For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਵੱਲੋਂ ਪੰਜਾਬ ਸਣੇ ਚਾਰ ਰਾਜਾਂ ਲਈ ਉਮੀਦਵਾਰਾਂ ਦੇ ਨਾਮ ਤੈਅ

07:41 AM Apr 14, 2024 IST
ਕਾਂਗਰਸ ਵੱਲੋਂ ਪੰਜਾਬ ਸਣੇ ਚਾਰ ਰਾਜਾਂ ਲਈ ਉਮੀਦਵਾਰਾਂ ਦੇ ਨਾਮ ਤੈਅ
Advertisement

ਨਵੀਂ ਦਿੱਲੀ, 13 ਅਪਰੈਲ
ਕਾਂਗਰਸ ਨੇ ਅੱਜ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਦੌਰਾਨ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਦਿੱਲੀ ਦੀਆਂ ਕੁਝ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਮ ਫਾਈਨਲ ਕਰ ਲਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਕਿਹਾ ਕਿ ਪਾਰਟੀ ਨੇ ਸੱਤ ਤੋਂ ਅੱਠ ਸੀਟਾਂ ਲਈ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਹੈ ਜਿਨ੍ਹਾਂ ਬਾਰੇ ਜਲਦੀ ਐਲਾਨ ਕੀਤਾ ਜਾਵੇਗਾ। ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਸੰਸਦੀ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ। ਤਿਵਾੜੀ ਸ੍ਰੀ ਆਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਹਨ। ਹਰਿਆਣਾ ਵਿਚ ਦੀਪੇਂਦਰ ਸਿੰਘ ਹੁੱਡਾ ਤੇ ਕੁਮਾਰੀ ਸ਼ੈਲਜਾ ਨੂੰ ਕ੍ਰਮਵਾਰ ਰੋਹਤਕ ਤੇ ਸਿਰਸਾ ਤੋਂ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿਚ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਮੰਡੀ ਅਤੇ ਵਿਨੋਦ ਸੁਲਤਾਨਪੁਰੀ ਸ਼ਿਮਲਾ ਹਲਕੇ ਤੋਂ ਪਾਰਟੀ ਉਮੀਦਵਾਰ ਹੋਣਗੇ। ਕਾਂਗਰਸ ਨੇ ਅੱਜ ਕੁੱਲ ਮਿਲਾ ਕੇ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਜਲੰਧਰ (ਰਾਖਵੇਂ) ਤੇ ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਪੰਜਾਬ ਵਿਚ ਆਖਰੀ ਗੇੜ ਤਹਿਤ ਪਹਿਲੀ ਜੂਨ ਨੂੰ ਪੋਲਿੰਗ ਹੋਣੀ ਹੈ।
ਵੜਿੰਗ ਨੇ ਐੱਕਸ ’ਤੇ ਇਕ ਪੋਸਟ ਵਿਚ ਲਿਖਿਆ, ‘‘ਕਾਂਗਰਸ ਹੈੱਡਕੁਆਰਟਰ ’ਤੇ ਹੋਈ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਬਹੁਤ ਕਾਰਗਰ ਤੇ ਉਸਾਰੂ ਰਹੀ। ਕਰੀਬ ਸੱਤ ਤੋਂ ਅੱਠ ਸੀਟਾਂ ਲਈ ਸਾਡੇ ਉਮੀਦਵਾਰ ਫਾਈਨਲ ਹੋ ਗਏ ਹਨ ਤੇ ਇਨ੍ਹਾਂ ਦੇ ਨਾਵਾਂ ਬਾਰੇ ਜਲਦੀ ਐਲਾਨ ਕੀਤਾ ਜਾਵੇਗਾ। ਹਰੇਕ ਪੰਜਾਬੀ ਨਰਿੰਦਰ ਮੋਦੀ ਦੀ ਨਫ਼ਰਤ ਦੀ ਸਿਆਸਤ ਨੂੰ ਜੜ੍ਹੋਂ ਪੁੱਟਣ ਲਈ ਮਾਨਸਿਕ ਤੌਰ ’ਤੇ ਤਿਆਰ ਹੈ ਤੇ ਸੰਸਦੀ ਚੋਣਾਂ ਵਿਚ ਭਾਰਤੀ ਨੈਸ਼ਨਲ ਕਾਂਗਰਸ ਲਈ ਵੋਟ ਕਰੇਗਾ।’’ ਹਿਮਾਚਲ ਪ੍ਰਦੇਸ਼ ਲਈ ਕੇਂਦਰੀ ਚੋਣ ਕਮੇਟੀ ਦੀ ਬੈਠਕ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਤੇ ਏਆਈਸੀਸੀ ਜਨਰਲ ਸਕੱਤਰ ਕੇ.ਸੀ.ਵੇਣੂਗੋਪਾਲ ਸ਼ਾਮਲ ਸਨ। ਇਸ ਮੌਕੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ ਤੇ ਏਆਈਸੀਸੀ ਇੰਚਾਰਜ ਰਾਜੀਵ ਸ਼ੁਕਲਾ ਵੀ ਮੌਜੂਦ ਸਨ। ਹਰਿਆਣਾ ਦੀ ਬੈਠਕ ਵਿਚ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਪ੍ਰਧਾਨ ਉਦੈ ਭਾਨ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਰਣਦੀਪ ਸੁਰਜੇਵਾਲਾ ਤੇ ਕੁਮਾਰੀ ਸ਼ੈਲਜਾ ਸ਼ਾਮਲ ਸਨ।
ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਲਈ ਦੋ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਇਕ ਨਾਮ ਵਿਕਰਮਾਦਿੱਤਿਆ ਸਿੰਘ ਦਾ ਹੈ, ਜੋ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਖਿਲਾਫ਼ ਚੋਣ ਮੈਦਾਨ ਵਿਚ ਨਿੱਤਰਨਗੇ। ਪ੍ਰਤਿਭਾ ਸਿੰਘ ਨੇ ਕਿਹਾ ਕਿ ਸਿਫਾਰਸ਼ ਕੀਤੇ ਨਾਵਾਂ ’ਚੋਂ ਅੰਤਿਮ ਫੈਸਲਾ ਪਾਰਟੀ ਹਾਈ ਕਮਾਂਡ ’ਤੇ ਛੱਡਿਆ ਗਿਆ ਸੀ। ਉਨ੍ਹਾਂ ਕਿਹਾ, ‘‘ਸਾਰੇ ਸੀਨੀਅਰ ਆਗੂਆਂ ਦਾ ਮੰਨਣਾ ਸੀ ਕਿ ਐਤਕੀਂ ਮੰਡੀ ਲੋਕ ਸਭਾ ਸੀਟ ਤੋਂ ਨੌਜਵਾਨ ਆਗੂ ਨੂੰ ਮੈਦਾਨ ਵਿਚ ਉਤਾਰਿਆ ਜਾਣਾ ਚਾਹੀਦਾ ਹੈ ਤੇ ਵਿਕਰਮਾਦਿੱਤਿਆ ਸਿੰਘ ਦੇ ਨਾਮ ਨੂੰ ਲੈ ਕੇ ਸਹਿਮਤੀ ਬਣੀ ਹੈ।’’ ਉਪ ਮੁੱਖ ਮੰਤਰੀ ਅਗਨੀਹੋਤਰੀ ਨੇ ਕਿਹਾ ਕਿ ਪਹਿਲਾਂ ਦੋ ਉਮੀਦਵਾਰਾਂ ਦਾ ਨਾਮ ਐਲਾਨੇ ਜਾਣ ਦਾ ਫੈਸਲਾ ਹੋਇਆ ਹੈ ਤੇ ਦੋ ਉਮੀਦਵਾਰ ਬਾਅਦ ਵਿਚ ਐਲਾਨੇ ਜਾਣਗੇ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ, ‘‘ਅਸੀਂ ਆਪਣੇ ਵਿਧਾਇਕਾਂ ਨੂੰ ਵੀ ਚੋਣ ਪਿੜ ਵਿਚ ਉਤਾਰਨ ਦਾ ਫੈਸਲਾ ਕੀਤਾ ਹੈ।’’ ਉਧਰ ਸ਼ੁਕਲਾ ਨੇ ਕਿਹਾ ਕਿ ਪਾਰਟੀ ਨੇ ਹਿਮਾਚਲ ਲਈ ਦੋ ਉਮੀਦਵਾਰਾਂ ਬਾਰੇ ਫੈਸਲਾ ਕਰ ਲਿਆ ਹੈ ਜਦੋਂਕਿ ਦੋ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਜਾਰੀ ਹੈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×