ਜੁਡੀਸ਼ਲ ਪ੍ਰੀਖਿਆ ’ਚ ਸਿੱਖ ਉਮੀਦਵਾਰਾਂ ਨਾਲ ਵਿਤਕਰੇ ਦੀ ਨਿੰਦਾ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਜੂਨ
ਰਾਜਸਥਾਨ ਦੇ ਜੋਧਪੁਰ ਵਿੱਚ ਜੁਡੀਸ਼ਲ ਪ੍ਰੀਖਿਆ ਦੌਰਾਨ ਵੱਡੀ ਗਿਣਤੀ ’ਚ ਅੰਮ੍ਰਿਤਧਾਰੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਰਕਾਰ ਵੱਲੋਂ ਅਜੇ ਤੱਕ ਕੋਈ ਕਾਰਵਾਈ ਨਾ ਕੀਤੇ ਜਾਣ ਨੂੰ ਸ਼੍ਰੋਮਣੀ ਕਮੇਟੀ ਨੇ ਦੁਖਦਾਈ ਅਤੇ ਅਨਿਆਂਪੂਰਨ ਕਰਾਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਬਾਲਾ ਛਾਉਣੀ ਦੀ ਇੱਕ ਗੁਰਸਿੱਖ ਲੜਕੀ ਲਖਵਿੰਦਰ ਕੌਰ ਦੇ ਕਕਾਰ ਜੋਧਪੁਰ ਜੁਡੀਸ਼ਲ ਪ੍ਰੀਖਿਆ ਦੌਰਾਨ ਉਤਰਵਾਏ ਗਏ ਹਨ।
ਇਸ ਤੋਂ ਪਹਿਲਾਂ ਜਲੰਧਰ ਵਾਸੀ ਗੁਰਸਿੱਖ ਲੜਕੀ ਅਰਮਨਜੋਤ ਕੌਰ ਦੇ ਮਾਮਲੇ ਨੇ ਸਿੱਖਾਂ ਨਾਲ ਹੋ ਰਹੇ ਵਿਤਕਰੇ ਨੂੰ ਉਜਾਗਰ ਕੀਤਾ ਸੀ। ਸ੍ਰੀ ਧਾਮੀ ਨੇ ਕਿਹਾ ਕਿ ਇਹ ਵਰਤਾਰਾ ਸਿੱਖ ਸੰਵੇਦਨਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਪ੍ਰਤੀ ਰਾਜਸਥਾਨ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਪਰ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਵੱਲੋਂ ਲਗਾਤਾਰ ਪ੍ਰਗਟਾਏ ਜਾ ਰਹੇ ਇਤਰਾਜ਼ ਮਗਰੋਂ ਵੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ।