For the best experience, open
https://m.punjabitribuneonline.com
on your mobile browser.
Advertisement

‘ਆਪ’ ਸਰਕਾਰ ਖ਼ਿਲਾਫ਼ ਡਟੇ ਕੰਪਿਊਟਰ ਅਧਿਆਪਕ

09:13 AM Sep 02, 2024 IST
‘ਆਪ’ ਸਰਕਾਰ ਖ਼ਿਲਾਫ਼ ਡਟੇ ਕੰਪਿਊਟਰ ਅਧਿਆਪਕ
ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਰੋਸ ਪ੍ਰਗਟ ਕਰਦੇ ਹੋਏ ਕੰਪਿਊਟਰ ਅਧਿਆਪਕ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਸਤੰਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਰਾਜ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਦਿਨ-ਰਾਤ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੋ ਅਧਿਆਪਕ ਆਗੂਆਂ ਜੌਨੀ ਸਿੰਗਲਾ ਬਠਿੰਡਾ ਅਤੇ ਰਣਜੀਤ ਸਿੰਘ ਪਟਿਆਲਾ ਅੱਜ ਭੁੱਖ ਹੜਤਾਲ ’ਤੇ ਬੈਠ ਗਏ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਆਉਣ ਵਾਲੇ ਦਿਨਾਂ ਵਿਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਮਲੂਕਾ, ਰਜਵੰਤ ਕੌਰ ਅਤੇ ਜਸਪਾਲ ਸਿੰਘ ਨੇ ਦੱਸਿਆ ਕਿ ਸਾਲ 2011 ਵਿੱਚ ਤਤਕਾਲੀਨ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ‘ਪਿਕਟਸ’ ਸੁਸਾਇਟੀ ਅਧੀਨ ਰੈਗੂਲਰ ਕਰ ਦਿੱਤਾ ਗਿਆ ਸੀ ਪਰ ਰੈਗੂਲਰ ਹੋਣ ਦੇ 13 ਸਾਲਾਂ ਮਗਰੋਂ ਵੀ ਉਨ੍ਹਾਂ ਦੇ ਪੂਰੇ ਹੱਕ ਬਹਾਲ ਨਹੀਂ ਹੋਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਸਬੰਧੀ ਜਨਤਕ ਬਿਆਨ ਵੀ ਦਿੱਤਾ ਗਿਆ ਸੀ ਜਿਸ ਮਗਰੋਂ ਉਹ ਮੁੱਕਰ ਗਏ। ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ ਲਗਪਗ 30 ਤੋਂ ਵੱਧ ਵਾਰ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਪਰੰਤੂ ਇੱਕ ਵਾਰ ਵੀ ਉਨ੍ਹਾਂ ਨਾਲ ਮੀਟਿੰਗ ਨਹੀਂ ਕੀਤੀ।

Advertisement

ਕੰਪਿਊਂਟਰ ਅਧਿਆਪਕਾਂ ਵੱਲੋਂ ‘ਆਪ’ ਸਰਕਾਰ ਖ਼ਿਲਾਫ਼ ਰੈਲੀ

ਧੂਰੀ (ਹਰਦੀਪ ਸਿੰਘ ਸੋਢੀ/ਪਵਨ ਕੁਮਾਰ ਵਰਮਾ): ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ’ਤੇ ਵਾਅਦਾਖਿਲਾਫ਼ੀ ਦੇ ਦੋਸ਼ ਲਗਾਉਂਦਿਆਂ ਅੱਜ ਧੂਰੀ ’ਚ ਰੈਲੀ ਕੀਤੀ। ਰੋਸ ਵਿੱਚ ਆਏ ਅਧਿਆਪਕਾਂ ਨੇ ਕੱਕੜਵਾਲ ਚੌਕ ਤੱਕ ਰੋਸ ਮਾਰਚ ਕਰਕੇ ਅੱਧੇ ਘੰਟੇ ਲਈ ਸੰਕੇਤਕ ਚੱਕਾ ਜਾਮ ਕੀਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕੰਪਿਊਟਰ ਅਧਿਆਪਕ ਮੰਗ ਕਰ ਰਹੇ ਸਨ ਕਿ ਕੇਡਰ ਨੂੰ ਸੁਸਾਇਟੀਆਂ ’ਚੋਂ ਕੱਢ ਕੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਛੇਵਾਂ ਪੇਅ-ਕਮਿਸ਼ਨ ਲਾਗੂ ਕੀਤਾ ਜਾਵੇ ਅਤੇ ਸੀਐੱਸਆਰ ਰੂਲ ਲਾਗੂ ਕੀਤੇ ਜਾਣ। ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਜੌਨੀ ਸਿੰਗਲਾ, ਨਰਦੀਪ ਸ਼ਰਮਾ, ਰਣਜੀਤ ਸਿੰਘ, ਪ੍ਰਦੀਪ ਮਲੂਕਾ, ਪਰਮਵੀਰ ਸਿੰਘ ਪੰਮੀ, ਰਜਵੰਤ ਕੌਰ ਨੇ ਕਿਹਾ 18 ਸਾਲ ਪਹਿਲਾਂ ਸੁਸਾਇਟੀਆਂ ਅਧੀਨ ਭਰਤੀ ਕੀਤੇ ਕੰਪਿਊਟਰ ਅਧਿਆਪਕਾਂ ਨੂੰ 2011 ਵਿੱਚ ਪੱਕਾ ਤਾਂ ਕੀਤਾ ਗਿਆ ਪਰ ਸਰਕਾਰੀ ਮੁਲਾਜ਼ਮਾਂ ਨੂੰ ਮਿਲਦੇ ਲਾਭਾਂ ਤੋਂ ਦੂਰ ਰੱਖਿਆ ਗਿਆ। ਇਸ ਤੋਂ ਇਲਾਵਾ ਛੇਵੇਂ ਪੇਅ-ਕਮਿਸ਼ਨ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ ਤੇ ਮੌਤ ਦੇ ਮੂੰਹ ਪਏ ਅਧਿਆਪਕਾਂ ਦੇ ਵਾਰਿਸਾਂ ਨੂੰ ਨੌਕਰੀ ਤੇ ਹੋਰ ਬਣਦੇ ਲਾਭ ਨਹੀਂ ਦਿੱਤੇ ਗਏ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਸ਼ ਲਾਇਆ ਕਿ ਉਨ੍ਹਾਂ ਵੱਲੋਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਮਰਜ ਕਰਨ ਦੇ ਕੀਤੇ ਵਾਅਦੇ ਵਫ਼ਾ ਨਹੀਂ ਹੋਏ।

Advertisement

Advertisement
Author Image

Advertisement