‘ਆਪ’ ਵੱਲੋਂ ਚੋਣ ਕਮਿਸ਼ਨ ਕੋਲ ਭਾਜਪਾ ਖ਼ਿਲਾਫ਼ ਸ਼ਿਕਾਇਤ
ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਨਵੰਬਰ
ਆਮ ਆਮਦੀ ਪਾਰਟੀ ਨੇ ਚੋਣ ਕਮਿਸ਼ਨ ਕੋਲ ਭਾਜਪਾ ਖ਼ਿਲਾਫ਼ ਸ਼ਿਕਾਇਤ ਕਰਦਿਆਂ ਸੋਸ਼ਲ ਮੀਡੀਆ ’ਤੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਕਸ ਨੂੰ ਢਾਹ ਲਾਉਣ ਦੇ ਦੋਸ਼ ਲਾਏ ਹਨ। ‘ਆਪ’ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਚੋਣ ਕਮਿਸ਼ਨ ਨੂੰ ਭਾਜਪਾ ਖ਼ਿਲਾਫ਼ ਕਾਰਵਾਈ ਦੀ ਅਪੀਲ ਕੀਤੀ ਹੈ। ਇਸ ਦੌਰਾਨ ਰਾਘਵ ਚੱਢਾ ਨੇ ਭਾਰਤੀ ਜਨਤਾ ਪਾਰਟੀ ਵੱਲੋਂ 5 ਨਵੰਬਰ ਨੂੰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਪੋਸਟ ਇਕ ’ਤੇ ਇਤਰਾਜ਼ ਪ੍ਰਗਟਾਉਂਦੇ ਹੋਏ ਦੋਸ਼ ਲਾਇਆ ਕਿ ਭਾਜਪਾ ਉਨ੍ਹਾਂ ਦੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੀ ਛਵੀ ਖਰਾਬ ਕਰਨ ਲਈ ਹੇਠਲੇ ਮਿਆਰ ਤੇ ਬੇਬੁਨਿਆਦ ਸਮੱਗਰੀ ਦੀ ਵਰਤੋਂ ਕਰ ਰਹੀ ਹੈ। ਰਾਜ ਸਭਾ ਮੈਂਬਰ ਨੇ ਕਿਹਾ ਕਿ ਭਾਜਪਾ ਆਗੂ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ‘ਆਪ’ ਵੱਲੋਂ ਸੋਸ਼ਲ ਮੀਡੀਆ ’ਤੇ ਕੀਤੀ ਟਿੱਪਣੀ ਖ਼ਿਲਾਫ਼ ਕੇਜਰੀਵਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ।