For the best experience, open
https://m.punjabitribuneonline.com
on your mobile browser.
Advertisement

ਕੰਪਿਊਟਰ ਅਧਿਆਪਕਾਂ ਵੱਲੋਂ ਹਾਈਵੇਅ ਜਾਮ

06:54 AM Jan 03, 2025 IST
ਕੰਪਿਊਟਰ ਅਧਿਆਪਕਾਂ ਵੱਲੋਂ ਹਾਈਵੇਅ ਜਾਮ
ਸੰਗਰੂਰ-ਲੁਧਿਆਣਾ ਸਟੇਟ ਹਾਈਵੇਅ ’ਤੇ ਆਵਾਜਾਈ ਠੱਪ ਕਰਕੇ ਧਰਨਾ ਦਿੰਦੇ ਹੋਏ ਕੰਪਿਊਟਰ ਅਧਿਆਪਕ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਜਨਵਰੀ
‘ਮਰਨ ਵਰਤ’ ਦੇ 12ਵੇਂ ਦਿਨ ਸੈਂਕੜੇ ਕੰਪਿਊਟਰ ਅਧਿਆਪਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਨੇੜੇ ਨਾਅਰੇਬਾਜ਼ੀ ਕਰਨ ਤੋਂ ਬਾਅਦ ਸੰਗਰੂਰ-ਲੁਧਿਆਣਾ ਸਟੇਟ ਹਾਈਵੇਅ ’ਤੇ ਕਰੀਬ ਦੋ ਘੰਟੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਡੀਸੀ ਦਫ਼ਤਰ ਤੋਂ ਵਿੱਤ ਮੰਤਰੀ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਉਧਰ, ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਦਾ ‘ਮਰਨ ਵਰਤ’ 12ਵੇਂ ਦਿਨ ਵੀ ਜਾਰੀ ਰਿਹਾ।
ਅੱਜ ਵੱਖ-ਵੱਖ ਜ਼ਿਲ੍ਹਿਆਂ ਤੋਂ ਕੰਪਿਊਟਰ ਅਧਿਆਪਕ ਡੀਸੀ ਦਫ਼ਤਰ ਅੱਗੇ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਚੱਲ ਰਹੇ ਮੋਰਚੇ ਵਿਚ ਸ਼ਾਮਲ ਹੋਏ ਜਿਥੇ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ‘ਮਰਨ ਵਰਤ’ ’ਤੇ ਡਟਿਆ ਹੋਇਆ ਹੈ। ਇਸ ਮਗਰੋਂ ਉਹ ਰੋਸ ਮਾਰਚ ਕਰਦੇ ਵਿੱਤ ਮੰਤਰੀ ਦੀ ਕੋਠੀ ਨੇੜੇ ਪੁੱਜੇ। ਉਪਰੰਤ ਪੂਨੀਆਂ ਟਾਵਰ ਨੇੜੇ ਸਟੇਟ ਹਾਈਵੇਅ ’ਤੇ ਰੋਸ ਧਰਨਾ ਲਗਾਇਆ। ਦੋ ਘੰਟੇ ਆਵਾਜਾਈ ਠੱਪ ਰਹੀ। ਇਸ ਮੌਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂਆਂ ਪਰਮਵੀਰ ਸਿੰਘ ਪੰਮੀ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਡੀਟੀਐਫ਼ ਦੇ ਸੂਬਾ ਜਨਰਲ ਸਕੱਤਰ ਬਲਵੀਰ ਲੌਂਗੋਵਾਲ, ਜੀਟੀਯੂ ਦੇ ਆਗੂ ਰਮਨਜੀਤ ਸਿੰਘ ਸੰਧੂ, ਹਰਜੀਤ ਸਿੰਘ ਗੱਲਵੱਟੀ, ਨੂਰ ਮੁਹੰਮਦ, ਫ਼ਕੀਰ ਸਿੰਘ ਟਿੱਬਾ ਅਤੇ ਪਸਸਫ ਦੇ ਆਗੂ ਮਾਲਵਿੰਦਰ ਸਿੰਘ ਸੰਧੂ ਨੇ ਸੂਬਾ ਸਰਕਾਰ ਦੀ ਆਲੋਚਨਾ ਕੀਤੀ। ਸੰਘਰਸ਼ ਕਮੇਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਕਰ ਰਹੀ ਹੈ। ਮੌਜੂਦਾ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਲਈ ਨਵੇਂ ਸੀਐੱਸਆਰ ਨਿਯਮ ਲਿਆਂਦੇ ਹਨ ਜੋ ਲੋਕਤੰਤਰ ਦਾ ਘਾਣ ਹੈ। ਉਨ੍ਹਾਂ ਕਿਹਾ ਕਿ ‘ਮਰਨ ਵਰਤ’ ਉੱਤੇ ਬੈਠੇ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਦੀ ਸਿਹਤ ਵਿਗੜਦੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਕੋਈ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਐਲਾਨ ਕੀਤਾ ਕਿ 5 ਜਨਵਰੀ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਪਿੰਡ ਗੰਭੀਰਪੁਰ ਵਿੱਚ ਸੂਬਾਈ ਰੋਸ ਰੈਲੀ ਕੀਤੀ ਜਾਵੇਗੀ।

Advertisement

ਪੁਲੀਸ ਨੇ ਆਗੂਆਂ ਦੀ ਮੀਟਿੰਗ ਡੀਸੀ ਨਾਲ ਕਰਵਾਈ

ਇਸ ਦੌਰਾਨ ਪੁਲੀਸ ਅਧਿਕਾਰੀਆਂ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਆਗੂਆਂ ਦੀ ਮੀਟਿੰਗ ਡੀਸੀ ਸੰਦੀਪ ਰਿਸ਼ੀ ਨਾਲ ਕਰਵਾਈ ਗਈ। ਆਗੂਆਂ ਨੇ ਮੰਗ ਰੱਖੀ ਕਿ 7 ਜਨਵਰੀ ਨੂੰ ਕੈਬਨਿਟ ਸਬ ਕਮੇਟੀ ਨਾਲ ਹੋ ਰਹੀ ਮੀਟਿੰਗ ਦੌਰਾਨ ਮੰਗਾਂ ਦਾ ਹੱਲ ਕਰਵਾਇਆ ਜਾਵੇ।

Advertisement

Advertisement
Author Image

joginder kumar

View all posts

Advertisement