For the best experience, open
https://m.punjabitribuneonline.com
on your mobile browser.
Advertisement

ਕੰਪਿਊਟਰ ਅਧਿਆਪਕਾਂ ਵੱਲੋਂ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼

09:04 AM Sep 15, 2024 IST
ਕੰਪਿਊਟਰ ਅਧਿਆਪਕਾਂ ਵੱਲੋਂ ਚੰਡੀਗੜ੍ਹ ਵੱਲ ਕੂਚ ਕਰਨ ਦੀ ਕੋਸ਼ਿਸ਼
ਮੁਹਾਲੀ ਵਿੱਚ ਰੋਸ ਪ੍ਰਗਟਾਉਂਦੇ ਹੋਏ ਕੰਪਿਊਟਰ ਅਧਿਆਪਕ। -ਫੋਟੋ: ਵਿੱਕੀ ਘਾਰੂ
Advertisement

ਦਰਸ਼ਨ ਸਿੰਘ ਸੋਢੀ
ਐੱਸਏਐੱਸ. ਨਗਰ (ਮੁਹਾਲੀ), 14 ਸਤੰਬਰ
ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਮੁਹਾਲੀ ਸਥਿਤ ਸਿੱਖਿਆ ਭਵਨ ਦੇ ਬਾਹਰ ‘ਆਪ’ ਸਰਕਾਰ ਅਤੇ ਸਿੱਖਿਆ ਅਧਿਕਾਰੀਆਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਕੰਪਿਊਟਰ ਅਧਿਆਪਕ ਇਕੱਠੇ ਹੋਏ। ਕੰਪਿਊਟਰ ਅਧਿਆਪਕਾਂ ਨੇ ਰੋਸ ਮੁਜ਼ਾਹਰਾ ਕਰਦਿਆਂ ਸੂਬਾ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ। ਇਸ ਮਗਰੋਂ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਪਰ ਮੁਹਾਲੀ ਪੁਲੀਸ ਨੇ ਸਿੱਖਿਆ ਬੋਰਡ ਦੇ ਪਿੱਛੇ ਪਾਸੇ ਨੇਚਰ ਪਾਰਕ ਨੇੜੇ ਬੈਰੀਕੇਡਿੰਗ ਕਰ ਕੇ ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਰਾਹ ਡੱਕ ਲਿਆ। ਇਸ ਦੌਰਾਨ ਅਧਿਆਪਕਾਂ ਤੇ ਪੁਲੀਸ ਦਰਮਿਆਨ ਬਹਿਸ ਹੋਈ। ਐਸਪੀ (ਦਿਹਾਤੀ) ਮਨਪ੍ਰੀਤ ਸਿੰਘ, ਡੀਐੱਸਪੀ (ਸਿਟੀ2) ਹਰਸਿਮਰਨ ਸਿੰਘ ਬੱਲ, ਡੀਐੱਸਪੀ (ਡੀ) ਹਰਸਿਮਰਤ ਸਿੰਘ ਅਤੇ ਡੀਐੱਸਪੀ (ਸਪੈਸ਼ਲ-ਕਰਾਈਮ) ਨਵੀਨਪਾਲ ਸਿੰਘ ਲਹਿਲ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਇਸ ਮਗਰੋਂ ਪੁਲੀਸ ਪ੍ਰਸ਼ਾਸਨ ਵੱਲੋਂ ਜਥੇਬੰਦੀ ਦੇ ਕੁੱਝ ਮੋਹਰੀ ਆਗੂਆਂ ਨੂੰ ਮੁੱਖ ਮੰਤਰੀ ਨਿਵਾਸ ’ਤੇ ਲਿਜਾਇਆ ਗਿਆ, ਜਿੱਥੇ 27 ਸਤੰਬਰ ਨੂੰ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮਗਰੋਂ ਆਗੂਆਂ ਨੇ ਮੁਹਾਲੀ ਪਹੁੰਚ ਕੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ ਯੂਨੀਅਨ ਆਗੂਆਂ ਰਾਜਵਿੰਦਰ ਕੌਰ, ਲਖਵਿੰਦਰ ਸਿੰਘ, ਗੁਰਬਖ਼ਸ਼ ਲਾਲ, ਜੌਨੀ ਸਿੰਗਲਾ, ਪਰਮਵੀਰ ਸਿੰਘ, ਪ੍ਰਦੀਪ ਸਿੰਘ ਤੇ ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਲਾਰੇ ਲੱਪੇ ਲਗਾ ਕੇ ਡੰਗ ਟਪਾਉਂਦੀ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੇ ਐਲਾਨ ਮਹਿਜ਼ ਝੂਠੇ ਵਾਅਦੇ ਹੀ ਸਾਬਤ ਹੋਏ ਹਨ। ਪਿਛਲੀਆਂ ਸਰਕਾਰਾਂ ਵੀ ਉਨ੍ਹਾਂ ਨਾਲ ਅਜਿਹਾ ਹੀ ਕਰਦੀਆਂ ਆ ਰਹੀਆਂ ਹਨ ਅਤੇ ਹੁਣ ਮੌਜੂਦਾ ਸਰਕਾਰ ਵੀ ਉਨ੍ਹਾਂ ਦੇ ਨਕਸ਼ੇ ਕਦਮ ’ਤੇ ਚੱਲਦੇ ਹੋਏ ਕੰਪਿਊਟਰ ਅਧਿਆਪਕਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ। ਬੁਲਾਰਿਆਂ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਵੱਲੋਂ ਸੰਗਰੂਰ ਵਿੱਚ ਬੀਤੀ 1 ਸਤੰਬਰ ਤੋਂ ਸ਼ੁਰੂ ਕੀਤੀ ਭੁੱਖ ਹੜਤਾਲ ਹੁਣ ਜਲਦੀ ਹੀ ਮਰਨ ਵਰਤ ਵਿੱਚ ਤਬਦੀਲ ਹੋਣ ਜਾ ਰਹੀ ਹੈ ਅਤੇ ਆਉਂਦੇ ਦਿਨਾਂ ਵਿੱਚ ਸੂਬੇ ਭਰ ਵਿੱਚ ਗੁਪਤ ਐਕਸ਼ਨ ਪ੍ਰੋਗਰਾਮ ਉਲੀਕੇ ਜਾਣਗੇ।

Advertisement

Advertisement
Advertisement
Author Image

sukhwinder singh

View all posts

Advertisement