ਦਿੱਲੀ ਵਿੱਚ ਪਟਾਕਿਆਂ ’ਤੇ ਮੁਕੰਮਲ ਪਾਬੰਦੀ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 14 ਅਕਤੂਬਰ
ਦਿੱਲੀ ਸਰਕਾਰ ਨੇ ਅੱਜ ਸ਼ਹਿਰ ਵਿੱਚ ਹਰ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਭੰਡਾਰਨ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਪਾਬੰਦੀ ਪਹਿਲੀ ਜਨਵਰੀ 2025 ਤੱਕ ਲਾਗੂ ਰਹੇਗੀ। ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਇਹ ਐਲਾਨ ਕੀਤਾ ਅਤੇ ਦਿੱਲੀ ਵਾਸੀਆਂ ਨੂੰ ਹਵਾ ਪ੍ਰਦੂਸ਼ਣ ਰੋਕਣ ਲਈ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਰਾਏ ਨੇ ‘ਐਕਸ’ ’ਤੇ ਕਿਹਾ, ‘ਸਰਦੀਆਂ ਵਿੱਚ ਵਧਦੇ ਪ੍ਰਦੂਸ਼ਣ ਨੂੰ ਦੇਖਦਿਆਂ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਅੱਜ ਤੋਂ ਪਹਿਲੀ ਜਨਵਰੀ ਤੱਕ ਪਟਾਕਿਆਂ ਦੇ ਉਤਪਾਦਨ, ਭੰਡਾਰਨ, ਵਿਕਰੀ ਅਤੇ ਵਰਤੋਂ ’ਤੇ ਪਾਬੰਦੀ ਲਾ ਦਿੱਤੀ ਹੈ।’ ਉਨ੍ਹਾਂ ਕਿਹਾ, ‘ਦਿੱਲੀ ਸਰਕਾਰ ਨੇ ਪਾਬੰਦੀ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਅਸੀਂ ਸਾਰੇ ਦਿੱਲੀ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦੇ ਹਾਂ।’ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੇ ਪਾਬੰਦੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਪਾਬੰਦੀ ਆਨਲਾਈਨ ਵਿਕਣ ਵਾਲੇ ਪਟਾਕਿਆਂ ਸਮੇਤ ਹਰ ਕਿਸਮ ਦੇ ਪਟਾਕਿਆਂ ’ਤੇ ਲਾਗੂ ਹੁੰਦੀ ਹੈ ਅਤੇ ਇਸ ਦਾ ਉਦੇਸ਼ ਵਧ ਰਹੇ ਪ੍ਰਦੂਸ਼ਣ ਦਾ ਪੱਧਰ ਘਟਾਉਣਾ ਹੈ।
ਹੁਕਮਾਂ ਅਨੁਸਾਰ ਦਿੱਲੀ ਪੁਲੀਸ ਨੂੰ ਪਾਬੰਦੀ ਲਾਗੂ ਕਰਨ ਦਾ ਕੰਮ ਸੌਂਪਿਆ ਗਿਆ ਹੈ, ਜਿਸ ਸਬੰਧੀ ਸਰਕਾਰ ਨੂੰ ਰੋਜ਼ਾਨਾ ਕੀਤੀ ਗਈ ਕਾਰਵਾਈ ਦੀ ਰਿਪੋਰਟ ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ ਨੂੰ ਸੌਂਪਣੀ ਪਵੇਗੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਏ ਨੇ ਕਿਹਾ, ‘ਅੱਜ ਹਵਾ ਦਾ ਗੁਣਵੱਤਾ ਸੂਚਕਾਂਕ ‘ਮਾੜੀ’ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ ਅਤੇ ਜਿਵੇਂ-ਜਿਵੇਂ ਠੰਢ ਵਧਦੀ ਜਾਂਦੀ ਹੈ, ਤਾਪਮਾਨ ਡਿੱਗਣ ਕਾਰਨ ਪ੍ਰਦੂਸ਼ਣ ਵਧਦਾ ਜਾਂਦਾ ਹੈ। ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ਲਈ 21 ਨੁਕਾਤੀ ਯੋਜਨਾ ’ਤੇ ਕੰਮ ਕਰ ਰਹੀ ਹੈ। ਅਸੀਂ ਇਸ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰਾਂਗੇ।’