ਬੱਸਾਂ ਦੇ ਚੱਕਾ ਜਾਮ ਕਾਰਨ ਸਵਾਰੀਆਂ ਖੱਜਲ-ਖੁਆਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਦਸੰਬਰ
ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਇੱਥੇ ਤਿੰਨ ਦਿਨ ਦੀ ਹੜਤਾਲ ਸ਼ੁਰੂ ਕੀਤੀ ਗਈ। ਇਹ ਹੜਤਾਲ ਅੱਠ ਜਨਵਰੀ ਤੱਕ ਜਾਰੀ ਰਹੇਗੀ। ਇਸ ਸਬੰਧੀ ਯੂਨੀਅਨ ਆਗੂ ਜੋਧ ਸਿੰਘ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਤਿੰਨ ਦਿਨ ਦੀ ਹੜਤਾਲ ਕੀਤੀ ਜਾ ਰਹੀ ਹੈ। ਇਸੇ ਤਹਿਤ ਭਲਕੇ 7 ਜਨਵਰੀ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਵਿੱਚ ਰੋਸ ਧਰਨਾ ਦਿੱਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਰਕਾਰ ਅਤੇ ਮੈਨੇਜਮੈਂਟ ਨੂੰ ਪਹਿਲਾਂ ਹੀ ਜਾਣੂ ਕਰਵਾਇਆ ਜਾ ਚੁੱਕਾ ਹੈ। ਸਰਕਾਰ ਵੱਲੋਂ ਇਸ ਸਬੰਧੀ ਨੀਤੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਹੁਣ ਤੱਕ ਇਸ ਭਰੋਸੇ ’ਤੇ ਅਮਲ ਨਹੀਂ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਕੰਟਰੈਕਟ ਵਰਕਰ ਯੂਨੀਅਨ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤੇ ਜਾਣ ਦੇ ਰੋਸ ਵਜੋਂ ਤਿੰਨ ਦਿਨ ਦੀ ਹੜਤਾਲ ਕੀਤੀ ਜਾ ਰਹੀ ਹੈ। ਲੋਕਾਂ ਦੀ ਖੁਆਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਲੋਕਾਂ ਤੋਂ ਮੁਆਫੀ ਮੰਗੀ ਅਤੇ ਕਿਹਾ ਕਿ ਇਸ ਸਬੰਧੀ ਯੂਨੀਅਨ ਦਾ ਕੋਈ ਦੋਸ਼ ਨਹੀਂ ਹੈ ਸਗੋਂ ਸਰਕਾਰ ਦਾ ਦੋਸ਼ ਹੈ ਜੋ ਜਾਣ-ਬੁੱਝ ਕੇ ਕਾਮਿਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਘੱਟੋ ਘੱਟ ਬਰਾਬਰ ਕੰਮ ਬਰਾਬਰ ਤਨਖਾਹ ਦੇ ਸਿਧਾਂਤ ਨੂੰ ਲਾਗੂ ਕੀਤਾ ਜਾਵੇ।
ਜਲੰਧਰ (ਹਤਿੰਦਰ ਮਹਿਤਾ): ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਹੜਤਾਲ ਦੇ ਪਹਿਲੇ ਦਿਨ ਸਵਾਰੀਆਂ ਨੂੰ ਖੱਜਲ-ਖੁਆਰ ਹੋਣਾ ਪਿਆ। ਅੱਜ ਸਵੇਰੇ ਹੀ ਪਨਬਸ ਦੇ ਸਟਾਫ ਨੇ ਬੱਸ ਅੱਡੇ ਦੇ ਸਾਰੇ ਗੇਟਾਂ ਅੱਗੇ ਬੱਸਾਂ ਖੜ੍ਹੀਆਂ ਕਰ ਕੇ ਪੂਰਨ ਤੌਰ ’ਤੇ ਹੜਤਾਲ ਦਾ ਸਮਰਥਨ ਕੀਤਾ। ਇਸ ਮੌਕੇ ਸਵਾਰੀਆਂ ਨੂੰ ਪ੍ਰੇਸ਼ਾਨੀ ਦੀ ਸਾਹਮਣਾ ਕਰਨਾ ਪੈ ਰਿਹਾ ਸੀ। ਦੂਜੇ ਪਾਸੇ ਨਿੱਜੀ ਬੱਸਾਂ ਵਾਲੀਆਂ ਦੀ ਚਾਂਦੀ ਰਹੀ ਅਤੇ ਕਈ ਨਿੱਜੀ ਬੱਸਾਂ ਵਾਲੇ ਤਾਂ ਬਗੈਰ ਪਰਮਿਟ ਅਤੇ ਟਾਇਮ ਤੋਂ ਬੱਸਾਂ ਚਲਾਉਂਦੇ ਦੇਖੇ ਗਏ। ਇਸ ਮੌਕੇ ਹਰਜੀਤ ਕੌਰ ਨੇ ਦੱਸਿਆ ਕਿ ਉਹ ਨਕੋਦਰ ਤੋਂ ਹੁਸ਼ਿਆਰਪੁਰ ਅਫਸੋਸ ’ਤੇ ਜਾ ਰਹੀ ਸੀ ਕਿ ਬੱਸਾਂ ਵਾਲਿਆਂ ਦੀ ਹੜਤਾਲ ਕਾਰਨ ਉਸ ਨੂੰ ਜਲੰਧਰ ਦੇ ਬੱਸ ਅੱਡੇ ਤੋਂ ਇੱਕ ਕਿਲੋਮੀਟਰ ਪੈਦਲ ਜਾਣ ਤੋਂ ਬਾਅਦ ਹੁਸ਼ਿਆਰਪੁਰ ਲਈ ਬੱਸ ਮਿਲੀ। ਇਸ ਮੌਕੇ ਪਨਬੱਸ/ਪੀਆਰਟੀਸੀ ਦੀ ਯੂਨੀਅਨ ਦੇ ਆਗੂਆਂ ਕਿਹਾ ਕਿ 2 ਜਨਵਰੀ ਨੂੰ ਟਰਾਂਸਪੋਰਟ ਮੰਤਰੀ ਵੱਲੋਂ ਖ਼ਾਨਾਪੂਰਤੀ ਲਈ ਮੀਟਿੰਗ ਕੀਤੀ ਗਈ ਜਿਸ ਕਾਰਨ ਉਨ੍ਹਾਂ ਮਜਬੂਰਨ ਹੜਤਾਲ ਦਾ ਸਹਾਰਾ ਲੈਣਾ ਪੈ ਰਿਹਾ ਹੈ।
ਤਰਨ ਤਾਰਨ (ਗੁਰਬਖਸ਼ਪੁਰੀ): ਪੰਜਾਬ ਰੋਡਵੇਜ਼/ ਪਨਬੱਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਰੋਜ਼ਾ ਹੜਤਾਲ ਦੇ ਪਹਿਲੇ ਦਿਨ ਅੱਜ ਠੇਕਾ ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਅਤੇ ਭਲਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਰੋਡਵੇਜ਼ ਡਿੱਪੂ ਦੇ ਠੇਕਾ ਮੁਲਾਜ਼ਮਾਂ ਵਲੋਂ ਸਮੂਹਿਕ ਰੂਪ ਵਿੱਚ ਹੜਤਾਲ ਵਿੱਚ ਸ਼ਾਮਲ ਹੋਣ ਕਰਕੇ ਜ਼ਿਲ੍ਹੇ ਦੀਆਂ 100 ਤੋਂ ਵੀ ਵਧੇਰੇ ਸਰਕਾਰੀ ਬੱਸਾਂ ਦੇ ਸੜਕਾਂ ’ਤੇ ਨਾ ਆਉਣ ਕਰਕੇ ਮੁਫਤ ਸਫਰ ਕਰਦੀਆਂ ਔਰਤਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਪ੍ਰਾਈਵੇਟ ਸੈਕਟਰ ਦੀਆਂ ਬੱਸਾਂ ਦੀਆਂ ਸਵਾਰੀਆਂ ਦੀ ਭੀੜ ਰਹੀ| ਹੜਤਾਲੀ ਮੁਲਾਜ਼ਮਾਂ ਨੇ ਰੋਡਵੇਜ਼ ਦੇ ਤਰਨ ਤਾਰਨ ਡਿੱਪੂ ਦੇ ਗੇਟ ਅੱਗੇ ਰੈਲੀ ਕੀਤੀ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਟਾਲ-ਮਟੋਲ ਦੀ ਨੀਤੀ ਅਖਤਿਆਰ ਕਰਨ ਦਾ ਦੋਸ਼ ਲਗਾਇਆ। ਇਸ ਮੌਕੇ ਜਥੇਬੰਦੀ ਦੇ ਡਿੱਪੂ ਪ੍ਰਧਾਨ ਸਤਨਾਮ ਸਿੰਘ ਤੁੱੜ, ਕਲਵਿੰਦਰ ਸਿੰਘ, ਗਰਵੇਲ ਸਿੰਘ, ਮੁਖਤਿਆਰ ਸਿੰਘ ਤੇ ਮਨਪ੍ਰੀਤ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਰੋਸ਼ਨੀ ਪਾਈ|
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਪੰਜਾਬ ਰੋਡਵੇਜ਼/ਪਨਬਸ ਤੇ ਪੀ.ਆਰ.ਟੀ.ਸੀ ਦੇ ਕੱਚੇ ਕਾਮਿਆਂ ਦੀ ਤਿੰਨ ਦਿਨਾਂ ਦੀ ਹੜਤਾਲ ਦੇ ਪਹਿਲੇ ਦਿਨ ਅੱਜ ਬੱਸਾਂ ਦਾ ਚੱਕਾ ਜਾਮ ਰਿਹਾ। ਕਰਮਚਾਰੀਆਂ ਨੇ ਬੱਸ ਅੱਡੇ ਦੇ ਬਾਹਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਪ੍ਰਧਾਨ ਰਮਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਠੇਕੇਦਾਰੀ ਪ੍ਰਣਾਲੀ ਬੰਦ ਕਰ ਕੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਕਈ ਭਰੋਸੇ ਦੇਣ ਤੋਂ ਬਾਅਦ ਵੀ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਮਜਬੂਰ ਹੋ ਕੇ ਹੜਤਾਲ ਕਰਨੀ ਪੈਂਦੀ ਹੈ ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਜਾਵੇਗੀ।
