ਜਮਹੂਰੀ ਅਧਿਕਾਰ ਸਭਾ ਵੱਲੋਂ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਨਵੰਬਰ
ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਇਕਾਈ ਸੰਗਰੂਰ ਨੇ ਪੰਜਾਬ ਪੁਲੀਸ ਵੱਲੋਂ ਬਠਿੰਡਾ ਜ਼ਿਲ੍ਹੇ ਦੇ ਦੁਨੇਵਾਲਾ, ਸ਼ੇਰਗੜ੍ਹ ਤੇ ਭਗਵਾਨਗੜ੍ਹ ਪਿੰਡਾਂ ਦੇ ਕਿਸਾਨਾਂ ’ਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਦਰਜਨਾਂ ਕਿਸਾਨਾਂ ਨੂੰ ਜ਼ਖ਼ਮੀ ਕੀਤੇ ਜਾਣ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਹੈ। ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭੁਟਾਲ, ਜ਼ਿਲ੍ਹਾ ਸਕੱਤਰ ਮਾਸਟਰ ਕੁਲਦੀਪ ਸਿੰਘ, ਮਨਧੀਰ ਸਿੰਘ ਸੂਬਾ ਕਮੇਟੀ ਮੈਂਬਰ ਅਤੇ ਪ੍ਰੈੱਸ ਸਕੱਤਰ ਜੁਝਾਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਭਾਰਤ ਮਾਲਾ ਪ੍ਰਾਜੈਕਟ ਅਧੀਨ ਧੜਾ-ਧੜ ਜ਼ਮੀਨਾਂ ਐਕੁਆਇਰ ਕਰ ਰਹੀ ਹੈ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਕਿਹਾ ਕਿ ਸਰਕਾਰਾਂ ਆਪਣੇ ਕਾਰਪੋਰੇਟੀ ਏਜੰਡੇ ਨੂੰ ਲਾਗੂ ਕਰਨ ਵਿਚ ਇੰਨੀਆਂ ਗਲਤਾਨ ਹਨ ਕਿ ਲੋਕਾਂ ਦੀਆਂ ਵਾਜਬ ਮੰਗਾਂ ਨੂੰ ਸੁਣਨ ਤੱਕ ਵੀ ਤਿਆਰ ਨਹੀਂ। ਰਾਤਾਂ ਨੂੰ ਪੁਲਸੀ ਧਾੜਾਂ ਚਾੜ ਕੇ ਜ਼ਮੀਨਾਂ ’ਤੇ ਕਬਜ਼ੇ ਕੀਤੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਰਾਹ ਅਪਣਾਏ, ਯੋਗ ਮੁਆਵਜ਼ਾ ਦੇ ਕੇ ਉਨ੍ਹਾਂ ਦੀ ਸੰਤੁਸ਼ਟੀ ਕਰਵਾਏ ਅਤੇ ਦਰਜ ਕੀਤੇ ਕੇਸ ਰੱਦ ਕਰੇ ਤੇ ਗ੍ਰਿਫਤਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।