ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਨਿਖੇਧੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਫਰਵਰੀ
ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ਼ ਕਰ ਰਹੇ ਪੰਜਾਬ ਦੇ ਪੱਤਰਕਾਰਾਂ ਨਾਲ ਦਿੱਲੀ ਪੁਲੀਸ ਵੱਲੋਂ ਕਥਿਤ ਤੌਰ ’ਤੇ ਕੀਤੀ ਗਈ ਧੱਕੇਸ਼ਾਹੀ ਦੀ ਸਾਰੇ ਪੱਤਰਕਾਰਾਂ ਨੇ ਨਿਖੇਧੀ ਕੀਤੀ ਹੈ। ਇਸ ਸਬੰਧੀ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਪ੍ਰਧਾਨ ਅਸ਼ਵਨੀ ਚਾਵਨਾ ਨੇ ਸਖ਼ਤ ਨੋਟਿਸ ਲੈਂਦਿਆਂ ਮੁੱਖ ਚੋਣ ਕਮਿਸ਼ਨਰ, ਨਵੀਂ ਦਿੱਲੀ ਨੂੰ ਪੱਤਰ ਲਿੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ਼ ਕਰਨ ਸਮੇਂ ਪਤਾ ਲੱਗਾ ਕਿ ਕੁਝ ਵਿਅਕਤੀਆਂ ਵੱਲੋਂ ਵੋਟਰਾਂ ਨੂੰ ਲੁਭਾਉਣ ਦੀ ਕਥਿਤ ਤੌਰ ’ਤੇ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨੇ ਜਦੋਂ ਉਕਤ ਘਟਨਾ ਨੂੰ ਕਵਰ ਕਰਨਾ ਸ਼ੁਰੂ ਕੀਤਾ ਤਾਂ ਕੁਝ ਸ਼ਰਾਰਤੀ ਤੱਤਾਂ ਨੇ ਇਤਰਾਜ਼ ਜਤਾਇਆ। ਪੰਜਾਬ ਦੇ ਪੱਤਰਕਾਰਾਂ ਨੇ ਇਨਸਾਫ਼ ਦੀ ਉਮੀਦ ਨਾਲ ਦਿੱਲੀ ਪੁਲੀਸ ਨੂੰ ਸੂਚਿਤ ਕੀਤਾ ਤਾਂ ਦਿੱਲੀ ਪੁਲੀਸ ਨੇ ਪੱਤਰਕਾਰਾਂ ਨਾਲ ਦੁਰਵਿਹਾਰ ਕੀਤਾ ਅਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾ ਜ਼ਿੰਮੇਵਾਰ ਪੁਲੀਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਨਿਖੇਧੀ
ਚੰਡੀਗੜ੍ਹ ਪ੍ਰੈੱਸ ਕਲੱਬ ਨੇ ਦਿੱਲੀ ਪੁਲੀਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਨਾਲ ਕੀਤੇ ਗਏ ਕਥਿਤ ਦੁਰਵਿਹਾਰ ਦੀ ਨਿਖੇਧੀ ਕੀਤੀ ਹੈ। ਪ੍ਰੈੱਸ ਕਲੱਬ ਦੇ ਸਕੱਤਰ ਜਨਪਲ ਉਮੇਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਤੋਂ ਕੁਝ ਪੱਤਰਕਾਰ ਦਿੱਲੀ ਵਿਧਾਨ ਸਭਾ ਚੋਣਾਂ ਕਵਰ ਕਰਨ ਗਏ ਹਨ, ਜਿਨ੍ਹਾਂ ਨਾਲ ਪੁਲੀਸ ਨੇ ਕਥਿਤ ਤੌਰ ’ਤੇ ਦੁਰਵਿਹਾਰ ਕੀਤਾ ਹੈ। ਇਸ ਦੌਰਾਨ ਪੱਤਰਕਾਰਾਂ ਨੇ ਪੁਲੀਸ ਨੂੰ ਆਈਡੀ ਕਾਰਡ ਵੀ ਦਿਖਾਏ, ਪਰ ਪੁਲੀਸ ਨੇ ਕਵਰੇਜ਼ ਕਰਨ ਤੋਂ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਇਹ ਪੱਤਰਕਾਰਾਂ ਦੀ ਆਜ਼ਾਦੀ ’ਤੇ ਹਮਲਾ ਹੈ। ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਕਸੂਰਵਾਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।