ਕੰਪਿਊਟਰ ਅਧਿਆਪਕਾਂ ਦਾ ਮਰਨ ਵਰਤ ਦੂਜੇ ਦਿਨ ’ਚ ਦਾਖ਼ਲ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਦਸੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕੰਪਿਊਟਰ ਅਧਿਆਪਕ ਜੋਨੀ ਸਿੰਗਲਾ ਦਾ ਮਰਨ ਵਰਤ ਅੱਜ ਦੂਜੇ ਦਿਨ ’ਚ ਦਾਖ਼ਲ ਹੋ ਗਿਆ ਹੈ ਜਦੋਂ ਕਿ ਕੰਪਿਊਟਰ ਅਧਿਆਪਕਾਂ ਦੀ ਲੜੀਵਾਰ ਭੁੱਖ ਹੜਤਾਲ ਦਾ 114ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕੰਪਿਊਟਰ ਅਧਿਆਪਕ ਡੀਸੀ ਦਫ਼ਤਰ ਅੱਗੇ ਮਰਨ ਵਰਤ ’ਤੇ ਬੈਠੇ ਕੰਪਿਊਟਰ ਅਧਿਆਪਕ ਨਾਲ ਡਟੇ ਹੋਏ ਹਨ।
ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਰਾਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ ਤੇ ਗੁਰਬਖਸ਼ ਲਾਲ ਨੇ ਦੱਸਿਆ ਕਿ ਲੜੀਵਾਰ ਭੁੱਖ ਹੜਤਾਲ ਪਿਛਲੇ ਕਰੀਬ ਸਾਢੇ ਤਿੰਨ ਮਹੀਨਿਆਂ ਤੋਂ ਜਾਰੀ ਹੈ ਪਰ ਸਰਕਾਰ ਵੱਲੋਂ ਸੁਣਵਾਈ ਨਾ ਹੋਣ ’ਤੇ ਹੀ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ ਜਿਸ ਦਾ ਅੱਜ ਦੂਜਾ ਦਿਨ ਹੈ। ਉਨ੍ਹਾਂ ਕਿਹਾ ਕਿ ਸਵੇਰ ਤੋਂ ਪੈ ਰਹੇ ਮੀਂਹ ਅਤੇ ਠੰਢ ਨੇ ਅੰਦੋਲਨਕਾਰੀਆਂ ਲਈ ਹਾਲਾਤ ਹੋਰ ਔਖੇ ਬਣਾ ਦਿੱਤੇ ਹਨ ਪਰ ਅਧਿਆਪਕਾਂ ਦੇ ਹੌਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਉਹ ਹੱਕਾਂ ਦੀ ਲੜਾਈ ’ਚ ਹਾਰ ਨਹੀਂ ਮੰਨਣਗੇ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦਾ ਕੰਮ ਜਨਤਕ ਮੁੱਦੇ ਉਠਾਉਣਾ ਹੁੰਦਾ ਹੈ ਪਰ ਵਿਰੋਧੀ ਪਾਰਟੀਆਂ ਚੁੱਪ ਬੈਠੀਆਂ ਹਨ। ਅਧਿਆਪਕਾਂ ਨੇ ਸਪੱਸ਼ਟ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਇਹ ਰਵੱਈਆ ਲੋਕਤੰਤਰ ਦੇ ਮੂਲ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਇੱਥੇ ਵਿਰੋਧੀ ਧਿਰ ਸਿਰਫ਼ ਆਪਣੇ ਸਿਆਸੀ ਹਿੱਤਾਂ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚਾਰ ਦਰਜਨ ਤੋਂ ਵੱਧ ਮੀਟਿੰਗਾਂ ਕਰਨ ਦੇ ਬਾਵਜੂਦ ਮੰਗਾਂ ਦਾ ਹੱਲ ਨਹੀਂ ਹੋਇਆ। ਆਗੂਆਂ ਨੇ ਮੰਗ ਕੀਤੀ ਕਿ ਸਾਰੇ ਕੰੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਆਰਡਰਾਂ ਵਿੱਚ ਦਰਜ ਲਾਭ ਬਹਾਲ ਕੀਤੇ ਜਾਣ, ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਦਿੱਤਾ ਜਾਵੇ ਅਤੇ ਬਿਨਾਂ ਕਿਸੇ ਸ਼ਰਤ ਦੇ ਸਿੱਖਿਆ ਵਿਭਾਗ ਵਿਚ ਮਰਜ਼ ਕੀਤਾ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮਰਨ ਵਰਤ ’ਤੇ ਬੈਠੇ ਕੰਪਿਊਟਰ ਅਧਿਆਪਕ ਦਾ ਕੋਈ ਨੁਕਸਾਨ ਹੋਇਆ ਤਾਂ ਸਰਕਾਰ ਜ਼ਿੰਮੇਵਾਰ ਹੋਵੇਗੀ।