ਕਾਂਗਰਸ ਨੇ ਲੋਕ ਸਭਾ ਚੋਣ ਲੜਨ ਦੇ ਚਾਹਵਾਨਾਂ ਤੋਂ ਅਰਜ਼ੀਆਂ ਮੰਗੀਆਂ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਫਰਵਰੀ
ਚੰਡੀਗੜ੍ਹ ਕਾਂਗਰਸ ਕਮੇਟੀ ਦੀ ਮੀਟਿੰਗ ਪ੍ਰਧਾਨ ਐੱਚਐੱਸ ਲੱਕੀ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਹੋਈ ਧੱਕੇਸ਼ਾਹੀ ਤੇ ਅਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਬਾਰੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਚੰਡੀਗੜ੍ਹ ਵਿੱਚੋਂ ਲੋਕ ਸਭਾ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਇਹ ਅਰਜ਼ੀਆਂ ਚਾਹਵਾਨ ਉਮੀਦਵਾਰ 10 ਹਜ਼ਾਰ ਰੁਪਏ ਦੇ ਡਿਮਾਂਡ ਡਰਾਫਟ ਨਾਲ 10 ਫਰਵਰੀ ਨੂੰ ਸ਼ਾਮ 4 ਵਜੇ ਤੱਕ ਸੈਕਟਰ-35 ਵਿੱਚ ਸਥਿਤ ਚੰਡੀਗੜ੍ਹ ਕਾਂਗਰਸ ਦੇ ਦਫ਼ਤਰ ’ਚ ਪਹੁੰਚਾ ਸਕਦੇ ਹਨ।
ਸ੍ਰੀ ਲੱਕੀ ਨੇ ਕਿਹਾ ਕਿ ਚੰਡੀਗੜ੍ਹ ਮੇਅਰ ਚੋਣ ਵਿੱਚ ਭਾਜਪਾ ਵੱਲੋਂ ਕੀਤੀ ਗਈ ਧੱਕੇਸ਼ਾਹੀ ਖ਼ਿਲਾਫ਼ ਕਾਂਗਰਸ ਪਾਰਟੀ ਨੇ ਰੋਜ਼ਾਨਾ ਸ਼ਹਿਰ ਵਿੱਚ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਮੇਅਰ ਚੋਣ ਦੇ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਦਾ ਪੁਤਲਾ ਸਾੜਿਆ ਹੈ। ਇਸੇ ਤਰ੍ਹਾਂ ਕਾਂਗਰਸ ਪਾਰਟੀ ਵੱਲੋਂ 7 ਫਰਵਰੀ ਨੂੰ ਸੈਕਟਰ-33 ਵਿੱਚ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਲਈ 7 ਫਰਵਰੀ ਨੂੰ ਸਵੇਰੇ 12.30 ਵਜੇ ਸੈਕਟਰ-35 ਵਿੱਚ ਕਾਂਗਰਸ ਭਵਨ ਤੋਂ ਵਰਕਰ ਇਕੱਠੇ ਹੋ ਕੇ ਭਾਜਪਾ ਦਫ਼ਤਰ ਵੱਲ ਮਾਰਚ ਸ਼ੁਰੂ ਕਰਨਗੇ।
ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਮੇਅਰ ਚੋਣ ਵਿੱਚ ਭਾਜਪਾ ਵੱਲੋਂ ਕੀਤੀ ਗਈ ਧੱਕੇਸ਼ਾਹੀ ਦਾ ਵੀਡੀਓ ਨੇ ਸਭ ਕੁਝ ਸਾਫ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਲੋਕਤੰਤਰ ਦੀ ਹੱਤਿਆ ਕਰਨ ਸਬੰਧੀ ਚੰਡੀਗੜ੍ਹ ਪੁਲੀਸ ਨੂੰ ਸ਼ਿਕਾਇਤ ਦੇ ਕੇ ਆਏ ਸਨ, ਪੁਲੀਸ ਨੇ ਉਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਧੱਕੇਸ਼ਾਹੀ ਨਾਲ ਬਣਾਏ ਮੇਅਰ ਨੂੰ ਹਟਾਉਣ ਤੇ ਪ੍ਰੀਜ਼ਾਈਡਿੰਗ ਅਫ਼ਸਰ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੇਅਰ ਨੂੰ ਹਟਾ ਕੇ ਪ੍ਰੀਜ਼ਾਈਡਿੰਗ ਅਫ਼ਸਰ ਵਿਰੁੱਧ ਕੇਸ ਦਰਜ ਨਹੀਂ ਕੀਤਾ ਜਾਵੇਗਾ, ਉੱਦੋਂ ਤੱਕ ਕਾਂਗਰਸ ਪਾਰਟੀ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਮਹਿਲਾ ਕਾਂਗਰਸ ਅੱਜ ਸ਼ੁਰੂ ਕਰੇਗੀ ‘ਨਾਰੀ ਨਿਆਏ’ ਯਾਤਰਾ
