ਰੇਤ ਤੇ ਕੇਬਲ ਮਾਫ਼ੀਆ ਰੋਕ ਨਹੀਂ ਸਕੀ ਕਾਂਗਰਸ: ਢਿੱਲੋਂ
ਪਾਲ ਸਿੰਘ ਨੌਲੀ
ਜਲੰਧਰ, 20 ਅਗਸਤ
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਅੱਜ ਇਹ ਗੱਲ ਸਵੀਕਾਰ ਕੀਤੀ ਹੈ ਕਿ ਸੂਬਾ ਸਰਕਾਰ ਪੰਜਾਬ ਵਿਚੋਂ ਰੇਤ, ਬੱਜਰੀ ਤੇ ਕੇਬਲ ਮਾਫ਼ੀਆ ਨੂੰ ਕੰਟੋਰਲ ਕਰਨ ਵਿਚ ਨਾਕਾਮਯਾਬ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਕੋਲ ਅਜੇ ਡੇਢ ਸਾਲ ਪਿਆ ਹੈ। ਇਸ ਸਮੇਂ ਦੌਰਾਨ ਜੇ ਮਾਫ਼ੀਆ ਵਿਰੁੱਧ ਕੋਈ ਸਖ਼ਤੀ ਨਾ ਵਰਤੀ ਗਈ ਤਾਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੂੰ ਖਮਿਆਜ਼ਾ ਭੁਗਤਣਾ ਪਵੇਗਾ।
ਆਪਣੀ ਸਰਕਾਰ ਬਾਰੇ ਬੋਲਣ ’ਤੇ ਕਾਰਵਾਈ ਹੋਣ ਸਬੰਧੀ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਮੀਡੀਆ ਦੇ ਸਵਾਲ ਦਾ ਜਵਾਬ ਦਿੱਤਾ ਹੈ। ਉਂਜ ਜਿੰਨੀ ਵਾਰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਹੁੰਦੀ ਹੈ ਤਾਂ ਉਹ ਪਾਰਟੀ ਪਲੇਟਫਰਾਮ ’ਤੇ ਮੁੱਦੇ ਰੱਖਦੇ ਹਨ, ਉਨ੍ਹਾਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋਂ ਵਾਂਗ ਕਦੇ ਜਨਤਕ ਤੌਰ ’ਤੇ ਮੁੱਦੇ ਨਹੀਂ ਉਠਾਏ। ਯੂਥ ਕਾਂਗਰਸੀ ਆਗੂ ਪੰਜਾਬ ਵਿਚ ਸ਼ਰਾਬ ਮਾਫ਼ੀਆ ਤੇ ਨਸ਼ਿਆਂ ਵਿਰੁੱਧ ਕੈਪਟਨ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਬਾਰੇ ਸਵਾਲਾਂ ਦਾ ਠੋਸ ਜਵਾਬ ਨਾ ਦੇ ਸਕੇ। ਹਾਲਾਂਕਿ ਉਨ੍ਹਾਂ ਨੇ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਹਰ ਵਰਗ ਦਾ ਖਿਆਲ ਰੱਖ ਰਹੀ ਹੈ।
ਸ੍ਰੀ ਢਿੱਲੋਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਲੋਕਾਂ ਪ੍ਰਤੀ ਜਵਾਬਦੇਹ ਬਣਾਉਣ ਲਈ ਯੂਥ ਕਾਂਗਰਸ ਹਰ ਪਲੇਟਫਾਰਮ ’ਤੇ ਡੇਰਾ ਮੁਖੀ ਸਬੰਧੀ ਪੰਜ ਸਵਾਲ ਪੁੱਛੇਗੀ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਸੂਬੇ ਨੂੰ ਹਰਿਆ-ਭਰਿਆ ਬਣਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਵਾਤਾਵਰਨ ਸਾਫ਼ ਰੱਖਿਆ ਜਾ ਸਕੇ।
ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਉਦੈਵੀਰ ਸਿੰਘ, ਸ਼ਹਿਰੀ ਦੇ ਪ੍ਰਧਾਨ ਅੰਗਦ ਦੱਤਾ, ਜ਼ਿਲ੍ਹਾ ਦਿਹਾਤੀ ਜਲੰਧਰ ਦੇ ਪ੍ਰਧਾਨ ਹਨੀ ਜੋਸ਼ੀ ਹਾਜ਼ਰ ਸਨ।