ਹਰਿਆਣ ’ਚ ਫ਼ਿਰਕੂ ਹਿੰਸਾ: ਬਜਰੰਗ ਦਲ ਦੇ ਕਾਰਕੁਨ ਦੀ ਮੌਤ, ਮਰਨ ਵਾਲਿਆਂ ਦੀ ਗਿਣਤੀ 6 ਤੱਕ ਪੁੱਜੀ
ਗੁਰੂਗ੍ਰਾਮ (ਹਰਿਆਣਾ), 2 ਅਗਸਤ
ਵਿਸ਼ਵ ਹਿੰਦੂ ਪਰਿਸ਼ਦ ਨੇ ਕਿਹਾ ਕਿ ਬਜਰੰਗ ਦਲ ਦੇ ਕਾਰਕੁਨ ਦੀ ਦਿੱਲੀ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ, ਜਿਸ ਨਾਲ ਹਰਿਆਣਾ ਵਿੱਚ ਫਿਰਕੂ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਅੱਜ 6 ਹੋ ਗਈ। ਵਿਸ਼ਵ ਹਿੰਦੂ ਪਰਿਸ਼ਦ ਦੀ ਜ਼ਿਲ੍ਹਾ ਇਕਾਈ ਦੇ ਉਪ ਪ੍ਰਧਾਨ ਸੁਰਿੰਦਰ ਤੰਵਰ ਨੇ ਦੱਸਿਆ ਕਿ ਸੋਮਵਾਰ ਨੂੰ ਨੂਹ 'ਚ ਹਿੰਸਾ ਦੌਰਾਨ ਬਜਰੰਗ ਦਲ ਦੇ ਕਾਰਕੁਨ ਪ੍ਰਦੀਪ ਸ਼ਰਮਾ 'ਤੇ ਦੰਗਾਕਾਰੀਆਂ ਨੇ ਹਮਲਾ ਕਰ ਦਿੱਤਾ, ਜਿਸ 'ਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਪ੍ਰਦੀਪ ਦਾ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਨੂਹ ਵਿੱਚ ਫੈਲੀ ਫਿਰਕੂ ਹਿੰਸਾ ਗੁਰੂਗ੍ਰਾਮ ਵਿੱਚ ਫੈਲ ਗਈ, ਜਿੱਥੇ ਭੀੜ ਨੇ ਮਸਜਿਦ ਦੇ ਇਮਾਮ ਦੀ ਹੱਤਿਆ ਕਰ ਦਿੱਤੀ ਤੇ ਇਮਾਰਤਾਂ ਨੂੰ ਅੱਗ ਲਗਾਈ ਤੇ ਦੁਕਾਨਾਂ ਨੂੰ ਤੋੜਿਆ।
ਗੁਰੂਗ੍ਰਾਮ: ਹਰਿਆਣ ਦੇ ਡੀਜੀਪੀ ਪੀਕੇ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਹਿੰਸਾ ਪ੍ਰਭਾਵਿਤ ਇਲਾਕਿਆਂ ’ਚ ਸਥਿਤੀ ਕਾਬੂ ਹੇਠ ਹੈ ਤੇ ਸਾਰੇ ਮਾਮਲਿਆਂ ਦੀ ਜਾਂਚ ਲਈ ਐੱਸਆਈਟੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਮੋਨੂੰ ਮਾਨੇਸਰ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹੁਣ ਤੱਕ ਹਿੰਸਾ ਸਬੰਧੀ ਨੂਹ ਵਿੱਚ 41 ਕੇਸ ਦਰਜ ਕੀਤੇ ਗਏ ਹਨ।
ਇਸ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤਾ ਕਿ ਦਿੱਲੀ ਤੇ ਕੌਮੀ ਰਾਜਧਾਨੀ ਖੇਤਰ ਵਿੱਚ ਕੋਈ ਵੀ ਨਫ਼ਰਤੀ ਭਾਸ਼ਨ ਜਾਂ ਹਿੰਸਾ ਨਾ ਹੋਵੇ। ਸਰਵਉੱਚ ਅਦਾਲਤ ਨੇ ਵਾਧੂ ਫੋਰਸ ਤਾਇਨਾਤ ਕਰਨ ਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਆਦੇਸ਼ ਦਿੱਤੇ ਹਨ।