ਵਾਹਗਾ-ਹੁਸੈਨੀਵਾਲਾ ਬਾਰਡਰ ਖੋਲਣ ਦੀ ਮੰਗ ਨੂੰ ਲੈ ਕੇ ਕਾਨਫਰੰਸ
ਹਤਿੰਦਰ ਮਹਿਤਾ
ਜਲੰਧਰ, 20 ਸਤੰਬਰ
ਇੱਥੇ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਇਕ ਕਾਨਫਰੰਸ ਕਰ ਕੇ ਭਾਰਤ-ਪਾਕਿਸਤਾਨ ਵਪਾਰ ਨੂੰ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਉਪਰੰਤ ਸ਼ਹਿਰ ਵਿੱਚ ਰੋਸ ਵੀ ਮੁਜ਼ਾਹਰਾ ਵੀ ਕੀਤਾ ਗਿਆ।
ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਆਪਣੀ ਉਪਜ ਸਮੇਤ ਹੋਰ ਵਰਗਾਂ ਨੂੰ ਵੀਜ਼ਾ ਸ਼ਰਤਾਂ ਖ਼ਤਮ ਕਰ ਕੇ ਪਾਸਪੋਰਟ ’ਤੇ ਸਿੱਧਾ ਵਪਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਸੂਬਾ ਆਗੂ ਸੰਤੋਖ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਨੂੰ ਦੁਸ਼ਮਣੀ ਦੀ ਅੱਗ ਬਾਲਣ ਦੀ ਥਾਂ ਦੋਸਤਾਨਾ ਰਿਸ਼ਤਿਆਂ ਨੂੰ ਉਸਾਰਨ ਵੱਲ ਅੱਗੇ ਵਧਣਾ ਚਾਹੀਦਾ ਹੈ। ਇਸ ਸਾਂਝ ਨੂੰ ਉਸਾਰਨ ਵਿੱਚ ਭਾਰਤ-ਪਾਕਿਸਤਾਨ ਵਪਾਰ ਮਹੱਤਵਪੂਰਨ ਕੜੀ ਹੈ। ਭਾਰਤ ਸਰਕਾਰ ਵੱਲੋਂ 2019 ਵਿੱਚ ਪਾਕਿਸਤਾਨ ਨੂੰ ਵਪਾਰ ਲਈ ਅਨੁਕੂਲ ਦੇਸ਼ਾਂ ਦੀ ਸੂਚੀ ਵਿੱਚੋਂ ਕੱਢੇ ਜਾਣ ਕਰ ਕੇ ਗੈਰ-ਜ਼ਰੂਰੀ ਵਸਤਾਂ ’ਤੇ 200 ਫੀਸਦੀ ਰੈਗੂਲੇਟਰੀ ਡਿਊਟੀ ਲਗਾ ਦਿੱਤੀ ਗਈ ਸੀ, ਜਿਸ ਕਾਰਨ ਪੰਜਾਬ ਦੇ ਸੜਕੀ ਲਾਂਘਿਆਂ ਰਾਹੀਂ ਪਾਕਿਸਤਾਨ ਨਾਲ ਵਪਾਰ ਨਾ ਸਿਰਫ ਤਬਾਹ ਹੋ ਗਿਆ ਬਲਕਿ ਪੰਜਾਬ ਦੇ ਹਿੱਤਾਂ ਨੂੰ ਭਾਰੀ ਢਾਹ ਵੀ ਲੱਗੀ ਸੀ।
ਇਸਤਰੀ ਵਿੰਗ ਦੇ ਸੂਬਾ ਕਨਵੀਨਰ ਹਰਦੀਪ ਕੌਰ ਕੋਟਲਾ ਨੇ ਕਿਹਾ ਕਿ ਮੌਜੂਦਾ ਸਮੇਂ ਦੋਹਾਂ ਮੁਲਕਾਂ ਵਿਚਾਲੇ 80 ਫੀਸਦੀ ਵਪਾਰ ਸਮੁੰਦਰੀ ਰਸਤਿਆਂ ਰਾਹੀਂ ਜਾਂ ਅਸਿੱਧੇ ਰੂਪ ਵਿੱਚ ਦੁਬਈ ਰਾਹੀਂ ਹੋ ਰਿਹਾ ਹੈ ਜੋ ਕਿ ਬਹੁਤ ਮਹਿੰਗਾ ਪੈਂਦਾ ਹੈ। ਇਸ ਮੌਕੇ ਟਰੱਕ ਯੂਨੀਅਨ ਫਿਲੌਰ, ਗੁਰਾਇਆਂ, ਨੂਰਮਹਿਲ ਦੇ ਆਗੂ ਰਣਜੀਤ ਸਿੰਘ, ਜਸਵੰਤ ਸਿੰਘ, ਸੁਰਜੀਤ ਸਿੰਘ, ਸਤਿੰਦਰ ਸਿੰਘ ਧੰਜੂ, ਚਮਕੌਰ ਸਿੰਘ, ਜ਼ਿਲ੍ਹਾ ਸਕੱਤਰ ਗੁਰਕੰਵਲ ਸਿੰਘ, ਤਰਪ੍ਰੀਤ ਸਿੰਘ ਉੱਪਲ, ਮੱਖਣ ਸਿੰਘ ਕੰਦੋਲਾ, ਗੁਰਨਾਮ ਤੱਗੜ, ਸੁਰਿੰਦਰ ਕੰਦੋਲਾ, ਹਰਦੀਪ ਸਿੰਘ, ਸੁਰਜੀਤ ਸਿੰਘ, ਮੰਗਲ ਸਿੰਘ, ਹਰਪ੍ਰੀਤ ਕੌਰ, ਸੁਰਜੀਤ ਕੌਰ, ਦੋਆਬਾ ਸੰਘਰਸ਼ ਕਮੇਟੀ ਦੇ ਬਲਵਿੰਦਰ ਮੱਲੀ ਨੰਗਲ ਆਦਿ ਨੇ ਵੀ ਸੰਬੋਧਨ ਕੀਤਾ।