ਕੰਪਿਊਟਰ ਅਧਿਆਪਕਾਂ ਵੱਲੋਂ ਆਵਾਜਾਈ ਠੱਪ ਕਰ ਕੇ ਅਰਥੀ ਫ਼ੂਕ ਮੁਜ਼ਾਹਰਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਅਕਤੂਬਰ
ਪੰਜਾਬ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਲਈ ਇੱਥੇ ਡੀਸੀ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਜਿਥੇ 32ਵੇਂ ਦਿਨ ਵੀ ਜਾਰੀ ਰਹੀ ਉਥੇ ਕੰਪਿਊਟਰ ਅਧਿਆਪਕਾਂ ਵੱਲੋਂ ਲਾਲ ਬੱਤੀ ਚੌਕ ਵਿਚ ਆਵਾਜਾਈ ਠੱਪ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਲੜੀਵਾਰ ਭੁੱਖ ਹੜਤਾਲ ਮਰਨ ਵਰਤ ਵਿਚ ਤਬਦੀਲ ਕਰ ਦਿੱਤੀ ਜਾਵੇਗੀ।
ਕੰਪਿਊਟਰ ਅਧਿਆਪਕਾਂ ਨੇ ਅੱਜ ਸੂਬਾ ਸਰਕਾਰ ਦੀ ਅਰਥੀ ਮੋਢਿਆ ’ਤੇ ਚੁੱਕ ਕੇ ਪੱਕੇ ਮੋਰਚੇ ਵਾਲੇ ਥਾਂ ਤੋਂ ਲਾਲ ਬੱਤੀ ਚੌਕ ਤੱਕ ਰੋਸ ਮਾਰਚ ਕੀਤਾ ਅਤੇ ਆਵਾਜਾਈ ਠੱਪ ਕਰ ਕੇ ਅਰਥੀ ਫ਼ੂਕੀ ਗਈ। ਇਸ ਮੌਕੇ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਨਾਲ ਸਬੰਧਤ ਯੂਨੀਅਨ ਦੇ ਜ਼ਿਲ੍ਹਾ ਬਠਿੰਡਾ ਪ੍ਰਧਾਨ ਈਸ਼ਰ ਸਿੰਘ ਅਤੇ ਜ਼ਿਲ੍ਹਾ ਸੰਗਰੂਰ ਪ੍ਰਧਾਨ ਨਰਦੀਪ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਉਨ੍ਹਾਂ ਨੂੰ 30 ਤੋਂ ਵੱਧ ਵਾਰ ਸਮਾਂ ਦੇ ਕੇ ਵੀ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਦੀ ਸਿਰਫ਼ ਇੱਕੋ ਮੰਗ ਹੈ ਕਿ ਛੇਵੇਂ ਪੇਅ ਕਮਿਸ਼ਨ ਸਮੇਤ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਿਨਾਂ ਸ਼ਰਤ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ। ਇਸ ਮੌਕੇ ਹਰਿੰਦਰ ਕੁਮਾਰ, ਭੀਮ ਸਿੰਘ, ਅਸ਼ਵਨੀ ਕੁਮਾਰ, ਪਰਮਿੰਦਰ ਸਿੰਘ ਸਿਬੀਆ, ਲਲਿਤ ਸ਼ਰਮਾ, ਤੇਜਿੰਦਰ ਬਾਂਸਲ, ਸੁਮਿਤ ਕੁਮਾਰ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਸਤਿੰਦਰ ਸਿੰਘ ਆਦਿ ਹਾਜ਼ਰ ਸਨ।