ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ਾਂ ਦੀ ਪੜਤਾਲ ਲਈ ਕਮੇਟੀ ਕਾਇਮ
ਜੋਗਿੰਦਰ ਸਿੰਘ ਓਬਰਾਏ
ਦੋਰਾਹਾ, 19 ਦਸੰਬਰ
ਇੱਥੋਂ ਦੇ ਨੇੜਲੇ ਇਤਿਹਾਸਕ ਅਸਥਾਨ ਗੁਰਦੁਆਰਾ ਦੇਗਸਰ ਸਾਹਿਬ (ਕਟਾਣਾ ਸਾਹਿਬ) ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ ਗਈ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਵਾਸੀ ਮੁਕਤਸਰ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲ ਸ਼ਿਕਾਇਤ ਕਰ ਕੇ ਜਥੇਦਾਰ ’ਤੇ ਗੰਭੀਰ ਦੋਸ਼ ਲਾਏ ਸਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਵੱਲੋਂ ਚਰਚਾ ਉਪਰੰਤ ਫੈਸਲਾ ਲਿਆ ਗਿਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਜ਼ਰੂਰੀ ਹੈ। ਇਸ ਦੌਰਾਨ ਇਕ ਮਤੇ ਰਾਹੀਂ ਪੜਤਾਲ ਲਈ ਸਬ-ਕਮੇਟੀ ਕਾਇਮ ਕੀਤੀ ਗਈ। ਇਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਕਮੇਟੀ 15 ਦਿਨਾਂ ਵਿਚ ਪੜਤਾਲ ਮੁਕੰਮਲ ਕਰ ਕੇ ਆਪਣੀ ਰਿਪਰੋਟ ਪੇਸ਼ ਕਰੇਗੀ। ਇਹ ਵੀ ਫ਼ੈਸਲਾ ਹੋਇਆ ਕਿ ਪੜਤਾਲ ਦੀ ਰਿਪਰੋਟ ’ਤੇ ਫ਼ੈਸਲੇ ਤੱਕ ਤਖ਼ਤ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣਗੇ। ਇਸ ਮੌਕੇ ਬਲਦੇਵ ਸਿੰਘ ਕਲਿਆਣ, ਬੀਬੀ ਹਰਜਿੰਦਰ ਕੌਰ, ਸੁਰਜੀਤ ਸਿੰਘ, ਪਰਮਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਗੜ੍ਹੀ, ਰਵਿੰਦਰ ਸਿੰਘ ਖਾਲਸਾ, ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਸ਼ਾਹਬਾਜ਼ ਸਿੰਘ, ਅਜ਼ਾਦਦੀਪ ਸਿੰਘ ਆਦਿ ਹਾਜ਼ਰ ਸਨ।
ਜਥੇਦਾਰਾਂ ਨੂੰ ਜ਼ਲੀਲ ਕਰ ਕੇ ਅਹੁਦੇ ਤੋਂ ਹਟਾਉਣ ਦਾ ਵਰਤਾਰਾ ਨਵਾਂ ਨਹੀਂ: ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਂਚ ਲਈ ਬਣਾਈ ਕਮੇਟੀ ਬਾਰੇ ਅਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਦੋਸ਼ ਲਾਉਣ ਵਾਲਾ ਧੜਾ ਵੀ ਉਹੀ ਹੈ, ਉਹੀ ਧੜਾ ਜਾਂਚ ਕਰਵਾ ਰਿਹਾ ਹੈ ਅਤੇ ਉਹ ਹੀ ਫ਼ੈਸਲਾ ਕਰੇਗਾ। ਉਨ੍ਹਾਂ ਆਖਿਆ ਕਿ ਇਸ ਸਬੰਧੀ ਪਹਿਲਾਂ ਹੀ ਫ਼ੈਸਲਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਥੇਦਾਰਾਂ ਨੂੰ ਜ਼ਲੀਲ ਕਰ ਕੇ ਅਹੁਦੇ ਤੋਂ ਹਟਾਉਣ ਦਾ ਇਹ ਵਰਤਾਰਾ ਕੋਈ ਨਵਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੇਵਾਵਾਂ ਬਰਖ਼ਾਸਤ ਕਰਨ ਦਾ ਕੋਈ ਫ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਦੋਸ਼ਾਂ ਬਾਰੇ ਸਪਸ਼ਟੀਕਰਨ ਦੇ ਚੁੱਕੇ ਹਨ। ਸ਼ਹੀਦੀ ਪੰਦਰਵਾੜਾ ਖ਼ਤਮ ਹੋਣ ਤੋਂ ਬਾਅਦ ਉਹ ਮੰਗੇ ਕੁਝ ਹੋਰ ਸਵਾਲਾਂ ਦੇ ਜਵਾਬ ਦੇਣਗੇ।
ਤਿੰਨ ਮੈਂਬਰੀ ਕਮੇਟੀ ਨਾਲ ਅਸਹਿਮਤੀ ਪ੍ਰਗਟਾਈ
ਜਾਣਕਾਰੀ ਮੁਤਾਬਕ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਵਿਰੋਧੀ ਧਿਰ ਦੇ ਦੋ ਮੈਂਬਰਾਂ ਵੱਲੋਂ ਇਸ ਮਾਮਲੇ ਦੀ ਪੜਤਾਲ ਲਈ ਬਣਾਈ ਤਿੰਨ ਮੈਂਬਰੀ ਕਮੇਟੀ ਨਾਲ ਅਸਹਿਮਤੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਵਿਰੋਧੀ ਧਿਰ ਵਜੋਂ ਹੋਰ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।