ਸੰਗਰੂਰ ’ਚ ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਜਾਰੀ
ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਦਸੰਬਰ
ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਬਠਿੰਡਾ ’ਚ ਮਰਨ ਵਰਤ ’ਤੇ ਡਟਿਆ ਹੋਇਆ ਹੈ। ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ’ਚ ਕੰਪਿਊਟਰ ਅਧਿਆਪਕਾਂ ਵੱਲੋਂ ਮਰਨ ਵਰਤ ਮੋਰਚੇ ਵਿੱਚ ਸ਼ਮੂਲੀਅਤ ਕੀਤੀ ਗਈ। ਅੱਜ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਵੀ ਸ਼ਾਮਲ ਹੋਏ। ਮਰਨ ਵਰਤ ਮੋਰਚੇ ਵਿੱਚ ਸ਼ਾਮਲ ਵੱਡੀ ਗਿਣਤੀ ਅਧਿਆਪਕਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਦਿਆਂ ਅਰਦਾਸ ਕੀਤੀ ਗਈ ਤੇ ਦਸਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂਆਂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਰਾਜਵੰਤ ਕੌਰ, ਊਧਮ ਸਿੰਘ ਡੋਗਰਾ, ਹਰਜੀਤ ਕੌਰ ਥੂਹਾ, ਕਿਰਨਪ੍ਰੀਤ ਕੌਰ ਜਾਂਸਲਾ, ਲਖਵਿੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਬੀਤੀ 1 ਸਤੰਬਰ ਤੋਂ ਮੁੱਖ ਮੰਤਰੀ ਦੇ ਸ਼ਹਿਰ ’ਚ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ ਹਨ ਪਰ ਸਰਕਾਰ ਨੂੰ ਨਜ਼ਰ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੰਗਾਂ ਪ੍ਰਤੀ ਬੇਰੁਖ਼ੀ ਕਾਰਨ ਹੀ ਸੰਘਰਸ਼ ਨੂੰ ਆਰ-ਪਾਰ ਦੀ ਲੜਾਈ ਵਿਚ ਤਬਦੀਲ ਕਰਦਿਆਂ 22 ਦਸੰਬਰ ਤੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ ਜੋ ਪੰਜਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸੇ ਵੀ ਵਾਅਦੇ ਨੂੰ ਪੂਰਾ ਕਰਨ ਲਈ ਗੰਭੀਰ ਨਹੀਂ ਹੈ ਅਤੇ ਲਗਾਤਾਰ ਲਾਰੇ ਲੱਪੇ ਵਾਲੀ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਠੰਢ ਵਧਦੀ ਜਾ ਰਹੀ ਹੈ ਅਤੇ ਕੰਪਿਊਟਰ ਅਧਿਆਪਕ ਡੀ.ਸੀ. ਦਫ਼ਤਰ ਅੱਗੇ ਟੈਂਟ ਵਿੱਚ ਠੰਡੀਆਂ ਰਾਤਾਂ ਗੁਜ਼ਾਰ ਰਹੇ ਹਨ, ਪਰ ਸਰਕਾਰ ਦੀ ਚੁੱਪ ਦੇ ਬਾਵਜੂਵ ਦੀ ਅਧਿਆਪਕਾਂ ਦੇ ਹੌਂਸਲੇ ਬੁਲੰਦ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਵਾਅਦੇ ਅਨੁਸਾਰ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦਾ ਵਫ਼ਦ ਸੁਨਾਮ ਵਿੱਚ ‘ਆਪ’ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲਿਆ ਸੀ ਜਿਨ੍ਹਾਂ ਵੱਲੋਂ ਸਿਰਫ਼ ਭਰੋਸਾ ਹੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਤੋਂ ਸਿਰਫ਼ ਭਰੋਸੇ ਹੀ ਪੱਲੇ ਪੈ ਰਹੇ ਹਨ ਜਦੋਂਕਿ ਅਮਲੀ ਰੂਪ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।