ਖਟਕੜ ਕਲਾਂ ’ਚ ਆਪਣੇ ਹੱਕਾਂ ਲਈ ਡਟੇ ਕੰਪਿਊਟਰ ਅਧਿਆਪਕ
ਨਿੱਜੀ ਪੱਤਰ ਪ੍ਰੇਰਕ
ਬੰਗਾ, 28 ਸਤੰਬਰ
ਸੰਗਰੂਰ ਵਿੱਚ ਆਪਣੀਆਂ ਮੰਗਾਂ ਦੀ ਪੂਰਤੀ ਲਈ ਭੁੱਖ ਹੜਤਾਲ਼ ਕਰ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਟਕੜ ਕਲਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋੋਸ ਪ੍ਰਗਟਾਉਂਦਿਆਂ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਛੇਵੇਂ ਪੇਅ ਕਮਿਸ਼ਨ ਦੇ ਲਾਭ ਤੇ ਸਿੱਖਿਆ ਵਿਭਾਗ ਵਿੱਚ ਰਲੇਵਾਂ ਕਰਨ ਦੀ ਮੰਗ ਕੀਤੀ।
ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਰਜਵੰਤ ਕੌਰ, ਲਖਵਿੰਦਰ ਸਿੰਘ, ਗੁਰਬਖਸ਼ ਲਾਲ ਤੇ ਜਸਪਾਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲਾਰੇ ਲੱਪੇ ਵਾਲੇ ਨੀਤੀ ਅਪਣਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਦੇ ਹੱਕ ਬਹਾਲ ਕਰਨ ਦੇ ਜੋ ਐਲਾਨ ਕੀਤੇ ਗਏ ਸਨ ਉਹ ਸਿਰਫ ਝੂਠੇ ਹੀ ਸਾਬਤ ਹੋਏ ਹਨ। ਇਸ ਤੋਂ ਪਿਛਲੀਆਂ ਸਰਕਾਰਾਂ ਵੀ ਉਨ੍ਹਾਂ ਨਾਲ ਅਜਿਹਾ ਹੀ ਕਰਦੀਆਂ ਆ ਰਹੀਆਂ ਹਨ ਅਤੇ ਹੁਣ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਦੇ ਹੋਏ ਕੰਪਿਊਟਰ ਅਧਿਆਪਕਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ।
ਕੰਪਿਊਟਰ ਅਧਿਆਪਕ ਆਗੂਆਂ ਨੇ ਐਲਾਨ ਕੀਤਾ ਕਿ ਜਿੱਥੇ ਕੰਪਿਊਟਰ ਅਧਿਆਪਕਾਂ ਵੱਲੋਂ ਸੰਗਰੂਰ ਵਿਚ 1 ਸਤੰਬਰ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ ਨੂੰ ਜਲਦ ਹੀ ਮਰਨ ਵਰਤ ਵਿਚ ਤਬਦੀਲ ਕੀਤਾ ਜਾ ਰਿਹਾ ਹੈ, ਉਥੇ ਕੰਪਿਊਟਰ ਅਧਿਆਪਕਾਂ ਵੱਲੋਂ ਵੱਡੇ ਪੱਧਰ ’ਤੇ ਸੂਬੇ ਭਰ ਵਿਚ ਐਕਸ਼ਨ ਉਲੀਕੇ ਜਾਣਗੇ। ਜਦੋਂ ਤੱਕ ਉਨ੍ਹਾਂ ਦੇ ਸਾਰੇ ਹੱਕ ਬਹਾਲ ਨਹੀਂ ਕਰ ਦਿੱਤੇ ਜਾਂਦੇ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਸਾਲ 2011 ਵਿੱਚ ਤਤਕਾਲੀਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦੇ ਹੋਏ ਉਨ੍ਹਾਂ ਨੂੰ ਪੰਜਾਬ ਸਿਵਲ ਸਰਵਿਸਿਜ਼ ਅਧੀਨ ਸਾਰੇ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਜਿਉਂ ਜਿਉਂ ਸਮਾਂ ਬੀਤਦਾ ਜਾ ਰਿਹਾ ਹੈ, ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੇ ਹੱਕ ਵੀ ਖੋਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਾਕੀ ਕਰਮਚਾਰੀਆਂ ਵਾਂਗ ਉਨ੍ਹਾਂ ਨੂੰ ਹਾਲੇ ਤੱਕ ਛੇਵੇਂ ਪੇਅ ਕਮਿਸ਼ਨ ਦਾ ਲਾਭ ਨਹੀਂ ਦਿੱਤਾ ਗਿਆ, ਜਦੋਂ ਕਿ ਉਨ੍ਹਾਂ ਨੂੰ ਪਹਿਲਾਂ ਪੰਜਵੇਂ ਪੇਅ ਕਮਿਸ਼ਨ ਅਨੁਸਾਰ ਹੀ ਤਨਖਾਹ ਮਿਲ ਰਹੀ ਹੈ।
ਸੰਗਰੂਰ: ਭੁੱਖ ਹੜਤਾਲ ’ਤੇ ਡਟੇ ਅਧਿਆਪਕਾਂ ਵੱਲੋਂ ਮਰਨ ਵਰਤ ਦੀ ਚਿਤਾਵਨੀ
ਸੰਗਰੂਰ (ਗੁਰਦੀਪ ਲਾਲੀ): ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਕੰਪਿਊਟਰ ਅਧਿਆਪਕ 28 ਦਿਨਾਂ ਤੋਂ ਲੜੀਵਾਰ ਭੁੱਖ ਹੜਤਾਲ ’ਤੇ ਡਟੇ ਹੋਏ ਹਨ। ਭਾਵੇਂ ਅੱਜ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਖਟਕੜ ਕਲਾਂ ਵਿੱਚ ਸੂਬਾ ਪੱਧਰੀ ਰੈਲੀ ਸੀ ਪਰ ਇਸ ਦੇ ਬਾਵਜੂਦ ਇੱਥੇ ਭੁੱਖ ਹੜਤਾਲੀ ਕੈਂਪ ਵਿੱਚ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਹੱਕਾਂ ਦੀ ਪ੍ਰਾਪਤੀ ਲਈ ਆਵਾਜ਼ ਬੁਲੰਦ ਕੀਤੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅੱਜ 28ਵੇਂ ਦਿਨ ਸੰਗਰੂਰ ਮੋਰਚੇ ਵਿੱਚ ਕੰਪਿਊਟਰ ਅਧਿਆਪਕ ਬਲਜਿੰਦਰ ਯਾਦਵ, ਗੁਰਨਾਮ ਸਿੰਘ, ਸੁਰਿੰਦਰ ਕੁਮਾਰ ਫਾਜ਼ਿਲਕਾ ਅਤੇ ਨਰਿੰਦਰ ਸਿੰਘ ਫਰੀਦਕੋਟ 24 ਘੰਟੇ ਲਈ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ। ਇਸ ਮੌਕੇ ਕੰਪਿਊਟਰ ਅਧਿਆਪਕ ਪ੍ਰਤਾਪ ਸਿੰਘ, ਰਾਜਵਿੰਦਰ ਸਿੰਘ, ਜੁਗਰਾਜ ਸਿੰਘ, ਰਾਜਵਿੰਦਰ ਸਿੰਘ ਤੇ ਬਲਜਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨਾਲ ਲਗਾਤਾਰ ਲਾਰੇ ਲੱਪੇ ਵਾਲੇ ਨੀਤੀ ਅਪਣਾਈ ਜਾ ਰਹੀ ਹੈ। ਕੰਪਿਊਟਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਗਰੂਰ ’ਚ 28 ਦਿਨਾਂ ਤੋਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਨੂੰ ਮਰਨ ਵਰਤ ਵਿਚ ਤਬਦੀਲ ਕੀਤਾ ਜਾਵੇਗਾ ਅਤੇ ਵੱਡੇ ਪੱਧਰ ਤੇ ਸੂਬੇ ਭਰ ਵਿੱਚ ਇਹ ਸੰਘਰਸ਼ ਐਕਸ਼ਨ ਉਲੀਕੇ ਜਾਣਗੇ।