ਚੰਡੀਗੜ੍ਹ: ਲੋਕ ਸਭਾ ਚੋਣਾਂ ਤੋ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਦੇਸ਼ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਲਈ ਦੇਸ਼ ਵਿੱਚੋਂ ‘ਭਾਰਤ ਬਚਾਓ ਨਿਆਏ ਯਾਤਰਾ’ ਕੱਢੀ ਜਾ ਰਹੀ ਹੈ, ਜਿਸ ’ਚ ਦੇਸ਼ ਭਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਮਹਿਲਾ ਕਾਂਗਰਸ ਵੱਲੋਂ ਸ਼ਹਿਰ ਵਿੱਚ ਔਰਤਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਲਈ ‘ਨਾਰੀ ਨਿਆਏ’ ਯਾਤਰਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਐਲਾਨ ਕੀਤਾ ਕਿ ਮਹਿਲਾ ਕਾਂਗਰਸ ਵੱਲੋਂ 7 ਫਰਵਰੀ ਤੋਂ ਸ਼ਹਿਰ ਵਿੱਚ ‘ਨਾਰੀ ਨਿਆਏ ਯਾਤਰਾ’ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਲਈ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਅਲਕਾ ਲਾਂਬਾ ਵਿਸ਼ੇਸ਼ ਤੌਰ ’ਤੇ ਚੰਡੀਗੜ੍ਹ ਪਹੁੰਚ ਕੇ ਮੁਹਿੰਮ ਦੀ ਸ਼ੁਰੂਆਤ ਕਰੇਗੀ। ਸ੍ਰੀਮਤੀ ਦੂਬੇ ਨੇ ਕਿਹਾ ਕਿ ਅੱਜ ਕੇਂਦਰ ਸਰਕਾਰ ਵੱਲੋਂ ਔਰਤਾਂ ਨੂੰ ਹਰ ਪੱਖ ਤੋਂ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਦੇਸ਼ ਵਿੱਚ ਮਹਿੰਗਾਈ ਵਧਦੀ ਜਾ ਰਹੀ ਹੈ, ਜਿਸ ਕਰ ਕੇ ਔਰਤਾਂ ਨੂੰ ਘਰ ਚਲਾਉਣਾ ਮੁਸ਼ਕਲ ਹੋ ਗਿਆ ਹੈ। ਔਰਤਾਂ ’ਤੇ ਅਪਰਾਧ ਵਧ ਰਹੇ ਹਨ, ਪਰ ਕੋਈ ਸੁਣਵਾਈ ਨਹੀਂ ਹੋ ਰਹੀ ਹੈ। ਸਰਕਾਰੀ ਹਸਪਤਾਲਾਂ ਵਿੱਚ ਔਰਤਾਂ ਦੀ ਸਹੀ ਢੰਗ ਨਾਲ ਦੇਖ-ਭਾਲ ਨਹੀਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਿੱਤ ਸ਼ਹਿਰ ਵਿੱਚ ਔਰਤਾਂ ’ਤੇ ਅਪਰਾਧਕ ਘਟਨਾਵਾਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਨਾਰੀ ਨਿਆਏ ਯਾਤਰਾ’ ਰਾਹੀਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਜਾਵੇਗਾ। ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਨੇ ਕਿਹਾ ਕਿ ਐਨਸੀਆਰਬੀ ਦੀ ਰਿਪੋਰਟ ਅਨੁਸਾਰ ਦੇਸ਼ ਵਿੱਚੋਂ ਦੋ ਸਾਲਾਂ ਦੌਰਾਨ 13 ਲੱਖ ਤੋਂ ਵੱਧ ਔਰਤਾਂ ਲਾਪਤਾ ਹੋ ਚੁੱਕੀਆਂ ਹਨ ਜਦੋਂਕਿ ਚੰਡੀਗੜ੍ਹ ਸ਼ਹਿਰ ਵਿੱਚੋਂ ਵੀ ਦੋ ਸਾਲਾਂ ਦੌਰਾਨਾ 3600 ਤੋਂ ਵੱਧ ਔਰਤਾਂ ਲਾਪਤਾ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ‘ਨਾਰੀ ਨਿਆਏ ਯਾਤਰਾ’ ਰਾਹੀਂ ਚੰਡੀਗੜ੍ਹ ਮਹਿਲਾ ਕਾਂਗਰਸ ਸ਼ਹਿਰ ਦੇ ਹਰ ਘਰ ਤੱਕ ਪਹੁੰਚ ਕਰੇਗੀ। ਇਸ ਦੌਰਾਨ ਔਰਤਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਉਨ੍ਹਾਂ ਸਮੱਸਿਆਵਾਂ ਨੂੰ ਸਰਕਾਰ ਮੂਹਰੇ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਹਰ ਖੇਤਰ ਵਿੱਚ ਮਰਦਾਂ ਦੇ ਬਰਾਬਰ ਖੜ੍ਹੀਆਂ ਹੋ ਰਹੀਆਂ ਹਨ। ਇਸੇ ਦੇ ਚਲਦਿਆਂ ਮਹਿਲਾ ਕਾਂਗਰਸ ਔਰਤਾਂ ਨਾਲ ਕਿਸੇ ਨੂੰ ਧੱਕੇਸ਼ਾਹੀ ਨਹੀਂ ਕਰਨ ਦੇਵੇਗੀ।