ਜ਼ਿਮਨੀ ਚੋਣਾਂ ’ਚ ਸਰਕਾਰ ਖ਼ਿਲਾਫ਼ ਸੰਘਰਸ਼ ਕਰਨਗੇ ਕੰਪਿਊਟਰ ਅਧਿਆਪਕ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 20 ਅਕਤੂਬਰ
ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪਿਛਲੇ 50 ਦਿਨਾਂ ਤੋਂ ਸੂਬਾ ਪੱਧਰੀ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ ਕੰਪਿਊਟਰ ਅਧਿਆਪਕਾਂ ਵਲੋਂ ਪੰਜਾਬ ਦੇ ਚਾਰ ਹਲਕਿਆਂ ਵਿਚ ਹੋ ਰਹੀਆਂ ਜ਼ਿਮਨੀ ਚੋਣਾਂ ਵਿਚ ਐਕਸ਼ਨ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ ਜਿਸ ਤਹਿਤ 23 ਅਕਤੂਬਰ ਨੂੰ ਬਰਨਾਲਾ ’ਚ ਜ਼ੋਨਲ ਪੱਧਰੀ ਐਕਸ਼ਨ, 25 ਅਕਤੂਬਰ ਨੂੰ ਚੱਬੇਵਾਲ ਹੁਸ਼ਿਆਰਪੁਰ ’ਚ ਜ਼ੋਨਲ ਪੱਧਰੀ ਐਕਸ਼ਨ, 3 ਨਵੰਬਰ ਨੂੰ ਗਿੱਦੜਬਾਹਾ ’ਚ ਸੂਬਾ ਪੱਧਰੀ, 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਜ਼ੋਨਲ ਪੱਧਰੀ ਅਤੇ 10 ਨਵੰਬਰ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਪਰਮਵੀਰ ਸਿੰਘ ਪੰਮੀ ਅਤੇ ਜੌਨੀ ਸਿੰਗਲਾ ਨੇ ਦੱਸਿਆ ਕਿ ਸੰਘਰਸ਼ ਕਮੇਟੀ ਦੀ ਸੂਬਾਈ ਮੀਟਿੰਗ ਦੌਰਾਨ ਜ਼ਿਮਨੀ ਚੋਣਾਂ ਦੌਰਾਨ ਸਬੰਧਿਤ ਹਲਕਿਆਂ ਦੇ ਨਾਲ ਨਾਲ ਸੂਬੇ ਭਰ ਵਿਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਦਾ ਟੀਚਾ ਉਲੀਕਦਿਆਂ ਇਸ ਸਬੰਧੀ ਸ਼ੈਡਿਊਲ ਜਾਰੀ ਕੀਤਾ ਗਿਆ। ਅਧਿਆਪਕਾਂ ਨੇ ਕਿਹਾ ਕਿ ਜਦੋਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਦਿਆਂ ਤਤਕਾਲੀ ਸਰਕਾਰ ਦੀ ਆਲੋਚਨਾ ਕਰ ਰਹੇ ਸਨ, ਉਦੋਂ ਉਨ੍ਹਾਂ ਨੇ ਕਈ ਵੱਡੇ ਵਾਅਦੇ ਕੀਤੇ ਸਨ ਪਰ ਅੱਜ ਉਹੀ ਆਗੂ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨਾਲ ਗੱਲ ਕਰਨ ਲਈ ਵੀ ਤਿਆਰ ਨਹੀਂ ਹਨ। 15 ਸਤੰਬਰ 2022 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਸੀ ਕਿ ਉਸ ਸਾਲ ਦੀ ਦੀਵਾਲੀ ਤੱਕ ਸਾਰੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ, ਪਰ ਇਹ ਵਾਅਦਾ ਵੀ ਲਾਰਾ ਸਾਬਤ ਹੋਇਆ। ਉਨ੍ਹਾਂ ਕਿਹਾ ਕਿ ਛੇਵੇਂ ਪੇਅ ਕਮਿਸ਼ਨ ਸਮੇਤ ਉਨ੍ਹਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਿਨਾਂ ਸ਼ਰਤ ਬਹਾਲ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ।
ਅਧਿਆਪਕਾਂ ਵੱਲੋਂ ਮਹਿੰਗਾਈ ਭੱਤਾ ਜਾਰੀ ਕਰਨ ਦੀ ਮੰਗ
ਪਟਿਆਲਾ (ਖੇਤਰੀ ਪ੍ਰਤੀਨਿਧ): ਐੱਸਸੀ/ਬੀਸੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਬਲਜੀਤ ਸਿੰਘ ਸਲਾਣਾ, ਸੂਬਾ ਕਾਰਜਕਾਰੀ ਪ੍ਰਧਾਨ ਕਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਮੀਤ ਪ੍ਰਧਾਨ ਪਰਵਿੰਦਰ ਭਾਰਤੀ, ਗੁਰਸੇਵਕ ਸਿੰਘ ਕਲੇਰ ਤੇ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ ਨੇ ਇਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਤੋਂ ਪੰਜਾਬ ਦੇ ਮੁਲਾਜ਼ਮਾਂ ਦਾ ਪਿਛਲੇ ਸਮੇਂ ਦੇ ਬਣਦੇ 15 ਫ਼ੀਸਦੀ ਮਹਿਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੰਜਾਬ ਵਿੱਚ ਬਣੀਆਂ ਸਰਕਾਰਾਂ ਵੱਲੋਂ ਸਮੇਂ ਸਮੇਂ ਅਪਨਾਈਆਂ ਗਈਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਆਲੋਚਨਾ ਕੀਤੀ।