ਰਣਦੀਪ, ਜਸਬੀਰ ਜੱਸੀ ਅਤੇ ਕਰਮਜੀਤ ਅਨਮੋਲ ਆਪਣੇ ਹੁਨਰ ਦਾ ਮੁਜ਼ਾਹਰਾ ਕਰਨਗੇ।
ਅਜਨਾਲਾ ’ਚ ਲੱਗੇਗਾ ਸ਼ਹੀਦ ਭਗਤ ਸਿੰਘ ਦਾ ਬੁੱਤ: ਧਾਲੀਵਾਲ
ਅਜਨਾਲਾ (ਪੱਤਰ ਪ੍ਰੇਰਕ): ਅਜਨਾਲਾ ਸ਼ਹਿਰ ’ਚ ਪਹਿਲੇ ਜੰਗ-ਏ-ਆਜ਼ਾਦੀ 1857 ਦੇ 282 ਸ਼ਹੀਦਾਂ ਦੇ ਨਜ਼ਰਬੰਦ ਸਥਾਨ ਪੁਰਾਣੀ ਤਹਿਸੀਲ ਵਿੱਚ ਸ਼ਹੀਦ ਭਗਤ ਸਿੰਘ ਦਾ 117ਵਾਂ ਜਨਮ ਦਿਹਾੜਾ ਮਾਝਾ ਵਿਰਾਸਤ ਟਰੱਸਟ ਅਜਨਾਲਾ ਵੱਲੋਂ ਕਿਸਾਨ ਭਲਾਈ ਸੰਸਥਾ ਸਮੇਤ ਹੋਰ ਸਹਿਯੋਗੀ ਸੰਗਠਨਾਂ ਦੇ ਭਰਵੇਂ ਸਹਿਯੋਗ ਨਾਲ ਮਨਾਇਆ ਗਿਆ। ਸਮਾਗਮ ’ਚ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਟਰੱਸਟ ਦੇ ਪ੍ਰਧਾਨ ਐੱਸ. ਪ੍ਰਸ਼ੋਤਮ ਵੱਲੋਂ ਪੇਸ਼ ਕੀਤੇ ਗਏ ਮੰਗ ਪੱਤਰ ਨੂੰ ਸਿਧਾਂਤਿਕ ਤੌਰ ’ਤੇ ਪ੍ਰਵਾਨਗੀ ਦਿੰਦਿਆਂ ਐਲਾਨ ਕੀਤਾ ਕਿ ਚੋਣ ਜ਼ਾਬਤਾ ਹਟਣ ਪਿੱਛੋਂ ਮਾਝਾ ਵਿਰਾਸਤ ਟਰੱਸਟ ਤੇ ਨਗਰ ਪੰਚਾਇਤ ਅਜਨਾਲਾ ਨਾਲ ਮੀਟਿੰਗ ਕਰਕੇ ਅਜਨਾਲਾ ਸ਼ਹਿਰ ’ਚ ਢੁਕਵੇਂ ਸਥਾਨ ’ਤੇ ਭਗਤ ਸਿੰਘ ਦਾ ਬੁੱਤ ਸਥਾਪਤ ਕਰਨ ਤੋਂ ਇਲਾਵਾ ਸ਼ਹੀਦਾਂ ਦੇ ਇਸ ਨਜ਼ਰਬੰਦ ਤੇ ਸ਼ਾਹਾਦਤ ਸਥਾਨ ਪੁਰਾਣੀ ਤਹਿਸੀਲ ਨੂੰ ਪੰਜਾਬ ਦੀ ਆਧੂਨਿਕ ਟੂਰਿਸਟ ਹੱਬ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਵੱਲੋਂ ਪੌਦੇ ਵੀ ਲਾਏ ਗਏ।
ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮੋਟਰਸਾਈਕਲ ਮਾਰਚ
ਫਿਲੌਰ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਅੱਜ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਮੋਟਰਸਾਈਕਲ ਰੈਲੀ ਕੱਢੀ ਗਈ, ਜਿਸ ਵਿਚ ਵੱਖ ਵੱਖ ਪਿੰਡਾਂ ਤੋਂ ਆਏ ਨੌਜਵਾਨਾਂ ਨੇ ਭਗਤ ਸਿੰਘ ਨੂੰ ਯਾਦ ਕਰਦਿਆਂ ਫ਼ਿਰਕਾਪ੍ਰਸਤੀ, ਬੇਰੁਜ਼ਗਾਰੀ, ਨਸ਼ਿਆਂ, ਅਨਪੜ੍ਹਤਾ ਅਤੇ ਦਲਿਤਾਂ ਉੱਪਰ ਹੋ ਰਹੇ ਅਤਿਆਚਾਰ ਖ਼ਿਲਾਫ਼ ਲੜਾਈ ਜਾਰੀ ਰੱਖਣ ਦਾ ਅਹਿਦ ਲਿਆ। ਇਹ ਰੈਲੀ ਇਥੋਂ ਹੁੰਦੀ ਹੋਈ ਗੁਰਾਇਆ ਅਤੇ ਫਿਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਰਵਾਨਾ ਹੋ ਗਈ। ਇਸ ਮਾਰਚ ਦੀ ਅਗਵਾਈ ਮੱਖਣ ਸੰਗਰਾਮੀ, ਸੁਨੀਲ ਭੈਣੀ, ਤਰਜਿੰਦਰ ਧਾਲੀਵਾਲ, ਗਗਨਦੀਪ ਗੱਗਾ, ਪ੍ਰਭਾਤ ਕਵੀ, ਰਿਕੀ ਮੀਓਵਾਲ, ਗਗਨਦੀਪ ਗੱਗਾ ਨੇ ਕੀਤੀ। ਇਸ ਮੌਕੇ ਨੌਜਵਾਨਾ ਨੂੰ ਸੰਬੋਧਨ ਕਰਦਿਆ ਸਭਾ ਦੇ ਜ਼ਿਲ੍ਹਾ ਸਕੱਤਰ ਐਡਵੋਕੇਟ ਅਜੈ ਫ਼ਿਲੌਰ, ਤਹਿਸੀਲ ਪ੍ਰਧਾਨ ਗੁਰਦੀਪ ਗੋਗੀ ਨੇ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣ ਦੀ ਅਪੀਲ ਕੀਤੀ।