For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਵੱਲੋਂ ਲਾਲਪੁਰਾ ਵਿਰੁੱਧ ਚੋਣ ਕਮਿਸ਼ਨ ਕੋਲ ਸ਼ਿਕਾਇਤ

08:34 AM Apr 03, 2024 IST
ਸ਼੍ਰੋਮਣੀ ਅਕਾਲੀ ਦਲ ਵੱਲੋਂ ਲਾਲਪੁਰਾ ਵਿਰੁੱਧ ਚੋਣ ਕਮਿਸ਼ਨ ਕੋਲ ਸ਼ਿਕਾਇਤ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਖ਼ਿਲਾਫ਼ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਅਕਾਲੀ ਦਲ ਦੇ ਬੁਲਾਰੇ ਤੇ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੋਸ਼ ਲਾਇਆ ਕਿ ਸ੍ਰੀ ਲਾਲਪੁਰਾ ਘੱਟ ਗਿਣਤੀਆਂ ਕਮਿਸ਼ਨ ਦੇ ਕੌਮੀ ਅਹੁਦੇ ’ਤੇ ਹੋਣ ਦੇ ਬਾਵਜੂਦ ਭਾਜਪਾ ਦੀਆਂ ਸਿਆਸੀ ਗਤੀਵਿਧੀਆਂ ਵਿਚ ਸ਼ਾਮਲ ਹੋ ਰਹੇ ਹਨ। ਇਸ ਲਈ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਸ੍ਰੀ ਕਲੇਰ ਨੇ ਕਿਹਾ ਕਿ ਇਸ ਕਮਿਸ਼ਨ ਨੂੰ ਸਥਾਪਤ ਕਰਨ ਦਾ ਮਕਸਦ ਦੇਸ਼ ਦੇ ਸੰਵਿਧਾਨ ਤੇ ਸੰਸਦ ਵੱਲੋਂ ਬਣਾਏ ਕਾਨੂੰਨਾਂ ਮੁਤਾਬਕ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੁੰਦਾ ਹੈ। ਉਨ੍ਹਾਂ ਨੂੰ ਇਕ ਕਾਨੂੰਨ ਤਹਿਤ ਨਿਯੁਕਤ ਕੀਤਾ ਗਿਆ ਹੈ ਤੇ ਉਨ੍ਹਾਂ ਦਾ ਕੰਮ ਘੱਟ ਗਿਣਤੀਆਂ ਦੀ ਬਿਹਤਰੀ ਵਾਸਤੇ ਕੰਮ ਕਰਨਾ ਹੈ ਨਾ ਕਿ ਕਿਸੇ ਇਕ ਵਿਸ਼ੇਸ਼ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਵਿਚ ਸ਼ਾਮਲ ਹੋਣਾ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਚੋਣ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਪਿਛਲੇ ਹਫਤੇ ਜਦੋਂ ਸੰਸਦ ਮੈਂਬਰ ਪਰਨੀਤ ਕੌਰ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ ਤਾਂ ਸ੍ਰੀ ਲਾਲਪੁਰਾ ਉਸ ਵੇਲੇ ਵੀ ਭਾਜਪਾ ਮੁੱਖ ਦਫ਼ਤਰ ਵਿੱਚ ਮੌਜੂਦ ਸਨ। ਇਹ ਚੋਣ ਜ਼ਾਬਤੇ ਦੀ ਉਲੰਘਣਾ ਹੈ। ਲਾਲਪੁਰਾ ਇਕ ਸਿਆਸੀ ਆਗੂ ਦੇ ਤੌਰ ’ਤੇ ਵਿਚਰ ਰਹੇ ਹਨ ਜਦਕਿ ਉਨ੍ਹਾਂ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਵਿਚਰਨਾ ਚਾਹੀਦਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×