ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ 19 ਤੋਂ ਕੰਮ ਠੱਪ ਕਰਨ ਦੀ ਚਿਤਾਵਨੀ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 16 ਸਤੰਬਰ
ਕਮਿਊਨਿਟੀ ਹੈਲਥ ਅਫ਼ਸਰਾਂ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਬੇਸਿੱਟਾ ਰਹਿਣ ਕਾਰਨ ਹੁਣ ਉਨ੍ਹਾਂ ਨੇ ਐੱਨਐੱਚਐੱਮ ਦਫ਼ਤਰ ਦੀ ਘੇਰਾਬੰਦੀ ਕਰਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਡਾ. ਸੁਨੀਲ ਤਰਗੋਤਰਾ ਅਤੇ ਜਨਰਲ ਸਕੱਤਰ ਦੀਪਸ਼ਿਖਾ ਨੇ ਦੱਸਿਆ ਕਿ ਉਹ ਪਿੰਡਾਂ ਵਿੱਚ ਬਣੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਨਾਗਰਿਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਕਰੋਨਾ ਕਾਲ ਅਤੇ ਹੜ੍ਹਾਂ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਉਨ੍ਹਾਂ ਜ਼ਿੰਮੇਵਾਰੀ ਨਾਲ ਸੇਵਾ ਨਿਭਾਈ। ਸਿਹਤ ਸਬੰਧੀ ਪ੍ਰੋਗਰਾਮਾਂ ਨੂੰ ਪਿੰਡ-ਪਿੰਡ ਲਾਗੂ ਕਰਨ ਵਿੱਚ ਵੱਡਾ ਯੋਗਦਾਨ ਦਿੱਤਾ ਹੈ। ਇਸ ਦੇ ਬਾਵਜੂਦ ਸਰਕਾਰ ਤੇ ਸਿਹਤ ਵਿਭਾਗ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਮੀਤ ਪ੍ਰਧਾਨ ਮਨਜੀਤ ਸਿੰਘ, ਡਾ. ਪ੍ਰੀਤ ਮੁਖੀਜਾ ਅਤੇ ਸੰਯੁਕਤ ਸਕੱਤਰ ਨਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਯੂਨੀਅਨ ਆਗੂਆਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਵੀ ਮੁਲਾਕਾਤ ਕੀਤੀ ਸੀ ਪਰ ਉਨ੍ਹਾਂ ਨੇ ਵੀ ਕੋਈ ਹੱਥ ਪੱਲਾ ਨਹੀਂ ਫੜਾਇਆ। ਬੀਤੀ 16 ਜੁਲਾਈ ਨੂੰ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਤੈਅ ਹੋਈ ਸੀ ਪਰ ਇੱਕ ਦਿਨ ਪਹਿਲਾਂ ਹੀ ਮੀਟਿੰਗ ਮੁਲਤਵੀ ਕਰ ਦਿੱਤੀ। ਹੁਣ ਤੱਕ ਦੁਬਾਰਾ ਮੀਟਿੰਗ ਨਹੀਂ ਸੱਦੀ ਗਈ। ਮੁਲਾਜ਼ਮਾਂ ਦੇ ਰੋਸ ਨੂੰ ਦੇਖਦੇ ਹੋਏ ਕੈਬਨਿਟ ਸਬ ਕਮੇਟੀ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ।
ਪੰਜਾਬ ਭਰ ਦੇ 2500 ਸੀਐੱਚਓ 19 ਸਤੰਬਰ ਤੋਂ ਸਾਰਾ ਆਨਲਾਈਨ-ਆਫ਼ ਲਾਈਨ ਕੰਮ ਠੱਪ ਕਰ ਦੇਣਗੇ ਅਤੇ 23 ਸਤੰਬਰ ਨੂੰ ਐੱਨਐੱਚਐੱਮ ਦਫ਼ਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ।