ਨਾਮਜ਼ਦਗੀਆਂ ਰੱਦ ਕਰਨ ਖ਼ਿਲਾਫ਼ ਕਾਂਗਰਸ, ਭਾਜਪਾ ਤੇ ਅਕਾਲੀ ਦਲ ਵੱਲੋਂ ਧਰਨਾ
ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 6 ਅਕਤੂਬਰ
ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਖ਼ਿਲਾਫ਼ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਸਥਾਨਕ ਗਗਨ ਚੌਕ ’ਚ ‘ਆਪ’ ਖ਼ਿਲਾਫ਼ ਸਾਂਝਾ ਰੋਸ ਧਰਨਾ ਦਿੱਤਾ। ਇਸ ਧਰਨਾਕਾਰੀਆਂ ਨੇ ਸੱਤਾਧਾਰੀ ਧਿਰ ’ਤੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਜਬਰੀ ਅਤੇ ਗੈਰ ਸੰਵਿਧਾਨਕ ਤਰੀਕੇ ਨਾਲ ਰੱਦ ਕਰਨ ਦੇ ਦੋਸ਼ ਲਾਇਆ। ਧਰਨੇ ਦੌਰਾਨ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਝੱਲਣੀ ਪਈ। ਧਰਨੇ ਨੂੰ ਸਾਬਕਾ ਵਿਧਾਇਕ ਹਲਕਾ ਘਨੌਰ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਰਾਜਪੁਰਾ ਹਰਦਿਆਲ ਸਿੰਘ ਕੰਬੋਜ, ਸੁਰਜੀਤ ਸਿੰਘ ਗੜੀ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਨਿਯਮ ਕਾਨੂੰਨ ਛਿੱਕੇ ਟੰਗ ਕੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਕੀਤੇ ਗਏ ਹਨ, ਜੋ ਕਿ ਲੋਕਤੰਤਰ ਦਾ ਕਤਲ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਕੌਂਸਲਰ ਅਮਨਦੀਪ ਸਿੰਘ ਨਾਗੀ, ਯੋਗੇਸ਼ ਕੱਦ ਗੋਲਡੀ, ਪ੍ਰਦੀਪ ਨੰਦਾ, ਵਿਸ਼ੂ ਸ਼ਰਮਾ ਤੋਂ ਇਲਾਵਾ ਹੋਰ ਪਿੰਡਾ ਦੇ ਲੋਕ ਮੌਜੂਦ ਸਨ।
ਉੱਧਰ, ਧਰਨੇ ਤੋਂ ਤੁਰੰਤ ਬਾਅਦ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਆਪਣੇ ਨਿਵਾਸ ਸਥਾਨ 'ਤੇ ਸੱਦੀ ਪ੍ਰੈੱਸ ਕਾਨਫ਼ਰੰਸ ਵਿਚ ਕਿਹਾ ਕਿ ਕਾਂਗਰਸੀ, ਭਾਜਪਾ ਅਤੇ ਅਕਾਲੀਆਂ ਵੱਲੋਂ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਅਤੇ ਉਹ ਧਰਨੇ ਲਗਾ ਕੇ ਜਾਣ ਬੁੱਝ ਕੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਹਾਈਵੇਅ ਜਾਮ ਕਰਨ ਦੀ ਕਾਰਵਾਈ ਦੀ ਉਹ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਰੋਸ ਪ੍ਰਗਟ ਕਰਨਾ ਹੈ ਤਾਂ ਐਸਡੀਐਮ ਦਫ਼ਤਰ ਦੇ ਬਾਹਰ ਵੀ ਕੀਤਾ ਜਾ ਸਕਦਾ ਹੈ।