ਗੁਰਦੁਆਰਿਆਂ ’ਚ ਮਰਿਆਦਾ ਦੀ ਉਲੰਘਣਾ ਕਰਨ ’ਤੇ ਹਰਿਆਣਾ ਪੁਲੀਸ ਦੀ ਨਿਖੇਧੀ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਫਰਵਰੀ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਸਾਨਾਂ ਦੇ ਹੱਕਾਂ ਪ੍ਰਤੀ ਕੇਂਦਰ ਸਰਕਾਰ ਵੱਲੋਂ ਅਪਣਾਏ ਜਾ ਰਹੇ ਹਠੀ ਰਵੱਈਏ ਦੀ ਸਖ਼ਤ ਨਿਖੇਧੀ ਕਰਦਿਆਂ ਹਰਿਆਣਾ ਦੇ ਗੁਰਦੁਆਰਿਆਂ ਦੀਆਂ ਸਰਾਵਾਂ ਵਿੱਚ ਪੁਲੀਸ ਅਤੇ ਨੀਮ ਫੌਜੀ ਦਸਤਿਆਂ ਵੱਲੋਂ ਨਸ਼ਿਆਂ ਦਾ ਸੇਵਨ ਕਰਨ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਸਰਕਾਰ ਵੱਲੋਂ ਨਾਮਜ਼ਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਖ਼ਤ ਤਾੜਨਾ ਕੀਤੀ ਹੈ ਕਿ ਸੰਗਤ ਦੀ ਰਿਹਾਇਸ਼ ਲਈ ਬਣੀਆਂ ਗੁਰਦੁਆਰਿਆਂ ਦੀਆਂ ਸਰਾਵਾਂ ਵਿੱਚੋਂ ਪੁਲੀਸ ਅਤੇ ਨੀਮ ਫੌਜੀ ਬਲਾਂ ਨੂੰ ਤੁਰੰਤ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਰਵਾਨਾ ਹੋਏ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲੀਸ ਵਲੋਂ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਪੰਜੋਖਰਾ ਸਾਹਿਬ ਦੀਆਂ ਸਰਾਵਾਂ ਦੇ ਕਮਰਿਆਂ ਵਿਚ ਡੇਰੇ ਜਮਾਉਣ ਅਤੇ ਉੱਥੇ ਨਸ਼ਿਆਂ ਦਾ ਸੇਵਨ ਕਰਨ ਦੀਆਂ ਨਾ-ਬਰਦਾਸ਼ਤਯੋਗ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੁਤਾਹੀ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਗੁਰਦੁਆਰਿਆਂ ਦੀ ਮਰਿਆਦਾ ਭੰਗ ਕਰਨ ਦੇ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਪੁਲੀਸ ਨੂੰ ਦਾਖਲ ਕਰਨ ਅਤੇ ਮਰਿਆਦਾ ਦੀ ਉਲੰਘਣਾ ਕਰਨ ਨੂੰ ਗੰਭੀਰ ਮਾਮਲਾ ਦੱਸਦਿਆਂ ਇਸ ਦੀ ਸਖਤ ਨਿੰਦਾ ਕੀਤੀ ਹੈ।