ਮੋਬਾਈਲ, ਪਾਸਪੋਰਟ ਜਾਂ ਹੋਰ ਦਸਤਾਵੇਜ਼ ਗੁੰਮ ਹੋਣ ਦੀ ਸ਼ਿਕਾਇਤ ਹੁਣ ਸੇਵਾ ਕੇਂਦਰਾਂ ’ਚ ਹੋਵੇਗੀ ਦਰਜ
ਨਿਜੀ ਪੱਤਰ ਪ੍ਰੇਰਕ
ਸੰਗਰੂਰ, 21 ਅਗਸਤ
ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵੱਲੋਂ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਬਾਰੇ ਅਹਿਮ ਫੈਸਲਾ ਲਿਆ ਹੈ। ਮੋਬਾਈਲ, ਪਾਸਪੋਰਟ ਜਾਂ ਹੋਰ ਦਸਤਾਵੇਜ਼ ਆਦਿ ਗੁੰਮ ਹੋਣ ਦੀ ਸ਼ਿਕਾਇਤ ਹੁਣ ਸੇਵਾ ਕੇਂਦਰਾਂ ਵਿਚ ਦਰਜ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਹੁਣ ਰੇਹੜੀਆਂ ਦੀ ਰਜਿਸਟਰੇਸ਼ਨ ਸੇਵਾ ਕੇਦਰਾਂ ਵਿੱਚ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਸਟਰੀਟ ਵੈਂਡਰਜ਼ ਰਜਿਸਟਰੇਸ਼ਨ (ਪੰਜੀਕਰਨ) ਸਮੇਤ ਮੋਬਾਇਲ, ਪਾਸਪੋਰਟ ਜਾਂ ਹੋਰ ਦਸਤਾਵੇਜ਼ ਆਦਿ ਗੁੰਮ ਹੋਣ ਦੀ ਸ਼ਿਕਾਇਤ ਵੀ ਸੇਵਾ ਕੇਂਦਰਾਂ ਵਿੱਚ ਦਰਜ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਹਿ ਵਿਭਾਗ ਨਾਲ ਸਬੰਧਤ ਅਸਲਾ ਲਾਇਸੈਂਸ ਰੱਦ ਕਰਵਾਉਣ ਲਈ ਸੇਵਾ ਕੇਂਦਰਾਂ ਵਿਖੇ ਅਰਜ਼ੀ ਦੇਣ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।