ਪੱਟੀ (ਬੇਅੰਤ ਸਿੰਘ ਸੰਧੂ): ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰ ਯੂਨੀਅਨ ਮੰਗਾਂ ਦੀ ਪ੍ਰਾਪਤੀ ਵਾਸਤੇ ਸ਼ੁਰੂ ਕੀਤੀ ਤਿੰਨ ਰੋਜ਼ਾ ਹੜਤਾਲ ਦੇ ਪਹਿਲੇ ਦਿਨ ਪੱਟੀ ਡਿੱਪੂ ਮੁਕੰਮਲ ਬੰਦ ਰਿਹਾ। ਡਿੱਪੂ ਦੇ ਪ੍ਰਧਾਨ ਵਜ਼ੀਰ ਸਿੰਘ ਜੌਣੇਕੇ ਦੀ ਅਗਵਾਈ ਹੇਠ ਡਿੱਪੂ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ। ਸੂਬਾ ਮੀਤ ਪ੍ਰਧਾਨ ਸਤਨਾਮ ਸਿੰਘ ਢਿੱਲੋਂ, ਮੀਤ ਪ੍ਰਧਾਨ ਗੁਰਵੈਲ ਸਿੰਘ ਵੀਰਮ ਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਨਬਸ ਮੈਨੇਜਮੈਂਟ ਵੱਲੋਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਜਾਣ-ਬੁੱਝ ਕੇ ਲਮਕਾ ਰਹੀ ਹੈ। ਜਥੇਬੰਦੀ ਵੱਲੋਂ ਸਰਕਾਰ ਅਤੇ ਪਨਬਸ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਗਈ ਕਿ ਪਨਬਸ ਵਰਕਰਾਂ ਨੂੰ ਹਰਿਆਣਾ ਹਿਮਾਚਲ ਆਦਿ ਸੂਬਿਆਂ ਦੀ ਤਰਜ਼ ’ਤੇ ਪੱਕਾ ਕੀਤਾ ਜਾਵੇ ਅਤੇ ਠੇਕੇਦਾਰੀ ਸਿਸਟਮ ਤਹਿਤ ਭਰਤੀ ਕੀਤੇ ਮੁਲਾਜ਼ਮਾਂ ਨੂੰ ਕੰਟੈਰਕਟ ’ਤੇ ਕੀਤਾ ਜਾਵੇ। ਮੁਲਾਜ਼ਮਾਂ ਦੀ ਤਨਖਾਹ ਵਿੱਚ ਇਕਸਾਰਤਾ ਲਿਆਂਦੀ ਜਾਵੇ। ਆਗੂਆਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ 7 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਰਹਾਇਸ਼ ਸਾਹਮਣੇ ਰੋਸ ਧਰਨਾ ਦਿੱਤਾ ਜਾਏਗਾ।
‘ਆਪ’ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ
ਪਠਾਨਕੋਟ (ਐੱਨਪੀ ਧਵਨ): ਇੱਥੇ ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨੇ ਹੋਰਨਾਂ ਜ਼ਿਲ੍ਹਿਆਂ ਵਾਂਗ ਆਪਣੀਆਂ ਮੰਗਾਂ ਲਈ ਅੱਜ ਤੋਂ ਹੜਤਾਲ ਸ਼ੁਰੂ ਕਰ ਦਿੱਤੀ। ਇਹ ਹੜਤਾਲ ਅਗਲੇ 2 ਦਿਨਾਂ ਤੱਕ ਜਾਰੀ ਰਹੇਗੀ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਵੀ ਗੁੱਸਾ ਜ਼ਾਹਰ ਕੀਤਾ। ਸੂਬਾਈ ਆਗੂ ਜਗਦੀਸ਼ਵਰ ਚੰਦਰ ਤੇ ਸੀਨੀਅਰ ਮੀਤ ਪ੍ਰਧਾਨ ਕਮਲਜੋਤੀ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 2 ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਉਨ੍ਹਾਂ ਨੂੰ ਰੈਗੂਲਰ ਕਰ ਦਿੱਤਾ ਜਾਵੇਗਾ। ਪਰ 3 ਸਾਲ ਦਾ ਸਮਾਂ ਹੋ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਹੱਥ ਖਾਲੀ ਹਨ ਅਤੇ ਉਹ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।