ਕੈਂਪ ਵਿੱਚ ਡੀਸੀ ਨੇ ਸੁਣੀਆਂ ਸ਼ਿਕਾਇਤਾਂ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 27 ਜੂਨ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਲਾਏ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਬਠਿੰਡਾ ਸ਼ਹਿਰ ਦੇ ਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਲਾਭਪਾਤਰੀਆਂ ਨੂੰ ਸਰਟੀਫਿਕੇਟ ਵੰਡੇ।
ਡਿਪਟੀ ਕਮਿਸ਼ਨਰ ਨੇ ਲੰਬਿਤ ਜ਼ਮੀਨੀ ਇੰਤਕਾਲ, ਲੰਬਿਤ ਜ਼ਮੀਨ ਦੀ ਹੱਦਬੰਦੀ ਅਤੇ ਲੰਬਿਤ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਬਠਿੰਡਾ ਸ਼ਹਿਰ ਦੇ ਵਸਨੀਕਾਂ ਦੀਆਂ ਪੁਲੀਸ, ਆਰਟੀਏ/ਆਰਟੀਓ, ਸਿਹਤ, ਬੁਢੇਪਾ ਪੈਨਸ਼ਨ ਅਤੇ ਹੋਰ ਘਰੇਲੂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਜਿੱਥੇ ਕਈ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ, ਉਥੇ ਹੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਦਫਤਰਾਂ ’ਚ ਕੰਮ ਲਈ ਆਉਣ ਵਾਲੇ ਜ਼ਿਲ੍ਹਾ ਵਾਸੀਆਂ ਨੂੰ ਕੋਈ ਵੀ ਦਿੱਕਤ ਨਾ ਆਉਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਕੋਲੋਂ ਆਪੋਂ-ਆਪਣੇ ਵਿਭਾਗਾਂ ਨਾਲ ਸਬੰਧਤ ਲੋਕ ਭਲਾਈ ਸਕੀਮਾਂ ਦਾ ਰੀਵਿਊ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਵਾਗਤ ਤੇ ਸਹਾਇਤਾ ਕੇਂਦਰ ਵੀ ਸਥਾਪਤ ਕੀਤਾ ਗਿਆ ਹੈ।